ਲੋਕ ਸਭਾ ਚੋਣਾਂ 2024 -ਪੰਜਾਬ ਵਿੱਚ ਨਾਮਜ਼ਦਗੀਆਂ ਦਾ ਅੱਜ ਚੌਥਾ ਦਿਨ
ਪੜ੍ਹੋ , ਕਿਹੜੇ ਆਗੂ ਅੱਜ ਨਾਮਜ਼ਦਗੀ ਪੱਤਰ ਕਰਨਗੇ ਦਾਖਲ
ਚੰਡੀਗੜ੍ਹ,10 ਮਈ(ਵਿਸ਼ਵ ਵਾਰਤਾ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਨਾਮਜ਼ਦਗੀਆਂ ਭਰਨ ਦਾ ਦੌਰ ਜਾਰੀ ਹੈ। ਅੱਜ ਨਾਮਜ਼ਦਗੀਆਂ ਭਰਨ ਦਾ ਚੌਥਾ ਦਿਨ ਹੈ। ਤੀਸਰੇ ਦਿਨ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਲਈ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਪੰਜਾਬ ਵਿੱਚ ਲੋਕ ਸਭਾ ਚੋਣਾਂ 1 ਜੂਨ ਨੂੰ ਹੋਣੀਆਂ ਹਨ ਅਤੇ ਇਸ ਤੋਂ ਪਹਿਲਾਂ ਉਮੀਦਵਾਰ ਨਾਮਜ਼ਦਗੀਆਂ ਦਾਖਲ ਕਰ ਰਹੇ ਹਨ।
ਅੱਜ 18 ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਅੱਜ 4 ਪ੍ਰਮੁੱਖ ਸਿਆਸੀ ਪਾਰਟੀਆਂ ਦੇ ਕੁੱਲ 18 ਉਮੀਦਵਾਰ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਜਾ ਰਹੇ ਹਨ, ਜਿਹਨਾਂ ਵਿੱਚ ਭਾਜਪਾ ਤੋਂ ਇਲਾਵਾ ਕਾਂਗਰਸ, ਆਪ ਅਤੇ ਅਕਾਲੀ ਦਲ ਦੇ ਕਈ ਉਮੀਦਵਾਰ ਸ਼ਾਮਲ ਹਨ। ਭਾਰਤੀ ਜਨਤਾ ਪਾਰਟੀ ਦੇ ਕੁੱਲ 6 ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਸੁਸ਼ੀਲ ਕੁਮਾਰ ਰਿੰਕੂ ਨਾਲ ਨਾਮਜ਼ਦਗੀ ਦਾਖ਼ਲ ਕਰਨ ਲਈ ਸਭ ਤੋਂ ਪਹਿਲਾਂ ਸਵੇਰੇ 11.30 ਵਜੇ ਜਲੰਧਰ ਪਹੁੰਚਣਗੇ। ਇਸ ਤੋਂ ਬਾਅਦ ਸ਼ੇਖਾਵਤ ਹੁਸ਼ਿਆਰਪੁਰ ‘ਚ ਅਨੀਤਾ ਸੋਮਪ੍ਰਕਾਸ਼ ਦੀ ਨਾਮਜ਼ਦਗੀ ਭਰਨਗੇ। ਅੰਤ ਵਿੱਚ ਸ਼ੇਖਾਵਤ ਗੁਰਦਾਸਪੁਰ ਸੀਟ ਤੋਂ ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਦਾ ਨਾਮਜ਼ਦਗੀ ਪੱਤਰ ਦਾਖਲ ਕਰਵਾਉਣਗੇ। ਇਸੇ ਤਰ੍ਹਾਂ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਲੁਧਿਆਣਾ ਸੀਟ ਤੋਂ ਰਵਨੀਤ ਸਿੰਘ ਬਿੱਟੂ ਦਾ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਆਉਣਗੇ। ਭਾਜਪਾ ਦੇ ਸੀਨੀਅਰ ਆਗੂ ਨਰਿੰਦਰ ਰੈਨਾ ਸ੍ਰੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਮਨਜੀਤ ਸਿੰਘ ਮੰਨਾ ਦਾ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਆਉਣਗੇ। ਅਖੀਰ ਭਾਜਪਾ ਦੇ ਸੀਨੀਅਰ ਆਗੂ ਜੈ ਸ਼ੰਕਰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਤਰਨਜੀਤ ਸਿੰਘ ਸੰਧੂ ਦਾ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਆਉਣਗੇ।
ਹੁਸ਼ਿਆਰਪੁਰ ਤੋਂ ‘ਆਪ’ ਉਮੀਦਵਾਰ ਡਾ: ਰਾਜ ਕੁਮਾਰ ਅਤੇ ਕਾਂਗਰਸ ਦੀ ਉਮੀਦਵਾਰ ਯਾਮਿਨੀ ਗੋਮਰ, ਬਠਿੰਡਾ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਅਤੇ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੱਧੂ ਵੀ ਅੱਜ ਨਾਮਜ਼ਦਗੀ ਪੱਤਰ ਭਰਨਗੇ। ਇਸੇ ਤਰ੍ਹਾਂ ਪਟਿਆਲਾ ਤੋਂ ਅਕਾਲੀ ਦਲ ਦੇ ਉਮੀਦਵਾਰ ਐਨਕੇ ਸ਼ਰਮਾ, ਗੁਰਦਾਸਪੁਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਰੰਧਾਵਾ ਵੀ ਅੱਜ ਨਾਮਜ਼ਦਗੀ ਦਾਖ਼ਲ ਕਰਨਗੇ। ਇਸ ਤੋਂ ਇਲਾਵਾ ਫਤਿਹਗੜ੍ਹ ਸਾਹਿਬ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਡਾ: ਅਮਰ ਸਿੰਘ, ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀ.ਪੀ. ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਜਤਿੰਦਰ ਸਿੰਘ ਬਿੱਟੂ ਵੀ ਅੱਜ ਨਾਮਜ਼ਦਗੀ ਦਾਖ਼ਲ ਕਰ ਸਕਦੇ ਹਨ। ਜਲੰਧਰ ‘ਚ ਅੱਜ 4 ਪਾਰਟੀਆਂ ਦੇ ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਜਿਸ ਵਿੱਚ ਪਹਿਲਾ ਨਾਮ ਸੁਸ਼ੀਲ ਰਿੰਕੂ ਦਾ ਹੈ। ਇਸ ਤੋਂ ਇਲਾਵਾ ਜਲੰਧਰ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਇਸ ਦਿਨ ਨਾਮਜ਼ਦਗੀ ਦਾਖਲ ਕਰਨਗੇ। ਅਖੀਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇ.ਪੀ ਵੀ ਅੱਜ ਚੋਣ ਅਧਿਕਾਰੀ ਦੇ ਦਫ਼ਤਰ ਪਹੁੰਚ ਕੇ ਨਾਮਜ਼ਦਗੀ ਦਾਖ਼ਲ ਕਰਨਗੇ। ਇਸ ਤੋਂ ਇਲਾਵਾ ਬਸਪਾ ਉਮੀਦਵਾਰ ਬਲਵਿੰਦਰ ਕੁਮਾਰ ਵੀ ਅੱਜ ਨਾਮਜ਼ਦਗੀ ਦਾਖ਼ਲ ਕਰ ਸਕਦੇ ਹਨ।
ਜ਼ਿਕਰਯੋਗ ਹੈ ਕਿ 7 ਮਈ ਤੋਂ 9 ਮਈ ਤੱਕ 61 ਉਮੀਦਵਾਰਾਂ ਵੱਲੋਂ 68 ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਚੁੱਕੇ ਹਨ।