ਪੰਜਾਬ ਦੀ ਨਵੀ ਆਬਕਾਰੀ ਨੀਤੀ ਖਿਲਾਫ ਪਾਈਆਂ ਗਈਆਂ 4 ਪਟੀਸ਼ਨਾਂ ਦੀ ਹਾਈਕੋਰਟ ਵਿੱਚ ਹੋਈ ਸੁਣਵਾਈ
ਹਾਈਕੋਰਟ ਨੇ ਪੰਜਾਬ ਵਿੱਚ ਸ਼ਰਾਬ ਦੇ ਠੇਕਿਆਂ ਦੀ ਅਲਾੱਟਮੈਂਟ ਤੇ ਲਗਾਈ ਰੋਕ
ਚੰਡੀਗੜ੍ਹ,28 ਜੂਨ(ਵਿਸ਼ਵ ਵਾਰਤਾ)- ਇਸ ਸਮੇਂ ਦੀ ਵੱਡੀ ਖਬਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਨਵੀਂ ਐਕਸਾਈਜ਼ ਪਾਲਿਸੀ ਨੂੰ ਚੁਣੌਤੀ ਦਿੱਤੀ ਗਈ ਸੀ। ਇਸ ਸੰਬੰਧ ਵਿੱਚ ਹਾਈਕੋਰਟ ਵਿੱਚ 4 ਪਟੀਸ਼ਨਾਂ ਦਰਜ ਕੀਤੀਆਂ ਗਈਆਂ ਸਨ। ਜਿਹਨਾਂ ਦੀ ਸੁਣਵਾਈ ਅੱਜ ਹਾਈਕੋਰਟ ਦੀ ਡਬਲ ਬੈਂਚ ਨੇ ਕੀਤੀ ਹੈ।ਹਾਈਕੋਰਟ ਨੇ ਇਸ ਵੱਡਾ ਫੈਸਲਾ ਲੈਂਦੇ ਹੋਏ ਪੰਜਾਬ ਵਿੱਚ ਠੇਕਿਆਂ ਦੀ ਅਲਾਟਮੈਂਟ ਤੇ ਰੋਕ ਲਗਾ ਦਿੱਤੀ ਹੈ ਅਤੇ ਨਾਲ ਹੀ ਪੰਜਾਬ ਸਰਕਾਰ ਨੂੰ ਨੋਟਿਸ ਵੀ ਜਾਰੀ ਕਰ ਦਿੱਤਾ ਹੈ। ਦੱਸ ਦਈਏ ਕਿ ਇਹਨਾਂ ਪਟੀਸ਼ਨਾਂ ਵਿੱਚ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ‘ਤੇ ਸ਼ਰਾਬ ਦੇ ਕਾਰੋਬਾਰ ‘ਚ ਏਕਾਧਿਕਾਰ ਨੂੰ ਬੜ੍ਹਾਵਾ ਦੇਣ ਦਾ ਦੋਸ਼ ਹੈ ਅਤੇ ਨਾਲ ਹੀ ਮੰਗ ਕੀਤੀ ਗਈ ਹੈ ਕਿ ਇਸ ਲਈ ਇਸ ਨੀਤੀ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਜੇਕਰ ਨੀਤੀ ਬੰਦ ਹੋ ਗਈ ਤਾਂ ਪੰਜਾਬ ਦੇ ਲੋਕਾਂ ਦੀਆਂ ਸਸਤੀ ਸ਼ਰਾਬ ਮਿਲਣ ਦੀਆਂ ਆਸਾਂ ‘ਤੇ ਪਾਣੀ ਫਿਰ ਜਾਵੇਗਾ। ਇਹ ਨੀਤੀ 1 ਜੁਲਾਈ ਤੋਂ ਲਾਗੂ ਹੋਣੀ ਹੈ। ਜਿਸ ਤੋਂ ਬਾਅਦ ਪੰਜਾਬ ਵਿੱਚ ਚੰਡੀਗੜ੍ਹ ਤੋਂ ਸਸਤੀ ਬੀਅਰ ਅਤੇ ਹਰਿਆਣਾ ਤੋਂ ਸਸਤੀ ਸ਼ਰਾਬ ਮਿਲੇਗੀ। ਫਿਲਹਾਲ ਨੀਤੀ ਨੂੰ ਰੱਦ ਕਰਨ ਬਾਰੇ ਕਿਸੇ ਵੀ ਤਰ੍ਹਾਂ ਦਾ ਕੋਈ ਫੈਸਲਾ ਨਹੀਂ ਆਇਆ ਹੈ।