ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਸਮਰਥਕਾਂ ਨੇ ਘੇਰਿਆ ਅਜਨਾਲਾ ਦਾ ਥਾਣਾ,ਮਾਹੌਲ ਤਣਾਅਪੁੂਰਨ
ਚੰਡੀਗੜ੍ਹ 23 ਫਰਵਰੀ(ਵਿਸ਼ਵ ਵਾਰਤਾ ਬਿਓਰੋ)- ‘ਵਾਰਿਸ ਪੰਜਾਬ ਦੇ’ ਜੱਥਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਤੂਫਾਨ ਸਿੰਘ ਦੀ ਗ੍ਰਿਫਤਾਰੀ ਦੇ ਵਿਰੋਧ ਵਿਚ ਜੱਥੇਬੰਦੀ ਦੇ ਸਮਰਥਕ ਸੜਕਾਂ ‘ਤੇ ਉਤਰ ਆਏ ਹਨ। ਅੰਮ੍ਰਿਤਸਰ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਗੁੱਸੇ ਵਿੱਚ ਆਏ ਲੋਕਾਂ ਨੇ ਬੰਦੂਕਾਂ, ਤਲਵਾਰਾਂ ਅਤੇ ਲਾਠੀਆਂ ਨਾਲ ਥਾਣੇ ਦਾ ਘਿਰਾਓ ਕੀਤਾ ਹੈ। ਜਦੋਂ ਪੁਲੀਸ ਨੇ ਉਨ੍ਹਾਂ ਨੂੰ ਰੋਕਣ ਲਈ ਬੈਰੀਕੇਡ ਲਾਏ ਤਾਂ ਉਹ ਉਸ ਨੂੰ ਤੋੜ ਕੇ ਥਾਣੇ ਅੰਦਰ ਦਾਖ਼ਲ ਹੋ ਗਏ। ਮੌਕੇ ‘ਤੇ ਹੰਗਾਮਾ ਜਾਰੀ ਹੈ। ਜਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਅੱਜ ਸਵੇਰੇ 11 ਵਜੇ ਆਪਣੇ ਸਮਰਥਕਾਂ ਨੂੰ ਅਜਨਾਲਾ ਪਹੁੰਚਣ ਲਈ ਕਿਹਾ ਸੀ। ਇਸ ਤੋਂ ਬਾਅਦ ਇੱਥੇ ਭੀੜ ਇਕੱਠੀ ਹੋ ਗਈ। ਸਥਿਤੀ ਦੀ ਗੰਭੀਰਤਾ ਨੂੰ ਸਮਝਦਿਆਂ ਪੁਲਿਸ ਵੀ ਸਰਗਰਮ ਹੋ ਗਈ ਅਤੇ ਉਨ੍ਹਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਚੁੱਕਣਾ ਸ਼ੁਰੂ ਕਰ ਦਿੱਤਾ। ਇਸ ਨਾਲ ਮਾਹੌਲ ਗਰਮ ਹੋ ਗਿਆ।
ਹੰਗਾਮਾ ਹੋਣ ਦੀ ਸੂਚਨਾ ਮਿਲਦੇ ਹੀ ਅੰਮ੍ਰਿਤਪਾਲ ਵੀ ਥਾਣਾ ਅਜਨਾਲਾ ਪਹੁੰਚ ਗਿਆ ਹੈ। ਇੱਥੇ ਆ ਕੇ ਉਨ੍ਹਾਂ ਨੇ ਐਸਐਸਪੀ ਸਤਿੰਦਰ ਸਿੰਘ ਨਾਲ ਮੀਟਿੰਗ ਕੀਤੀ। ਜਿਸ ਤੋਂ ਬਾਅਦ ਪੁਲਿਸ ਨੂੰ ਤੂਫਾਨ ਸਿੰਘ ਨੂੰ ਰਿਹਾਅ ਕਰਨ ਲਈ ਇੱਕ ਘੰਟੇ ਦਾ ਸਮਾਂ ਦਿੱਤਾ ਗਿਆ ਹੈ। ਇਸ ਦੌਰਾਨ ਉਹ ਆਪਣੇ ਸਮਰਥਕਾਂ ਦੇ ਨਾਲ ਥਾਣੇ ਦੇ ਬਾਹਰ ਖੜ੍ਹਾ ਹੈ।