ਵਸੀਕਾ ਨਵੀਸ ਤੇ ਉਸ ਦਾ ਸਹਾਇਕ 225000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਚੰਡੀਗੜ੍ਹ, 22 ਮਈ, 2024 (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਬ ਡਵੀਜ਼ਨ ਕਾਦੀਆਂ, ਜ਼ਿਲ੍ਹਾ ਗੁਰਦਾਸਪੁਰ ਵਿਖੇ ਕੰਮ ਕਰਦੇ ਕੰਵਰਪਾਲ ਸਿੰਘ (ਕੇ.ਪੀ.) ਵਸੀਕਾ ਨਵੀਸ (ਡੀਡ ਰਾਈਟਰ) ਅਤੇ ਉਸਦੇ ਸਹਾਇਕ ਨੂੰ 225000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਵਸੀਕਾ ਨਵੀਸ ਅਤੇ ਉਸ ਦੇ ਨਿੱਜੀ ਸਹਾਇਕ ਨੂੰ ਕੁਲਵੰਤ ਸਿੰਘ ਵਾਸੀ ਪਿੰਡ ਸ਼ੇਰਪੁਰ, ਤਹਿਸੀਲ ਬਟਾਲਾ, ਜ਼ਿਲ੍ਹਾ ਗੁਦਾਸਪੁਰ (ਮੌਜੂਦਾ ਸਮੇਂ ਬਰਤਾਨੀਆ ਨਿਵਾਸੀ) ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਵਸੀਕਾ ਨਵੀਸ ਨੇ ਉਸਦੀ ਜੱਦੀ ਜ਼ਮੀਨ ਦੀ ਮਲਕੀਅਤ (ਇੰਤਕਾਲ) ਉਸਦੇ ਨਾਂ ਕਰਵਾਉਣ ਬਦਲੇ ਉਸ ਕੋਲੋਂ 225000 ਰੁਪਏ ਦੀ ਰਿਸ਼ਵਤ ਲਈ ਸੀ। ਇਸ ਤੋਂ ਇਲਾਵਾ ਉਸ ਦੇ ਦਫ਼ਤਰ ਵਿੱਚ ਕੰਮ ਕਰਦੇ ਟਾਈਪਿਸਟ ਸੰਨੀ ਨੇ ਵੀ ਉਕਤ ਇੰਤਕਾਲ ਦਰਜ ਕਰਵਾਉਣ ਲਈ ਉਸ ਤੋਂ 70,000 ਰੁਪਏ ਦੀ ਮੰਗ ਕੀਤੀ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਉਕਤ ਵਸੀਕਾ ਨਵੀਸ ਨੇ ਉਕਤ ਸ਼ਿਕਾਇਤਕਰਤਾ ਤੋਂ ਤਿੰਨ ਕਿਸ਼ਤਾਂ ਵਿੱਚ 225000 ਰੁਪਏ ਦੀ ਰਿਸ਼ਵਤ ਲਈ ਹੈ। ਇਸ ਤੋਂ ਇਲਾਵਾ ਉਸ ਦੇ ਨਿੱਜੀ ਸਹਾਇਕ ਸੰਨੀ ਨੇ ਸ਼ਿਕਾਇਤਕਰਤਾ ਤੋਂ 70,000 ਰੁਪਏ ਦੀ ਮੰਗ ਕੀਤੀ ਸੀ। ਜਾਂਚ ਤੋਂ ਬਾਅਦ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਇਸ ਮੁਕੱਦਮੇ ਵਿੱਚ ਸਬੰਧਤ ਹਲਕਾ ਪਟਵਾਰੀ ਅਤੇ ਨਾਇਬ ਤਹਿਸੀਲਦਾਰ ਦੀ ਭੂਮਿਕਾ ਦੀ ਜਾਂਚ ਵੀ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।