ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ‘ਚ ਸੁਣਵਾਈ ਅੱਜ
ਚੰਡੀਗੜ੍ਹ,10ਜਨਵਰੀ(ਵਿਸ਼ਵ ਵਾਰਤਾ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ‘ਚ ਪੰਜਾਬ ਹਰਿਆਣਾ ਹਾਈਕੋਰਟ ਅੱਜ ਮੁੜ ਸੁਣਵਾਈ ਕਰਨ ਜਾ ਰਿਹਾ ਹੈ। ਪਿਛਲੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਐਫਆਈਆਰ ਦਰਜ ਕਰਨ ਅਤੇ ਨਵੀਂ ਜਾਂਚ ਕਮੇਟੀ (ਐਸਆਈਟੀ) ਗਠਿਤ ਕਰਨ ਦੇ ਹੁਕਮ ਦਿੱਤੇ ਸਨ। ਜਿਸ ਤੋਂ ਬਾਅਦ ਪੰਜਾਬ ਸਰਕਾਰ ਇਨ੍ਹਾਂ ਦੋਵਾਂ ਹੁਕਮਾਂ ਦੇ ਮਾਮਲੇ ਵਿੱਚ ਆਪਣਾ ਪੱਖ ਪੇਸ਼ ਕਰੇਗੀ। ਪੰਜਾਬ ਸਰਕਾਰ ਨੇ ਤਿੰਨ ਦਿਨ ਪਹਿਲਾਂ ਜੇਲ੍ਹ ਤੋਂ ਇੰਟਰਵਿਊ ਦੇਣ ਵਾਲੇ ਗੈਂਗਸਟਰ ਲਾਰੈਂਸ ਖ਼ਿਲਾਫ਼ ਪੰਜਾਬ ਵਿੱਚ ਦੋ ਕੇਸ ਦਰਜ ਕੀਤੇ ਹਨ। ਲਾਰੈਂਸ ਅਤੇ ਗੈਂਗ ਦੇ ਮੈਂਬਰਾਂ ਦੇ ਖਿਲਾਫ ਸਟੇਟ ਕ੍ਰਾਈਮ ਬਿਊਰੋ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਹਾਈ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਬਣਾਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੀ ਜਾਂਚ ਨੂੰ ਰੱਦ ਕਰਦਿਆਂ ਨਵੀਂ ਜਾਂਚ ਟੀਮ ਦਾ ਗਠਨ ਕਰ ਦਿੱਤਾ ਸੀ। ਇਸ ਦੀ ਅਗਵਾਈ ਸਪੈਸ਼ਲ ਡੀਜੀਪੀ ਪ੍ਰਬੋਧ ਕੁਮਾਰ ਕਰ ਰਹੇ ਹਨ।
ਪੰਜਾਬ ਸਰਕਾਰ ਵੱਲੋਂ ਅੱਜ ਇਨ੍ਹਾਂ ਦੋਵਾਂ ਮਾਮਲਿਆਂ ਨਾਲ ਸਬੰਧਤ ਰਿਪੋਰਟ ਹਾਈ ਕੋਰਟ ਵਿੱਚ ਪੇਸ਼ ਕਰਕੇ ਅਗਲੀ ਕਾਰਵਾਈ ਬਾਰੇ ਵੀ ਦੱਸਿਆ ਜਾਵੇਗਾ।