ਵਿੱਤ ਮੰਤਰੀ ਹਰਪਾਲ ਚੀਮਾ ਦਾ ਵੱਡਾ ਬਿਆਨ, ਕੱਲ੍ਹ ਤੋਂ ਪੰਜਾਬ ਵਾਸੀ ਕਰਵਾ ਸਕਣਗੇ ਪੀਜੀਆਈ ਵਿੱਚ ਇਲਾਜ
ਚੰਡੀਗੜ੍ਹ, 4 ਅਗਸਤ (ਵਿਸ਼ਵ ਵਾਰਤਾ) ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਕਿਹਾ ਹੈ ਕਿ ਕੱਲ੍ਹ ਤੋਂ ਪੀਜੀਆਈ ਚੰਡੀਗੜ੍ਹ ਵਿੱਚ ਪੰਜਾਬ ਦੇ ਲੋਕਾਂ ਲਈ ਆਯੂਸ਼ਮਾਨ ਸਕੀਮ ਦੇ ਜ਼ਰਿਏ ਇਲਾਜ ਸ਼ੁਰੂ ਹੋ ਜਾਵੇਗਾ। ਉਹਨਾਂ ਨੇ ਇਹ ਬਿਆਨ ਵਿਸ਼ਵ ਵਾਰਤਾ ਨਾਲ ਗੱਲਬਾਤ ਕਰਦਿਆਂ ਦਿੱਤਾ। ਉਨ੍ਹਾਂ ਕਿਹਾ ਕਿ ਤੁਰੰਤ ਪ੍ਰਭਾਵ ਨਾਲ ਪੀਜੀਆਈ ਨੂੰ ਬਕਾਇਆ ਰਕਮ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਸਰਕਾਰੀ ਹਸਪਤਾਲਾਂ ਨੂੰ ਵੀ ਜੋ ਬਕਾਇਆ ਰਾਸ਼ੀ ਸੀ ਉਹ ਜਾਰੀ ਕਰ ਦਿੱਤੀ ਗਈ ਹੈ।
ਦੱਸ ਦੱਈਏ ਕਿ ਪੀਜੀਆਈ ਨੇ ਪੰਜਾਬ ਸਰਕਾਰ ਦੀ ਕਈ ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਨਾ ਹੋਣ ਕਾਰਨ ਪੰਜਾਬ ਦੇ ਮਰੀਜ਼ਾਂ ਦਾ ਇਲਾਜ 1 ਅਗਸਤ ਤੋਂ ਬੰਦ ਕਰ ਦਿੱਤਾ ਸੀ। ਜਿਸ ਕਾਰਨ ਵਿਰੋਧੀ ਪਾਰਟੀਆਂ ਲਗਾਤਾਰ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾ ਰਹੀਆਂ ਸਨ।