ਚੰਡੀਗੜ, 21 ਅਗਸਤ – ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਬੀਤੇ ਦਿਨੀਂ ਉਹਨਾਂ ਦੀ ਪਾਕਿਸਤਾਨ ਫੇਰੀ ਬਾਰੇ ਗੱਲ ਕਰਦਿਆਂ ਕਿਹਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪਾਈ ਅਤੇ ਮੌਜੂਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਪਾਕਿਸਤਾਨ ਗਏ ਸਨ।
ਅੱਜ ਪੱਤਰਕਾਰ ਸੰਮੇਲਨ ਦੌਰਾਨ ਉਹਨਾਂ ਕਿਹਾ ਕਿ ਮੈਂ ਗੁੱਡਵਿਲ ਅੰਬੈਸਡਰ ਬਣ ਕੇ ਪਾਕਿਸਤਾਨ ਗਿਆ ਸੀ। ਉਹਨਾਂ ਕਿਹਾ ਕਿ ਮੇਰੇ ਦੋਸਤ ਤੇ ਸਾਬਕਾ ਕ੍ਰਿਕਟਰ ਇਮਰਾਨ ਖਾਨ ਦੇ ਪ੍ਰਧਾਨ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿਚ ਮੈਨੂੰ ਵਿਸ਼ੇਸ਼ ਤੌਰ ਤੇ ਸੱਦਾ ਦਿੱਤਾ ਗਿਆ ਸੀ। ਉਹਨਾਂ ਕਿਹਾ ਕਿ ਮੈਨੂੰ ਪਾਕਿਸਤਾਨ ਵਿਚ ਬਹੁਤ ਪਿਆਰ ਮਿਲਿਆ।
ਇਸ ਤੋਂ ਉਹਨਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਪਾਈ ਜੱਫੀ ਬਾਰੇ ਸਪਸ਼ਟੀਕਰਨ ਦਿੰਦਿਆਂ ਕਿਹਾ ਕਿ ਉਹਨਾਂ ਨੇ ਮੇਰੇ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਮੌਕੇ ਕਰਤਾਰਪੁਰ ਲਾਂਘੇ ਦੀ ਗੱਲ ਕੀਤੀ ਸੀ, ਜਿਸ ਕਰਕੇ ਮੈਂ ਉਹਨਾਂ ਨੂੰ ਜੱਫੀ ਪਾ ਕੇ ਮਿਲਿਆ।
ਦੱਸਣਯੋਗ ਹੈ ਕਿ ਸਿੱਧੂ ਦੀ ਪਾਕਿਸਤਾਨ ਫੇਰੀ ਨੂੰ ਲੈ ਕੇ ਵਿਰੋਧੀਆਂ ਵੱਲੋਂ ਉਹਨਾਂ ਉਤੇ ਤਿੱਖੇ ਹਮਲੇ ਕੀਤੇ ਗਏ। ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਖਿਆ ਸੀ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਪਾਕਿਸਤਾਨ ਦੇ ਸੈਨਾ ਮੁਖੀ ਨੂੰ ਗਲਵੱਕੜੀ ਪਾਉਣਾ ਚੰਗਾ ਸੰਕੇਤ ਨਹੀਂ ਸੀ ਅਤੇ ਇਹ ਪੂਰੀ ਤਰਾਂ ਟਾਲਣਯੋਗ ਸੀ।