ਚੰਡੀਗੜ੍ਹ, 16 ਮਾਰਚ (ਵਿਸ਼ਵ ਵਾਰਤਾ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਗੁਰਦਾਸਪੁਰ ਤੇ ਪਠਾਨਕੋਟ ਵਿਖੇ ਤਾਇਨਾਤ ਜਨਰਲ ਮੈਨੇਜਰ ਕਮ ਮਾਈਨਿੰਗ ਅਫਸਰ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਗੁਰਦਾਸਪੁਰ ਤੇ ਪਠਾਨਕੋਟ ਵਿਖੇ ਤਾਇਨਾਤ ਜਨਰਲ ਮੈਨੇਜਰ ਕਮ ਮਾਈਨਿੰਗ ਅਫਸਰ ਸੁਭਾਸ਼ ਚੰਦਰ ਨੂੰ ਸ਼ਿਕਾਇਤਕਰਤਾ ਆਤਿਸ਼ ਮਹਾਜਨ ਵਾਸੀ ਇੰਦਰਾ ਕਲੋਨੀ, ਜਿਲਾ ਪਠਾਨਕੋਟ ਦੀ ਸ਼ਿਕਾਇਤ ‘ਤੇ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਮਾਈਨਿੰਗ ਅਫਸਰ ਵਲੋਂ ਸਟੋਨ ਕਰੱਸ਼ਰ ਨੂੰ ਚਾਲੂ ਰੱਖਣ ਬਦਲੇ 50,000 ਰੁਪਏ ਦੀ ਮੰਗ ਕੀਤੀ ਹੈ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਮਾਈਨਿੰਗ ਅਫਸਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।
ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅੰਮ੍ਰਿਤਸਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।