ਵਧੀਕ ਡਿਪਟੀ ਕਮਿਸ਼ਨਰ ਨੇ ਖੋਜੇਵਾਲ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
ਪਿੰਡਾ ਦੇ ਵਿਕਾਸ ਕੰਮਾਂ ਦੀ ਕੀਤੀ ਸਮੀਖਿਆ
ਅਧਿਕਾਰੀਆਂ ਨੂੰ ਕੰਮ ਦੀ ਗੁਣਵੱਤਾ ਵੱਲ ਵਿਸ਼ੇਸ਼ ਤਵੱਜ਼ੋਂ ਦੇਣ ਦੇ ਹੁਕਮ
ਕਪੂਰਥਲਾ, 24 ਫਰਵਰੀ (ਵਿਸ਼ਵ ਵਾਰਤਾ) ਵਧੀਕ ਡਿਪਟੀ ਕਮਿਸ਼ਨਰ ਜਨਰਲ ਕਪੂਰਥਲਾ ਸ੍ਰੀ ਸਾਗਰ ਸੇਤੀਆ ਵਲੋਂ ਅੱਜ ਪਿੰਡ ਖੋਜੇਵਾਲ ਦਾ ਦੌਰਾ ਕਰ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਉਨ੍ਹਾਂ ਦੇ ਨਿਪਟਾਰੇ ਲਈ ਸਬੰਧਿਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ ਕਪੂਰਥਲਾ ਸ੍ਰੀ ਲਾਲ ਵਿਸ਼ਵਾਸ ਬੈਂਸ ਵੀ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਕੋਲ ਜਾ ਕਰਨ ਦੇ ਮਕਸਦ ਨਾਲ ਜਿੱਥੇ ਲੋਕਾਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ,ਉਥੇ ਹੀ ਉੱਚ ਅਧਿਕਾਰੀਆਂ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਸਮਾਂਬੱਧ ਢੰਗ ਨਾਲ ਨਿਪਟਾਰੇ ਲਈ ਹਾਜ਼ਰ ਸਬੰਧਿਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਲਈ ਲੋੜੀਂਦੇ ਹੁਕਮ ਵੀ ਜਾਰੀ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਵਿਕਾਸ ਕੰਮਾਂ ਨੂੰ ਤੇਜ ਕਰਨ ਦੇ ਨਾਲ-ਨਾਲ ਲੋਕ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਬਿਨੈਕਾਰ ਤੱਕ ਪੁੱਜਦਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ ਵਲੋਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਪਿੰਡਾਂ ਅੰਦਰ ਚੱਲ ਰਹੇ ਵਿਕਾਸ ਕੰਮਾਂ ਵਿਚ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।
ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਤੇ ਪਿੰਡ ਵਾਸੀਆਂ ਨੂੰ ਨਿਗਰਾਨ ਦੀ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਹ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਸਰਗਰਮ ਭੂਮਿਕਾ ਨਿਭਾਉਣ।
ਕੈਪਸ਼ਨ- ਪਿੰਡ ਖੋਜੇਵਾਲ ਵਿਖੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ,ਨਾਲ ਐਸ.ਡੀ.ਐਮ ਸ੍ਰੀ ਲਾਲ਼ ਵਿਸ਼ਵਾਸ ਬੈਂਸ।