ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ : ਵੋਟਾਂ ਦੀ ਗਿਣਤੀ ਪ੍ਰਕਿਰਿਆ ਸ਼ੁਰੂ
ਚੰਡੀਗੜ੍ਹ, 26 ਜੂਨ(ਵਿਸ਼ਵ ਵਾਰਤਾ)ਬੀਤੀ 23 ਜੂਨ ਨੂੰ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਅੱਜ (26 ਜੂਨ ਨੂੰ) ਹੋਣ ਵਾਲੀ ਗਿਣਤੀ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਵੋਟਾਂ ਦੀ ਗਿਣਤੀ ਇਸ ਸਮੇਂ ਜਾਰੀ ਹੈ।
ਦੱਸ ਦੱਈਏ ਕਿ ਲੋਕ ਸਭਾ ਹਲਕੇ `ਚ ਪੈਂਦੇ ਸੰਗਰੂਰ ਜ਼ਿਲ੍ਹੇ ਦੇ 5 ਵਿਧਾਨ ਸਭਾ ਹਲਕਿਆਂ ਦੇ ਨਾਲ-ਨਾਲ ਮਲੇਰਕੋਟਲਾ ਵਿਧਾਨ ਸਭਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਵੀ ਦੇਸ਼ ਭਗਤ ਕਾਲਜ ਬਰੜਵਾਲ, ਧੂਰੀ ਵਿਖੇ ਬਣਾਏ ਗਏ ਵੱਖ-ਵੱਖ ਕਾਉਂਟਿੰਗ ਹਾਲਾਂ `ਚ ਕਰਵਾਈ ਜਾਵੇਗੀ।
ਵੋਟਾਂ ਦੀ ਗਿਣਤੀ ਪ੍ਰਕਿਰਿਆ ਸਵੇਰੇ 8 ਵਜੇ ਤੋਂ ਆਰੰਭ ਹੋ ਚੁੱਕੀ ਹੈ। ਹਰੇਕ ਗਿਣਤੀ ਕੇਂਦਰ ਵਿੱਚ 14 ਟੇਬਲ ਲਗਾਏ ਗਏ ਹਨ ਅਤੇ ਸਮੂਹ ਚੋਣ ਅਮਲੇ ਨੂੰ ਸ਼ਨਾਖਤੀ ਕਾਰਡ ਜਾਰੀ ਕੀਤੇ ਗਏ ਹਨ ਅਤੇ ਸ਼ਨਾਖਤੀ ਕਾਰਡਾਂ ਤੋਂ ਬਿਨਾਂ ਕਿਸੇ ਵੀ ਵਿਅਕਤੀ ਦਾ ਦਾਖਲਾ ਨਹੀਂ ਹੋ ਸਕੇਗਾ। ਸਮੁੱਚੀ ਗਿਣਤੀ ਪ੍ਰਕਿਰਿਆ ਦੀ ਬਕਾਇਦਾ ਵੀਡੀਓਗ੍ਰਾਫੀ ਕਰਵਾਈ ਜਾਵੇਗੀ।























