ਵਿਜੀਲੈਂਸ ਵੱਲੋਂ ਸਾਬਕਾ ਮੰਤਰੀਆਂ ਖਿਲਾਫ ਮੁਹਿੰਮ ਜਾਰੀ
ਹੁਣ ਇਸ ਸਾਬਕਾ ਮੰਤਰੀ ਤੇ ਕੱਸਿਆ ਸ਼ਿਕੰਜਾ
ਪੜ੍ਹੋ, ਕਦੋਂ ਹੋਵੇਗੀ ਪੁੱਛਗਿੱਛ
ਚੰਡੀਗੜ੍ਹ,15ਮਾਰਚ(ਵਿਸ਼ਵ ਵਾਰਤਾ)ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਮੁਹਿੰਮ ਜਾਰੀ ਹੈ। ਜਿਸ ਦੇ ਤਹਿਤ ਕਈ ਸਾਬਕਾ ਮੰਤਰੀਆਂ ਤੇ ਵੀ ਕਾਰਵਾਈ ਕੀਤੀ ਜਾ ਰਹੀ ਹੈ। ਹੁਣ ਵਿਜੀਲੈਂਸ ਨੇ ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸੀ ਲੀਡਰ ਵਿਜੇ ਇੰਦਰ ਸਿੰਗਲਾ ਖਿਲਾਫ ਸ਼ਿਕੰਜਾ ਕੱਸ ਦਿੱਤਾ ਹੈ। ਵਿਜੀਲੈਂਸ ਨੇ ਸਿੰਗਲਾ ਨੂੰ ਉਨ੍ਹਾਂ ਦੀ ਜਾਇਦਾਦ ਤੇ ਆਮਦਨ ਦੇ ਸ੍ਰੋਤਾਂ ਬਾਰੇ ਪੁੱਛ-ਪੜਤਾਲ ਲਈ 17 ਮਾਰਚ ਨੂੰ ਸੰਗਰੂਰ ਵਿਖੇ ਤਲਬ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਵਿਜੇ ਇੰਦਰ ਸਿੰਗਲਾ ਦੇ ਕੁਝ ਭਰੋਸੇਮੰਦ ਲੋਕਾਂ ਨੂੰ ਕੁਝ ਸਮਾਂ ਪਹਿਲਾਂ ਸੰਗਰੂਰ ਵਿਜੀਲੈਂਸ ਬਿਊਰੋ ਦੇ ਦਫਤਰ ਬੁਲਾਇਆ ਗਿਆ ਸੀ। ਇਸ ਦੌਰਾਨ ਪੰਜਾਬ ਵਿੱਚ ਕਾਂਗਰਸ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੇ ਰੋਲ ਬਾਰੇ ਪੁੱਛਗਿੱਛ ਕੀਤੀ ਗਈ ਸੀ। ਉਨ੍ਹਾਂ ਤੋਂ ਕਾਂਗਰਸ ਸਰਕਾਰ ਦੇ ਕਾਰਜਕਾਲ ਤੋਂ ਪਹਿਲਾਂ ਤੇ ਬਾਅਦ ਵਿੱਚ ਜਾਇਦਾਦ ਦੀ ਜਾਣਕਾਰੀ ਮੰਗੀ ਗਈ ਸੀ। ਵਿਜੀਲੈਂਸ ਵਿਭਾਗ ਦੇ ਸੂਤਰਾਂ ਨੇ ਦੱਸਿਆ ਕਿ ਉਹ ਲੋਕ ਨਿਰਮਾਣ ਵਿਭਾਗ ਤੇ ਸਿੱਖਿਆ ਵਿਭਾਗ ਵਿੱਚ ਅਲਾਟ ਹੋਏ ਟੈਂਡਰਾਂ ਤੇ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਜਾਇਦਾਦ ਦੇ ਆਮਦਨ ਦੇ ਸ੍ਰੋਤਾਂ ਤੇ ਸੰਗਰੂਰ ਹਲਕੇ ਦੇ ਵਿਕਾਸ ਲਈ ਖਰਚੇ ਗਏ ਫੰਡਾਂ ਸਬੰਧੀ ਸਵਾਲ ਤਿਆਰ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਵਿਜੇ ਇੰਦਰ ਸਿੰਗਲਾ ਮੰਤਰੀ ਸਨ ਤਾਂ ਵਿਰੋਧੀ ਪਾਰਟੀਆਂ ਦੇ ਵੱਖ-ਵੱਖ ਆਗੂਆਂ ਨੇ ਲੋਕ ਨਿਰਮਾਣ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਸਨ।