ਲੋਕ ਸਭਾ ਚੋਣਾਂ 2024-ਭਾਰਤੀ ਜਨਤਾ ਪਾਰਟੀ ਵੱਲੋਂ ਚੋਣ ਮਨੋਰਥ ਪੱਤਰ ਜਾਰੀ
ਚੰਡੀਗੜ੍ਹ, 14ਅਪ੍ਰੈਲ(ਵਿਸ਼ਵ ਵਾਰਤਾ)- ਭਾਰਤੀ ਜਨਤਾ ਪਾਰਟੀ ਨੇ ਅੱਜ ਐਤਵਾਰ ਨੂੰ 2024 ਦੀਆਂ ਲੋਕ ਸਭਾ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਇਸ ਨੂੰ ਭਾਜਪਾ ਦਾ ਸੰਕਲਪ- ਮੋਦੀ ਦੀ ਗਾਰੰਟੀ ਨਾਮ ਦਿੱਤਾ ਗਿਆ ਹੈ। ਇਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇਪੀ ਨੱਡਾ, ਰਾਜਨਾਥ ਸਿੰਘ, ਅਮਿਤ ਸ਼ਾਹ ਅਤੇ ਨਿਰਮਲਾ ਸੀਤਾਰਮਨ ਨੇ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਜਾਰੀ ਕੀਤਾ। ਪ੍ਰਧਾਨ ਮੰਤਰੀ ਨੇ ਵੱਖ-ਵੱਖ ਵਰਗਾਂ ਅਤੇ ਖੇਤਰਾਂ ਦੇ ਲੋਕਾਂ ਨੂੰ ਮੰਚ ‘ਤੇ ਬੁਲਾਇਆ ਅਤੇ ਸੰਕਲਪ ਪੱਤਰ ਦੀ ਪਹਿਲੀ ਕਾਪੀ ਸੌਂਪੀ। ਇਹ ਉਹ ਲੋਕ ਹਨ ਜਿਨ੍ਹਾਂ ਨੂੰ ਮੋਦੀ ਸਰਕਾਰ ਦੀ ਪਿਛਲੀ ਕਿਸੇ ਯੋਜਨਾ ਦਾ ਲਾਭ ਮਿਲਿਆ ਸੀ। ਇਸ ਦੇ ਨਾਲ ਹੀ ਪਿਛਲੇ 10 ਸਾਲਾਂ ਦੇ ਵਾਅਦਿਆਂ ਅਤੇ ਉਨ੍ਹਾਂ ਦੀ ਪੂਰਤੀ ਬਾਰੇ ਵੀਡੀਓ ਵੀ ਜਾਰੀ ਕੀਤੀ ਗਈ। ਭਾਸ਼ਣ ਵਿੱਚ ਪ੍ਰਧਾਨ ਮੰਤਰੀ ਨੇ 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਆਯੁਸ਼ਮਾਨ ਭਾਰਤ ਯੋਜਨਾ ਦਾ ਲਾਭ ਦੇਣ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ- ਤੀਜੇ ਕਾਰਜਕਾਲ ਵਿੱਚ ਹਰ ਵਰਗ ਦੇ ਬਜ਼ੁਰਗਾਂ ਨੂੰ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦਿੱਤਾ ਜਾਵੇਗਾ। ਗਰੀਬਾਂ ਲਈ ਮੁਫਤ ਰਾਸ਼ਨ ਯੋਜਨਾ 2029 ਤੱਕ ਜਾਰੀ ਰਹੇਗੀ। ਨਾਲ ਹੀ 3 ਲੱਖ ਲੋਕਾਂ ਨੂੰ ਘਰ ਦੇਣ ਦਾ ਵਾਅਦਾ ਕੀਤਾ ਗਿਆ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਕਿਹਾ 4 ਜੂਨ ਨੂੰ ਨਤੀਜੇ ਘੋਸ਼ਿਤ ਹੋਣ ਤੋਂ ਤੁਰੰਤ ਬਾਅਦ ਭਾਜਪਾ ਦੇ ‘ਸੰਕਲਪ ਪੱਤਰ’ ‘ਤੇ ਕੰਮ ਸ਼ੁਰੂ ਹੋ ਜਾਵੇਗਾ।