*ਕਾਲਜ ਦੇ ਡਿਗਰੀ ਵੰਡ ਸਮਾਰੋਹ ਵਿੱਚ ਕੀਤੀ ਸ਼ਿਰਕਤ*
ਬਠਿੰਡਾ 8 ਮਾਰਚ
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਸਰਕਾਰੀ ਰਜਿੰਦਰਾ ਕਾਲਜ ਨੂੰ ਦੋ ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਇਸ ਕਾਲਜ ਦੇ ਡਿਗਰੀ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਪੁੱਜੇ ਸਨ। ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਨੈਤਿਕ ਸਿੱਖਿਆ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਚੰਗੇ ਇਨਸਾਨ ਬਣ ਕੇ ਸਮਾਜ ਅਤੇ ਦੇਸ਼ ਦੀ ਸੇਵਾ ਕੀਤੀ ਜਾਵੇ। ਵਿੱਤ ਮੰਤਰੀ ਨੇ ਆਪਣੇ ਵਿਦਿਆਰਥੀ ਜੀਵਨ ਦੀਆਂ ਯਾਦਾਂ ਨੂੰ ਤਾਜ਼ਾ ਕਰਦਿਆਂ ਵਿਦਿਆਰਥੀਆਂ ਨਾਲ ਸਾਂਝਾ ਕੀਤਾ। ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਬਹੁਤ ਖੁਸ਼ੀ ਹੋ ਰਹੀ ਹੈ ਕਿ ਵੱਡੀ ਗਿਣਤੀ ਕੁੜੀਆਂ ਡਿਗਰੀ ਵੰਡ ਸਮਾਗਮ ਸ਼ਾਮਲ ਹਨ ਅਤੇ ਵੱਡੀ ਗਿਣਤੀ ਕੁੜੀਆਂ ਤਾਲੀਮ ਹਾਸਲ ਕਰ ਰਹੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਅੱਜ ਦੇ ਮੁਬਾਰਕ ਦਿਨ ਤੇ ਉਹ ਆਪਣੇ ਮਾਤਾ ਪਿਤਾ ਲਈ ਸ਼ੁਕਰਗੁਜ਼ਾਰ ਹੋਣ ਜਿਨ੍ਹਾਂ ਦੀ ਅਣਥਕ ਮਿਹਨਤ ਸਦਕਾ ਉਹ ਇਸ ਮੁਕਾਮ ਦੇ ਯੋਗ ਹੋਏ ਹਨ। ਉਨ੍ਹਾਂ ਇਸ ਮੌਕੇ ਸਰਕਾਰੀ ਰਜਿੰਦਰਾ ਕਾਲਜ ਦੇ ਵਿਕਾਸ ਲਈ ਦੋ ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ ।
ਉਨ੍ਹਾਂ ਇਸ ਮੌਕੇ ਵੱਖ ਵੱਖ ਖੇਤਰਾਂ ਅਕਾਦਮਿਕ, ਸੱਭਿਆਚਾਰਕ ਅਤੇ ਖੇਡਾਂ ਵਿੱਚ ਅੱਵਲ ਦਰਜੇ ਦੀਆਂ ਪ੍ਰਾਪਤੀਆਂ ਕਰਨ ਵਾਲੇ 14 ਵਿਦਿਆਰਥੀਆਂ ਨੂੰ ਰੋਲ ਆਫ ਆਨਰ ਨਾਲ ਸਨਮਾਨਿਤ ਕੀਤਾ । ਕਾਲਜ ਦੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਦੇ ਮੁਬਾਰਕ ਹੱਥਾਂ ਤੋਂ ਚਾਰ ਸੌ ਪੱਤਰ ਵਿਦਿਆਰਥੀਆਂ ਨੇ ਡਿਗਰੀਆਂ ਪ੍ਰਾਪਤ ਕੀਤੀਆਂ ਜਿਨ੍ਹਾਂ ਵਿੱਚ ਪੋਸਟ ਗ੍ਰੈਜੂਏਸ਼ਨ ਕੋਰਸ ਵਿੱਚ ਫਾਸਟ ਡਵੀਜਨ ਪ੍ਰਾਪਤ ਕਰਨ ਵਾਲੇ 151 ਅਤੇ ਪੋਸਟ ਗ੍ਰੈਜੂਏਸ਼ਨ ਕੋਰਸ ਵਿੱਚੋਂ ਸੱਤਰ ਪ੍ਰਸੈਂਟ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 313 ਵਿਦਿਆਰਥੀ ਸ਼ਾਮਲ ਸਨ। ਕਾਲਜ ਦੇ ਪਿ੍ੰਸੀਪਲ ਜੋਤੀ ਪ੍ਰਕਾਸ਼ ਨੇ ਆਏ ਹੋਏ ਮੁੱਖ ਮਹਿਮਾਨ ਸਮੇਤ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਤੇ ਕੌਂਸਲਰ ਜੀਤ ਮੱਲ ਸਮੇਤ ਕਾਲਜ ਦਾ ਸਮੁੱਚਾ ਸਟਾਫ ਹਾਜ਼ਰ ਸੀ |