ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿੱਚ ਹੋਣ ਲੱਗਾ ‘ਆਇਆ ਰਾਮ ਗਿਆ ਰਾਮ’
ਸੰਸਦ ਮੈਂਬਰਾਂ ਤੇ ਵਿਧਾਇਕਾਂ ਨੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਿਲ ਹੋਣ ਲਈ ਲਾਈ ਦੌੜ
ਚੰਡੀਗੜ੍ਹ, 27 ਮਾਰਚ( ਵਿਸ਼ਵ ਵਾਰਤਾ)- ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿੱਚ ਉੱਥਲ-ਪੁੱਥਲ ਸ਼ੁਰੂ ਹੋ ਚੁੱਕੀ ਹੈ। ਬੀਤੇ ਕੱਲ੍ਹ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਪੁਰਾਣੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ ਤੋਂ ਬਗੈਰ ਚੋਣ ਮੈਦਾਨ ਵਿੱਚ ਉੱਤਰਨ ਦਾ ਐਲਾਨ ਕਰਦੇ ਹੋਏ ਲੰਮੇ ਸਮੇਂ ਤੋਂ ਚੱਲ ਰਹੀਆਂ ਦੋਵਾਂ ਪਾਰਟੀਆਂ ਦੇ ਮੁੜ ਇੱਕਠੇ ਹੋਣ ਦੀਆਂ ਕਿਆਸਰਾਈਆਂ ਨੂੰ ਵਿਰ੍ਹਾਮ ਚਿੰਨ੍ਹ ਲਗਾ ਦਿੱਤਾ। ਜਿਵੇਂ ਹੀ ਭਾਜਪਾ ਪ੍ਰਧਾਨ ਦਾ ਬਿਆਨ ਸਾਹਮਣੇ ਆਇਆ ਉਸ ਤੋਂ ਮਗਰੋਂ ਤਿੰਨ ਵਾਰ ਦੇ ਸੰਸਦ ਮੈਂਬਰ ਅਤੇ ਰਾਹੁਲ ਗਾਂਧੀ ਦੇ ਕਰੀਬੀਆਂ ਵਿੱਚ ਗਿਣੇ ਜਾਂਦੇ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਰਵਨੀਤ ਸਿੰਘ ਬਿੱਟੂ ਨੇ ਭਾਜਪਾ ਦਾ ਪੱਲਾ ਫੜ ਲਿਆ। ਇਸ ਵਿਚਾਲੇ ਪਿਛਲੇ ਦਿਨੀਂ ਭਾਜਪਾ ਵਿੱਚ ਜਾਣ ਦੀਆਂ ਖ਼ਬਰਾਂ ਨੂੰ ਅਫ਼ਵਾਹ ਦੱਸਦੇ ਹੋਏ ਸਿਰੇ ਤੋਂ ਖਾਰਜ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਇਕਲੌਤੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਪਿਛਲੇ ਦਿਨੀਂ ਲੋਕ ਸਭਾ ਚੋਣਾਂ ਲਈ ਪੰਜਾਬ ਦੀਆਂ 13 ਵਿੱਚੋਂ 8 ਸੀਟਾਂ ਤੇ ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਆਪ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਮੌਜੂਦਾ ਸੀਟ ਜਲੰਧਰ ਤੋਂ ਹੀ ਉਮੀਦਵਾਰ ਐਲਾਨਿਆ ਸੀ। ਇਸ ਤੋਂ ਇਲਾਵਾ ਪਾਰਟੀ ਦੇ ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਵੀ ਉਨ੍ਹਾਂ ਦੇ ਨਾਲ ‘ਆਪ’ ਛੱਡ ਭਾਜਪਾ ‘ਚ ਚਲੇ ਗਏ। ਇਸ ਦੇ ਨਾਲ ਹੀ ਜਿਕਰ ਕਰਨਾ ਇਹ ਵੀ ਬਣਦਾ ਹੈ ਕਿ ਕਾਂਗਰਸ ਦੇ ਵਿਧਾਇਕ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਉਪ ਨੇਤਾ ਰਾਜ ਕੁਮਾਰ ਚੱਬੇਵਾਲ ਨੇ ਕਾਂਗਰਸ ਦਾ ਹੱਥ ਛੱਡ ‘ਆਪ’ ਦਾ ਝਾੜੂ ਫੜ ਲਿਆ ਸੀ।