ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾਂ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ: ਸੁੰਦਰ ਸ਼ਾਮ ਅਰੋੜਾ
ਸਰਕਾਰੀ ਮੈਡੀਕਲ ਕਾਲਜ ਸ਼ਹੀਦ ਊਧਮ ਸਿੰਘ ਦੇ ਨਾਂ ’ਤੇ ਹੋਵੇਗਾ

ਹੁਸ਼ਿਆਰਪੁਰ, 26 ਦਸੰਬਰ ( ਵਿਸ਼ਵ ਵਾਰਤਾ )-ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਦੇਸ਼ ਭਗਤਾਂ ਅਤੇ ਸ਼ਹੀਦਾਂ ਦੀਆਂ ਲਾਮਿਸਾਲ ਕੁਰਬਾਨੀਆਂ ਸਦਕਾ ਅਸੀਂ ਸਾਰੇ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।
ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਵਿੱਚ ਬਣ ਰਿਹਾ ਮੈਡੀਕਲ ਕਾਲਜ ਵੀ ਸ਼ਹੀਦ ਊਧਮ ਸਿੰਘ ਦੇ ਨਾਂ ’ਤੇ ਸਥਾਪਿਤ ਹੋਵੇਗਾ।
ਸਥਾਨਕ ਜਿਲਾ ਪ੍ਰਸ਼ਾਸਕੀ ਕੰਪਲੈਕਸ ਦੇ ਨਾਲ ਸਥਿਤ ਇੰਪਰੂਵਮੈਂਟ ਟਰੱਸਟ ਦੀ ਮਾਰਕਿਟ ’ਚ ਸ਼ਹੀਦ ਊਧਮ ਸਿੰਘ ਦੀ ਤਸਵੀਰ ’ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਅਸੀਂ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਦੇਣ ਕਦੇ ਵੀ ਨਹੀਂ ਦੇ ਸਕਦੇ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਨਿਸ਼ਾਵਰ ਕਰ ਦਿੱਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸ਼ਹੀਦਾਂ ਦਾ ਦਰਜਾ ਹੋਰ ਬੁਲੰਦ ਕਰਨ ਲਈ ਪੰਜਾਬ ਸਰਕਾਰ ਵੱਲੋਂ ਅਣਥੱਖ ਕੋਸ਼ਿਸ਼ਾਂ ਜਾਰੀ ਹਨ।
ਉਦਯੋਗ ਮੰਤਰੀ ਨੇ ਕਿਹਾ ਕਿ ਇੰਪਰੂਵਮੈਂਟ ਟਰੱਸਟ ਦੀ ਮਾਰਕਿਟ ਦਾ ਨਾਮ ਵੀ ਸ਼ਹੀਦ ਊਧਮ ਸਿੰਘ ਦੇ ਨਾਂ ’ਤੇ ਰੱਖਿਆ ਗਿਆ ਹੈ ਜਿੱਥੇ ਆਉਂਦੀ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦਾ ਬੁੱਤ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹੀਦ ਦੇਸ਼ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਅਸੀਂ ਹੁਸ਼ਿਆਰਪੁਰ ਦੀਆਂ ਮਾਰਕੀਟਾਂ ਦਾ ਨਾਮ ਸ਼ਹੀਦਾਂ ਦੇ ਨਾਂ ’ਤੇ ਰੱਖ ਰਹੇ ਹਾਂ ਤਾਂ ਜੋ ਨੌਜਵਾਨ ਪੀੜੀਆਂ ਇਨ੍ਹਾਂ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਤੋਂ ਜਾਣੂ ਹੋ ਕੇ ਆਪਣੇ ਅੰਦਰ ਦੇਸ਼ ਭਗਤੀ ਦੇ ਜਜ਼ਬੇ ਨੂੰ ਹੋਰ ਮਜਬੂਤ ਕਰ ਸਕਣ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਿਸਾਨੀ ਸੰਘਰਸ਼ ਸੰਬੰਧੀ ਕਿਹਾ ਕਿ ਕੇਂਦਰ ਸਰਕਾਰ ਇਸ ਮਸਲੇ ’ਤੇ ਬਿਨ੍ਹਾਂ ਵਜ੍ਹਾ ਸਿਆਸਤ ਨਾ ਕਰਦੀ ਹੋਈ ਕਿਸਾਨਾਂ ਦੀਆਂ ਮੰਗਾਂ ਨੂੰ ਮੰਨ ਲਵੇ ਕਿਉਂਕਿ ਕਿਸਾਨਾਂ ਦੀਆਂ ਮੰਗਾਂ ਬਿਲਕੁਲ ਜਾਇਜ਼ ਅਤੇ ਦਰੁਸਤ ਹਨ ਜਿਨ੍ਹਾਂ ਨੂੰ ਤੁਰੰਤ ਮੰਨ ਲਿਆ ਜਾਣਾ ਚਾਹੀਦਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪੀ.ਐਸ.ਆਈ.ਈ.ਸੀ. ਦੇ ਵਾਈਸ ਚੇਅਰਮੈਨ ਬ੍ਰਹਮ ਸ਼ੰਕਰ ਜਿੰਪਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਸਾਬਕਾ ਕੌਂਸਲਰ ਸੁਰਿੰਦਰ ਪਾਲ, ਸੁਦਰਸ਼ਨ ਧੀਰ, ਕੁਲਵਿੰਦਰ ਸਿੰਘ ਹੁੰਦਲ, ਬਲਵਿੰਦਰ ਕੁਮਾਰ ਬਿੰਦੀ ਤੋਂ ਇਲਾਵਾ ਹਰੀਸ਼ ਆਨੰਦ, ਅਸ਼ੋਕ ਮਿਹਰਾ, ਸ਼ਾਦੀ ਲਾਲ, ਮਨਮੋਹਨ ਸਿੰਘ ਕਪੂਰ, ਗੁਰਮੀਤ ਰਾਮ ਨੰਬਰਦਾਰ, ਕਮਲ ਭੱਟੀ, ਨਵੀਨ ਕੁਮਾਰ, ਸਤਨਾਮ ਕੁਮਾਰ, ਸੁਖਵੀਰ ਸਿੰਘ ਆਦਿ ਮੌਜੂਦ ਸਨ।






















