ਵਿਜੀਲੈਂਸ ਨੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਤੇ ਕੱਸਿਆ ਸ਼ਿਕੰਜਾ, ਕੀਤਾ ਤਲਬ
ਚੰਡੀਗੜ੍ਹ,22ਫਰਵਰੀ(ਵਿਸ਼ਵ ਵਾਰਤਾ)- ਵਿਜੀਲੈਂਸ ਨੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨੂੰ ਤਲਬ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ 24 ਫਰਵਰੀ ਨੂੰ ਬ੍ਰਹਮ ਮਹਿੰਦਰਾ ਤੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਮੁਹਾਲੀ ਦੇ ਵਿਜੀਲੈਂਸ ਦਫ਼ਤਰ ਵਿੱਚ ਪੁੱਛਗਿੱਛ ਕੀਤੀ ਜਾਵੇਗੀ। ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮਹਿੰਦਰਾ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਪਿਛਲੇ 6 ਸਾਲਾਂ ਵਿੱਚ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਪੈਸਾ ਖਰਚ ਕੀਤਾ ਹੈ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਪੰਜਾਬ ਮੰਤਰੀ ਮੰਡਲ ਵਿੱਚ ਮਹਿੰਦਰਾ ਸੀਨੀਆਰਤਾ ਵਿੱਚ ਦੂਜੇ ਨੰਬਰ ’ਤੇ ਸਨ। ਉਨ੍ਹਾਂ ਨੇ 2017 ‘ਚ ਅਹੁਦੇ ਦੀ ਸਹੁੰ ਚੁੱਕੀ ਸੀ। ਉਹ 2022 ਤੱਕ ਸਿਹਤ, ਸਥਾਨਕ ਸੰਸਥਾਵਾਂ, ਮੈਡੀਕਲ ਸਿੱਖਿਆ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਰਹੇ।
ਵਿਜੀਲੈਂਸ ਨੇ ਮਹਿੰਦਰਾ ਦੇ ਨਿਊ ਚੰਡੀਗੜ੍ਹ ਸਥਿਤ ਫਾਰਮ ਹਾਊਸ ਅਤੇ ਹੋਰ ਜਾਇਦਾਦਾਂ ਦਾ ਰਿਕਾਰਡ ਚੈੱਕ ਕਰਨ ਲਈ ਮਾਲ ਅਧਿਕਾਰੀਆਂ ਨੂੰ ਵੀ ਪੱਤਰ ਲਿਖਿਆ ਹੈ। ਵਿਜੀਲੈਂਸ ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵਿੱਚ ਤਾਇਨਾਤ ਇੱਕ ਅਧਿਕਾਰੀ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ, ਜਿਸ ਨੇ ਮਹਿੰਦਰਾ ਨਾਲ ਵਿਸ਼ੇਸ਼ ਤੌਰ ‘ਤੇ ਡਿਊਟੀ ਲਗਵਾ ਕੇ ਕੰਮ ਕੀਤਾ ਸੀ।























