ਵੱਡੀ ਖ਼ਬਰ – ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਭੇਜਿਆ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ’ਚ
ਚੰਡੀਗੜ੍ਹ, 1ਅਪ੍ਰੈਲ(ਵਿਸ਼ਵ ਵਾਰਤਾ)- ਸ਼ਰਾਬ ਨੀਤੀ ਮਾਮਲੇ ਵਿੱਚ 21 ਮਾਰਚ ਤੋਂ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਸਬੰਧਤ ਦੋ ਕੇਸਾਂ ਦੀ ਅੱਜ ਸੋਮਵਾਰ ਦੋ ਵੱਖ-ਵੱਖ ਅਦਾਲਤਾਂ ਵਿੱਚ ਸੁਣਵਾਈ ਹੋਈ। ਕੋਰਟ ਨੇ ਕੇਜਰੀਵਾਲ ਨੂੰ 15 ਅਪ੍ਰੈਲ ਤੱਕ ਤਿਹਾੜ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਵਿੱਚ ਭੇਜਣ ਦਾ ਹੁਕਮ ਦਿੱਤਾ ਹੈ। ਪਹਿਲਾ ਮਾਮਲਾ ਜੇਲ ਤੋਂ ਕੇਜਰੀਵਾਲ ਸਰਕਾਰ ਦੇ ਹੁਕਮਾਂ ਖਿਲਾਫ ਸੀ। ਸੁਰਜੀਤ ਸਿੰਘ ਯਾਦਵ ਨੇ ਜਨਹਿੱਤ ਪਟੀਸ਼ਨ ਦਾਇਰ ਕਰਕੇ ਜੇਲ੍ਹ ਵਿੱਚੋਂ ਸਰਕਾਰੀ ਹੁਕਮ ਦੇਣ ’ਤੇ ਰੋਕ ਲਾਉਣ ਦੀ ਮੰਗ ਕੀਤੀ ਸੀ। ਇਸ ਦੀ ਸੁਣਵਾਈ ਕਰਦਿਆਂ ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਅਤੇ ਜਸਟਿਸ ਮਨਮੀਤ ਪ੍ਰੀਤਮ ਸਿੰਘ ਅਰੋੜਾ ਦੇ ਬੈਂਚ ਨੇ ਪਟੀਸ਼ਨ ਰੱਦ ਕਰ ਦਿੱਤੀ। ਦੂਜਾ ਮਾਮਲਾ ਕੇਜਰੀਵਾਲ ਦੇ ਰਿਮਾਂਡ ਦਾ ਹੈ। ਕੇਜਰੀਵਾਲ ਦਾ ਈਡੀ ਰਿਮਾਂਡ ਅੱਜ 1 ਅਪ੍ਰੈਲ ਨੂੰ ਖਤਮ ਗਿਆ ਹੈ। ਈਡੀ ਨੇ ਅੱਜ ਕੇਜਰੀਵਾਲ ਨੂੰ ਰਾਊਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਈਡੀ ਨੇ ਅਦਾਲਤ ਸਾਹਮਣੇ ਕਿਹਾ ਕਿ ਕੇਜਰੀਵਾਲ ਜਾਂਚ ਵਿੱਚ ਸਹਿਯੋਗ ਨਹੀ ਕਰ ਰਹੇ। ਉਹ ਆਪਣੇ ਮੋਬਾਇਲ ਦਾ ਪਾਸਵਰਡ ਨਹੀਂ ਦੇ ਰਹੇ। ਜ਼ਿਕਰਯੋਗ ਹੈ ਕਿ ਕਥਿਤ ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਈਡੀ ਵੱਲੋਂ 21 ਮਾਰਚ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ 22 ਮਾਰਚ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿੱਥੇ ਅਦਾਲਤ ਨੇ ਕੇਜਰੀਵਾਲ ਨੂੰ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ। ਇਸ ਤੋਂ ਬਾਅਦ 28 ਮਾਰਚ ਨੂੰ ਹੋਈ ਸੁਣਵਾਈ ਦੌਰਾਨ ਰਿਮਾਂਡ ਨੂੰ 1 ਅਪ੍ਰੈਲ ਤੱਕ ਵਧਾ ਦਿੱਤਾ ਗਿਆ ਸੀ। ਅੱਜ ਕੋਰਟ ਨੇ ਕੇਜਰੀਵਾਲ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।