ਵਿਧਾਇਕ ਕੁਲਵੰਤ ਸਿੰਘ ਨੇ ਬਲੌਂਗੀ ਵਿਖੇ ਕੀਤਾ ਟਿਊਬਵੈੱਲ ਦਾ ਉਦਘਾਟਨ
‘ਆਪ’ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਕਰੇਗੀ ਪੂਰਾ- ਕੁਲਵੰਤ ਸਿੰਘ
ਲੋਕਾਂ ਦੀਆਂ ਸਥਾਨਕ ਸਮੱਸਿਆਵਾਂ ਨੂੰ ਹੱਲ ਕਰਨ ਦਾ ਦਿੱਤਾ ਭਰੋਸਾ
ਚੰਡੀਗੜ੍ਹ, 8 ਮਈ(ਵਿਸ਼ਵ ਵਾਰਤਾ) ਹਲਕਾ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਸਥਾਨਕ ਲੋਕਾਂ ਨਾਲ ਕੀਤੇ ਹੋਏ ਵਾਅਦੇ ਨੂੰ ਪੂਰਾ ਕਰਦਿਆਂ ਬਲੌਂਗੀ ਵਿਖੇ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦਾ ਉਦਘਾਟਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਕੁਲਵੰਤ ਸਿੰਘ ਵਿਧਾਇਕ ਹਲਕਾ ਮੁਹਾਲੀ ਨੂੰ ਪਿਛਲੇ ਦਿਨਾਂ ‘ਚ ਬਲੌਂਗੀ ਵਿਖੇ ਪੀਣ ਵਾਲੇ ਪਾਣੀ ਦੀ ਆ ਰਹੀ ਕਮੀ ਦੀ ਸ਼ਿਕਾਇਤ ਫੋਨ ਕਾਲ ਰਾਹੀਂ ਪ੍ਰਾਪਤ ਹੋਈ ਸੀ। ਮਿਲੀ ਸ਼ਿਕਾਇਤ ਤੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਪੀਣ ਵਾਲੇ ਪਾਣੀ ਦਾ ਟਿਊਬਵੈੱਲ ਲਗਾ ਕੇ ਲੋਕਾਂ ਦੀ ਵੱਡੀ ਸਮੱਸਿਆ ਨੂੰ ਹੱਲ ਕੀਤਾ ਹੈ। ਇਸ ਦੌਰਾਨ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ। ਇਸ ਮੌਕੇ ਪਿੰਡ ਦੇ ਸਰਪੰਚ,ਪੰਚ ਅਤੇ ਪਿੰਡ ਵਾਸੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।
ਇਸ ਦੌਰਾਨ ਕੁਲਵੰਤ ਸਿੰਘ ਨੇ ਕਿਹਾ ਕਿ ਗਰਮੀਆਂ ਦੌਰਾਨ ਪੀਣ ਵਾਲੇ ਪਾਣੀ ਦੀ ਕਮੀ ਨੂੰ ਪੂਰਾ ਕਰਨ ਲਈ ਦੋ ਹੋਰ ਟਿਊਬਵੈੱਲ ਲਗਾਏ ਜਾਣਗੇ ਅਤੇ ਫਿਰਨੀ ਦੀ ਸੜਕ ਨੂੰ ਵੀ ਜਲਦ ਹੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਪੂਰਾ ਸਹਿਯੋਗ ਦੇ ਕੇ ਸੱਤਾ ਵਿੱਚ ਲਿਆਂਦਾ ਹੈ। ਆਮ ਆਦਮੀ ਪਾਰਟੀ ਲੋਕਾਂ ਦੀਆਂ ਉਮੀਦਾਂ ਤੇ ਖ਼ਰਾ ਉਤਰੇਗੀ ਅਤੇ ਹਰ ਕੀਤੇ ਹੋਏ ਵਾਅਦੇ ਨੂੰ ਪੂਰਾ ਕਰੇਗੀ । ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਕ ਮਹੀਨੇ ਦੇ ਅੰਦਰ ਬਲੌਂਗੀ ਵਾਸੀਆਂ ਦੀ ਪਾਣੀ ਦੀ ਵੱਡੀ ਸਮੱਸਿਆ ਨੂੰ ਹੱਲ ਕੀਤਾ ਗਿਆ ਹੈl ਇਸ ਦੇ ਨਾਲ ਹੀ ਉਨ੍ਹਾਂ ਨੇ ਸਥਾਨਕ ਲੋਕਾਂ ਦੀਆਂ ਹੋਰ ਸਮੱਸਿਆਵਾਂ ਨੂੰ ਸੁਣਿਆ ਅਤੇ ਛੇਤੀ ਹੀ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ।























