ਲੋਕ ਸਭਾ ਚੋਣਾਂ ਮੁਕੰਮਲ ਹੋਣ ਤੋਂ ਬਾਅਦ ਹੁਣ ਪੰਜਾਬ ‘ਚ ਪੰਚਾਇਤੀ ਚੋਣਾਂ ਦੀ ਤਿਆਰੀ
ਚੰਡੀਗੜ੍ਹ, 10ਜੂਨ(ਵਿਸ਼ਵ ਵਾਰਤਾ)-ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਐਲਾਨ ਕਿਸੇ ਵੀ ਸਮੇਂ ਹੋ ਸਕਦਾ ਹੈ। ਲੋਕ ਸਭਾ ਚੋਣਾਂ ਦੇ ਮੁਕੰਮਲ ਹੋਣ ਦੇ ਨਾਲ ਹੀ ਸੂਬਾ ਸਰਕਾਰ ਨੇ ਪੰਚਾਇਤੀ ਚੋਣਾਂ ਕਰਵਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧੀ ਰਾਜ ਚੋਣ ਕਮਿਸ਼ਨ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਨੂੰ ਅੰਤਿਮ ਵੋਟਰ ਸੂਚੀ ਤਿਆਰ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਹਾਲਾਂਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਪਿੰਡਾਂ ਦੀ ਵਾਰਡਬੰਦੀ ਅਤੇ ਰਾਖਵੇਂਕਰਨ ਸਬੰਧੀ ਪਹਿਲਾਂ ਹੀ ਹੁਕਮ ਜਾਰੀ ਕਰ ਦਿੱਤੇ ਸਨ। ਜ਼ਿਕਰਯੋਗ ਹੈ ਕਿ ਰਾਜ ਵਿੱਚ ਪੰਚਾਇਤਾਂ ਦਾ ਕਾਰਜਕਾਲ ਇਸ ਸਾਲ ਦਸੰਬਰ ਦੇ ਅੰਤ ਵਿੱਚ ਖਤਮ ਹੋ ਗਿਆ ਸੀ। ਇਸ ਤੋਂ ਬਾਅਦ ਪੰਚਾਇਤਾਂ ਦੇ ਪ੍ਰਸ਼ਾਸਨਿਕ ਅਧਿਕਾਰੀ ਵਜੋਂ ਸਾਰੇ ਡੀ.ਸੀ. ਨਿਯੁਕਤ ਕੀਤੇ ਗਏ ਸਨ। ਰਾਜ ਵਿੱਚ ਕੁੱਲ 13241 ਪੰਚਾਇਤਾਂ ਹਨ। ਜਦਕਿ 153 ਬਲਾਕ ਕਮੇਟੀਆਂ ਅਤੇ 23 ਜ਼ਿਲ੍ਹਾ ਪ੍ਰੀਸ਼ਦ ਹਨ। ਉਨ੍ਹਾਂ ਦਾ ਕਾਰਜਕਾਲ 31 ਦਸੰਬਰ 2023 ਨੂੰ ਪੂਰਾ ਹੋਇਆ ਸੀ। ਹੁਣ ਸੂਬਾ ਸਰਕਾਰ ਨੇ ਪੰਚਾਇਤੀ ਚੋਣਾਂ ਕਰਵਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।