ਵਿੱਤ ਮੰਤਰੀ ਦੀ ਕੋਠੀ ਅੱਗੇ ਧਰਨੇ ਤੇ ਬੈਠੇ ਕਿਸਾਨਾਂ ਨੂੰ ਮਿਲਿਆ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਮੀਟਿੰਗ ਦਾ ਭਰੋਸਾ

ਲੰਬੀ, 8 ਅਕਤੂਬਰ (ਵਿਸ਼ਵ ਵਾਰਤਾ ) ਨਰਮੇ ਤੇ ਹੋਰ ਫਸਲਾਂ ਦੇ ਖਰਾਬੇ ਦੇ ਮੁਆਵਜ਼ੇ ਨੂੰ ਲੈ ਕੇ ਚੱਲ ਰਹੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਕੋਠੀ ਅੱਗੇ ਮੋਰਚੇ ਵਿੱਚ ਅੱਜ ਫੇਰ ਨਾਕੇ ਤੋਡ਼ ਕੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਕੋਠੀ ਦਾ ਮੁਕੰਮਲ ਘਿਰਾਓ ਦੇ ਐਲਾਨ ਤੋਂ ਬਾਅਦ ਡਿਪਟੀ ਕਮਿਸ਼ਨਰ ਮੁਕਤਸਰ ਵੱਲੋਂ ਕਿਸਾਨ ਵਫ਼ਦ ਦੀ ਕੱਲ੍ਹ ਨੂੰ ਗਿਆਰਾਂ ਵਜੇ ਪੰਜਾਬ ਸਰਕਾਰ ਦੇ ਮੁੱਖ ਸਕੱਤਰਾਂ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਦਾ ਸਮਾਂ ਮਿਲਣ ਤੋਂ ਬਾਅਦ ਕਿਸਾਨਾਂ ਨੇ ਕੱਲ੍ਹ ਨੂੰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਤਿਆਰੀ ਲਈ ਕਿਸਾਨਾਂ ਮਜ਼ਦੂਰਾਂ ਨੂੰ ਸੱਦਾ ਦਿੱਤਾ ਕੁਝ ਕਿਸਾਨ ਆਪਣੇ ਪਿੰਡਾਂ ਨੂੰ ਵਾਪਸ ਚਲੇ ਗਏ । ਅੱਜ ਮੁਕਤਸਰ ਪ੍ਰਸ਼ਾਸਨ ਵੱਲੋਂ ਸਵੇਰੇ ਗਿਆਰਾਂ ਵਜੇ ਹੀ ਲਗਭਗ ਢਾਈ ਘੰਟੇ ਕਿਸਾਨ ਆਗੂਆਂ ਨਾਲ ਮੀਟਿੰਗ ਚੱਲੀ ਪਰ ਪ੍ਰਸ਼ਾਸਨ ਵੱਲੋਂ ਕਿਸਾਨਾਂ ਅੱਗੇ ਕੋਈ ਠੋਸ ਤਜਵੀਜ਼ ਨਾ ਰੱਖਣ ਕਰਕੇ ਗੱਲਬਾਤ ਟੁੱਟ ਗਈ ਅਤੇ ਉਨ੍ਹਾਂ ਵਿੱਤ ਮੰਤਰੀ ਮਨਪ੍ਰੀਤ ਦੀ ਕੋਠੀ ਘੇਰਨ ਦਾ ਐਲਾਨ ਕਰ ਦਿੱਤਾ ਤਾਂ ਡੀਸੀ ਮੁਕਤਸਰ ਵੱਲੋਂ ਕਿਸਾਨ ਆਗੂਆਂ ਨਾਲ ਫਿਰ ਦੁਬਾਰਾ ਦੋ ਵਜੇ ਮੀਟਿੰਗ ਕੀਤੀ ਗਈ ਜਿਸ ਵਿਚ ਪ੍ਰਸ਼ਾਸਨ ਵੱਲੋਂ ਕੱਲ੍ਹ ਨੂੰ ਮੁੱਖ ਮੰਤਰੀ ਦੇ ਪਿ੍ੰਸੀਪਲ ਸਕੱਤਰ ,ਖੇਤੀਬਾੜੀ ਮੰਤਰੀ ਦੇ ਸਕੱਤਰ ਅਤੇ ਐਫ ਸੀ ਆਰ ਨਾਲ ਮੀਟਿੰਗ ਤੈਅ ਕੀਤੀ ਗਈ । ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਧਰਨਾਕਾਰੀਆਂ ਨੂੰ ਅਪੀਲ ਕੀਤੀ ਕਿ ਕੱਲ੍ਹ ਨੂੰ ਕਿਸਾਨ ,ਮਜ਼ਦੂਰ ਅਤੇ ਔਰਤਾਂ ਵੱਡੀ ਗਿਣਤੀ ਵਿੱਚ ਬਾਦਲ ਮੋਰਚੇ ਵਿਚ ਆਉਣ ਜੇਕਰ ਸਰਕਾਰ ਨੇ ਕੱਲ੍ਹ ਦੀ ਮੀਟਿੰਗ ਵਿੱਚ ਕਿਸਾਨਾਂ ਦੀਆਂ ਮੰਗਾਂ ਮਸਲੇ ਹੱਲ ਨਾ ਕੀਤੇ ਤਾਂ ਉੱਥੇ ਹੀ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ । ਅੱਜ ਕਿਸਾਨ ਆਗੂਆਂ ਵਲੋਂ ਮੁਕਤਸਰ ਪ੍ਰਸ਼ਾਸਨ ਨਾਲ ਮੰਗਾਂ ਰੱਖੀਆਂ ਗਈਆਂ ਕਿ ਨਰਮਾ ਅਤੇ ਹੋਰ ਫਸਲਾਂ ਦੇ ਖ਼ਰਾਬੇ ਦਾ ਨੁਕਸਾਨ ਸੱਠ ਹਜ਼ਾਰ ਰੁਪਏ ਪ੍ਰਤੀ ਏਕੜ ਮੌਕੇ ਤੇ ਕਾਸ਼ਤ ਕਰ ਰਹੇ ਕਿਸਾਨ ਨੂੰ ਦਿੱਤਾ ਜਾਵੇ , ਮਜ਼ਦੂਰਾਂ ਨੂੰ ਨਰਮੇ ਦੀ ਫ਼ਸਲ ਤੋਂ ਰੁਜ਼ਗਾਰ ਨਾ ਮਿਲਣ ਕਰ ਕੇ ਤੀਹ ਹਜ਼ਾਰ ਰੁਪਏ ਪ੍ਰਤੀ ਰੁਜ਼ਗਾਰ ਉਜਾੜਾ ਭੱਤਾ ਦਿੱਤਾ ਜਾਵੇ , ਨਰਮੇ ਦੇ ਖ਼ਰਾਬੇ ਕਾਰਨ ਖੁਦਕਸ਼ੀ ਕਰ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਦੱਸ ਲੱਖ ਰੁਪਏ ਮੁਆਵਜਾ ਤੁਰੰਤ, ਇਕ ਸਰਕਾਰੀ ਨੌਕਰੀ ਤੇ ਉੁਨ੍ਹਾਂ ਪਰਿਵਾਰਾਂ ਸਿਰ ਚੜ੍ਹਿਆ ਸਾਰਾ ਕਰਜ਼ਾ ਖਤਮ ਕੀਤਾ ਜਾਵੇ । ਨਕਲੀ ੍ਬੀਜ, ਸਪਰੇਹਾਂ ਵੇਚਣ ਵਾਲੀਆਂ ਕੰਪਨੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਜਥੇਬੰਦੀ ਵੱਲੋਂ ਦਿੱਲੀ ਟਿਕਰੀ ਬਾਰਡਰ ਸਮੇਤ ਪੰਜਾਬ ਭਰ ਵਿੱਚ 40 ਥਾਂਵਾਂ’ਤੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਮੋਰਚੇ ਲਗਾਤਾਰ ਜਾਰੀ ਹਨ। ਕਿਸਾਨਾਂ ਦੇ ਵਫ਼ਦ ਵਿੱਚ ਅੱਜ ਮਾਨਸਾ ਜ਼ਿਲ੍ਹੇ ਦੇ ਪ੍ਰਧਾਨ ਰਾਮ ਸਿੰਘ ਭੈਣੀਬਾਘਾ ,ਜ਼ਿਲ੍ਹਾ ਬਠਿੰਡਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ,ਜ਼ਿਲ੍ਹਾ ਫਾਜ਼ਿਲਕਾ ਦੇ ਪ੍ਰਧਾਨ ਗੁਰਭੇਜ ਸਿੰਘ ਰੋਹੀਵਾਲਾ ,ਜ਼ਿਲ੍ਹਾ ਮੁਕਤਸਰ ਸਾਹਿਬ ਦੇ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਅਤੇ ਔਰਤ ਆਗੂ ਪਰਮਜੀਤ ਕੌਰ ਪਿੱਥੋ ਸ਼ਾਮਲ ਸਨ ।
ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਲਸ਼ਮਣ ਸਿੰਘ ਸੇਵੇਵਾਲਾ ਨੇ ਕਿਹਾ ਕਿ ਜਿੱਥੇ ਨਰਮੇ ਦੀ ਫਸਲ ਖ਼ਰਾਬ ਹੋਣ ਨਾਲ ਕਿਸਾਨਾਂ ਦਾ ਵੱਡਾ ਆਰਥਿਕ ਨੁਕਸਾਨ ਹੋਇਆ ਹੈ ਉਥੇ ਤੰਗੀਆਂ ਤਰੁਸ਼ੀਆਂ ਚ ਜ਼ਿੰਦਗੀ ਜਿਉਂ ਰਹੇ ਮਜ਼ਦੂਰਾਂ ਦਾ ਵੱਡੀ ਪੱਧਰ ਤੇ ਨੁਕਸਾਨ ਹੋ ਗਿਆ ।ਇਸ ਲਈ ਮਜ਼ਦੂਰਾਂ ਨੂੰ ਇਸ ਬਾਦਲ ਮੋਰਚੇ ਨੂੰ ਵੱਧ ਮਜ਼ਬੂਤ ਕਰਨ ਦੀ ਲੋੜ ਹੈ। ਅੱਜ ਦੇ ਧਰਨੇ ਨੂੰ ਪਰਮਜੀਤ ਕੌਰ ਪਿੱਥੋ , ਸੁਖਜੀਤ ਕੌਰ ਚੱਕ ਫਤਹਿ ਸਿੰਘ ਵਾਲਾ, ਬਿੱਟੂ ਮੱਲਣ, ਅਜੈਪਾਲ ਘੁੱਦਾ , ਦਵਿੰਦਰ ਮਾਨ ,ਗੁਰਸੇਵਕ ਬਾਂਡੀ ਨੇ ਵੀ ਸੰਬੋਧਨ ਕੀਤਾ ।






















