
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੰਗਰ ਲਈ ਰਾਸ਼ਨ ਖਰੀਦਣ ਵਾਸਤੇ ਖਰਚੇ ਜਾਣਗੇ ਪੈਸੇ
ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇ ਚੁੱਕੇ ਨੇ ਇਕ ਮਹੀਨੇ ਦੀ ਤਨਖ਼ਾਹ
ਫ਼ਤਹਿਗੜ੍ਹ ਸਾਹਿਬ, 30 ਮਾਰਚ( ਵਿਸ਼ਵ ਵਾਰਤਾ)-ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਲੋੜਵੰਦਾਂ ਤੱਕ ਤਿਆਰ ਕੀਤਾ ਖਾਣਾ ਪੁੱਜਦਾ ਕੀਤਾ ਜਾ ਰਿਹਾ ਹੈ। ਹਲਕਾ ਫ਼ਤਹਿਗੜ੍ਹ ਸਾਹਿਬ ਦੇ ਲੋੜਵੰਦ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਏ ਜਾ ਰਹੇ ਤਿਆਰ ਖਾਣੇ ਲਈ ਰਾਸ਼ਨ ਲੈਣ ਵਾਸਤੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਪਣੀ ਕਿਰਤ ਕਮਾਈ ਵਿੱਚੋਂ ਇੱਕ ਲੱਖ ਰੁਪਏ ਦਾ ਚੈੱਕ ਸੌਂਪਿਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਉਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ 01 ਮਹੀਨੇ ਦੀ ਤਨਖ਼ਾਹ ਦੇ ਚੁੱਕੇ ਹਨ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਨੂੰ ਚੈੱਕ ਸੌਂਪਣ ਉਪਰੰਤ ਸ. ਨਾਗਰਾ ਨੇ ਰਾਸ਼ਨ ਜਾਂ ਤਿਆਰ ਖਾਣਾ ਵੰਡਣ ਦੀ ਸੇਵਾ ਕਰਨ ਦੇ ਚਾਹਵਾਨ ਵਿਅਕਤੀਆਂ ਤੇ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਪ੍ਰਸ਼ਾਸਨ ਦੀ ਮਨਜ਼ੂਰੀ ਲਏ ਬਿਨਾਂ ਅਜਿਹਾ ਨਾ ਕੀਤਾ ਜਾਵੇ। ਉਨ੍ਹਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਿਹਾ ਕਿ ਜਿੱਥੇ ਕਿਤੇ ਵੀ ਤਿਆਰ ਖਾਣਾ ਜਾਂ ਹੋਰ ਲੋੜੀਂਦਾ ਸਾਮਾਨ ਵੰਡਿਆ ਜਾਂਦਾ ਹੈ, ਉਥੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।
ਹਲਕਾ ਵਿਧਾਇਕ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਹਾਲੇ ਤੱਕ ਕੋਰੋਨਾ ਵਾਇਰਸ ਸਬੰਧੀ ਇਕ ਵੀ ਕੇਸ ਸਾਹਮਣੇ ਨਹੀਂ ਆਇਆ। ਇਸ ਲਈ ਲੋਕ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਦੀ ਇਨ ਬਿਨ ਪਾਲਣਾ ਯਕੀਨੀ ਬਨਾਉਣ ਤੇ ਘਰਾਂ ਵਿੱਚ ਰਹਿ ਕੇ ਹੀ ਇਸ ਬਿਮਾਰੀ ਨੂੰ ਠੱਲ੍ਹਣ ਵਿੱਚ ਸਰਕਾਰ ਨੂੰ ਸਹਿਯੋਗ ਦੇਣ। ਉਨ੍ਹਾਂ ਨੇ ਕਰਫਿਊ ਦੌਰਾਨ ਲੋਕਾਂ ਦੇ ਘਰਾਂ ਤੱਕ ਸਾਰਾ ਲੋੜੀਂਦਾ ਸਾਮਾਨ ਪੁੱਜਦਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਸ਼ਲਾਘਾ ਵੀ ਕੀਤੀ।
ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ, ਵਧੀਕ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਐਸ.ਪੀ. (ਜਾਂਚ) ਹਰਪਾਲ ਸਿੰਘ, ਐਸ.ਡੀ.ਐਮ. ਡਾ. ਸੰਜੀਵ ਕੁਮਾਰ ਹਾਜ਼ਰ ਸਨ।





















