ਲਖੀਮਪੁਰ ਹਿੰਸਾ ਵਿੱਚ ਮਾਰੇ ਗਏ ਕਿਸਾਨਾਂ ਦੀਆਂ ਅਸਥੀਆਂ ਕੀਤੀਆਂ ਗਈਆਂ ਹੁਸੈਨੀਵਾਲਾ ਵਿਖੇ ਜਲ ਪ੍ਰਵਾਹ

ਚੰਡੀਗੜ੍ਹ 22 ਅਕਤੂਬਰ ( ਵਿਸ਼ਵ ਵਾਰਤਾ) ਲਖੀਮਪੁਰ ਖੀਰੀ ਯੂ ਪੀ ਵਿਖੇ ਗੱਡੀਆਂ ਥੱਲੇ ਕੁਚਲ ਕੇ ਸ਼ਹੀਦ ਕੀਤੇ ਗਏ 5 ਕਿਸਾਨਾਂ ਦੀਆਂ ਅਸਥੀਆਂ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ)( ਉਗਰਾਹਾਂ) ਦੀ ਅਗਵਾਈ ਹੇਠ ਸੈਂਕੜੇ ਵਾਹਨਾਂ ‘ਚ ਸਵਾਰ ਕਿਸਾਨ, ਮਜ਼ਦੂਰ, ਔਰਤਾਂ ਅਤੇ ਨੌਜਵਾਨਾਂ ਦੇ ਵਿਸ਼ਾਲ ਕਾਫ਼ਲੇ ਵੱਲੋਂ ਹੁਸੈਨੀਵਾਲਾ ਬਾਰਡਰ ਵਿਖੇ ਸਤਲੁਜ ਦਰਿਆ ਵਿੱਚ ਜਲ ਪ੍ਰਵਾਹ ਕੀਤੀਆਂ ਗਈਆਂ।ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨਾਂ ਦੀਆ ਬਿਲਕੁਲ ਹੱਕੀ ਮੰਗਾਂ ਨੂੰ ਪ੍ਰਵਾਨ ਕਰੇ। ਜਿਨ੍ਹਾਂ ਵਿੱਚ ਲਖੀਮਪੁਰ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਕਾਰ ਦੋਸ਼ੀ ਮੰਤਰੀ ਅਜੈ ਮਿਸ਼ਰਾ ਨੂੰ ਅਹੁਦੇ ਤੋਂ ਬਰਖਾਸਤ ਕਰਨਾ ਅਤੇ ਉਸਦੇ ਮੁੰਡੇ ਅਸ਼ੀਸ਼ ਮਿਸ਼ਰਾ ਨੂੰ ਸ਼ਹੀਦ ਕਿਸਾਨਾਂ ਦੇ ਕਤਲ ਕੇਸ ‘ਚ ਫਾਂਸੀ ਦੀ ਸਜ਼ਾ ਦੇਣਾ, ਤਿੰਨੇ ਖੇਤੀ ਕਾਨੂੰਨ, ਬਿਜਲੀ ਸੋਧ ਬਿੱਲ ਤੇ ਪਰਾਲ਼ੀ ਆਰਡੀਨੈਂਸ ਰੱਦ ਕਰਨਾ, ਲਾਭਕਾਰੀ ਐਮ ਐਸ ਪੀ ‘ਤੇ ਸਾਰੀਆਂ ਫ਼ਸਲਾਂ ਦੀ ਖਰੀਦ ਦੀ ਕਾਨੂੰਨੀ ਗਰੰਟੀ ਕਰਨਾ ਅਤੇ ਜਨਤਕ ਵੰਡ ਪ੍ਰਣਾਲੀ ਮਜ਼ਬੂਤ ਕਰਕੇ ਸਾਰੇ ਗਰੀਬਾਂ ਨੂੰ ਜਿਉਂਦੇ ਰਹਿਣ ਲਈ ਜ਼ਰੂਰੀ ਸਾਰੀਆਂ ਵਸਤਾਂ ਸਸਤੇ ਭਾਅ ਦੇਣ ਦੀ ਗਰੰਟੀ ਕਰਨਾ ਆਦਿ ਸ਼ਾਮਿਲ ਹਨ।






















