ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਮੀਟਿੰਗ; ਥੋੜ੍ਹੀ ਦੇਰ ਵਿੱਚ ਹੋਵੇਗੀ ਸ਼ੁਰੂ
ਚੰਡੀਗੜ੍ਹ,20 ਸਤੰਬਰ(ਵਿਸ਼ਵ ਵਾਰਤਾ)- ਪੰਜਾਬ ‘ਚ ‘ਆਪ’ ਦੀ ਸਰਕਾਰ ਨੇ 22 ਸਤੰਬਰ ਨੂੰ ਪੰਜਾਬ ਵਿਧਾਨ ਸਭਾ ‘ਚ ਭਰੋਸੇ ਦੇ ਵੋਟ ਤੋਂ ਪਹਿਲਾਂ ਅੱਜ ਕੈਬਨਿਟ ਮੀਟਿੰਗ ਬੁਲਾਈ ਹੈ। ਇਸ ‘ਚ ਵਿਧਾਨ ਸਭਾ ‘ਚ ਭਰੋਸੇ ਦਾ ਵੋਟ ਹਾਸਲ ਕਰਨ ਤੋਂ ਇਲਾਵਾ ‘ਆਪ’ ਦੇ ਮੰਤਰੀ ਪਾਰਟੀ ‘ਤੇ ਲੱਗੇ ਹੋਰ ਦੋਸ਼ਾਂ ਦਾ ਜਵਾਬ ਦੇਣ ਦੀ ਰਣਨੀਤੀ ਵੀ ਬਣਾਉਣਗੇ।
ਦੱਸ ਦਈਏ ਕਿ ਮੁੱਖ ਮੰਤਰੀ ਨੇ ਵੀਡੀਓ ਜਾਰੀ ਕਰਕੇ ਦੱਸਿਆ ਹੈ ਕਿ ਵਿਰੋਧੀ ਧਿਰ ਵੱਲੋਂ ‘ਆਪ’ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਕੋਈ ਵੀ ਵਿਧਾਇਕ ਲਾਲਚ ਵਿੱਚ ਨਹੀਂ ਆਇਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਵੀ ਭਾਜਪਾ ‘ਤੇ ‘ਆਪ’ ਵਿਧਾਇਕਾਂ ਨੂੰ ਖਰੀਦਣ ਦਾ ਦੋਸ਼ ਲਾਉਂਦਿਆਂ ਦਿੱਲੀ ‘ਚ ਭਰੋਸੇ ਦਾ ਵੋਟ ਲੈ ਕੇ ਆਈ ਸੀ।
ਮੀਟਿੰਗ ਵਿੱਚ ‘ਆਪ’ ਦੇ ਮੰਤਰੀਆਂ ਵੱਲੋਂ ਮੁੱਖ ਮੰਤਰੀ ਮਾਨ ਦੇ ਸ਼ਰਾਬੀ ਹੋਣ ਦੇ ਦੋਸ਼ਾਂ ਨੂੰ ਵਿਰੋਧੀ ਧਿਰ ਵੱਲੋਂ ਪਲਟਣ ਬਾਰੇ ਵੀ ਚਰਚਾ ਕੀਤੀ ਜਾਣ ਦੀ ਸੰਭਾਵਨਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ ਪੰਜਾਬ ਦੇ ਕਈ ਵਿਰੋਧੀ ਆਗੂਆਂ ਨੇ ਦੋਸ਼ ਲਾਇਆ ਹੈ ਕਿ ਜਰਮਨੀ ਦੇ ਫਰੈਂਕਫਰਟ ਤੋਂ ਦਿੱਲੀ ਜਾਂਦੇ ਸਮੇਂ ਭਗਵੰਤ ਮਾਨ ਨੂੰ ਲੁਫਥਾਂਸਾ ਏਅਰਵੇਜ਼ ਦੇ ਜਹਾਜ਼ ਤੋਂ ਉਤਾਰ ਦਿੱਤਾ ਗਿਆ ਸੀ।