ਸ਼ਾਮਲਾਟ ਜ਼ਮੀਨਾਂ ਦੀ ਮਾਲਕੀ ਹੁਣ ਮੁੜ ਤੋਂ ਹੋਵੇਗੀ ਪੰਚਾਇਤਾਂ ਦੇ ਨਾਮ, ਸਰਕਾਰ ਨੇ ਹੁਕਮ ਕੀਤੇ ਜਾਰੀ
ਰਸੂਖ਼ਦਾਰਾਂ ਕੋਲੋਂ ਖੋਹੇ ਜਾਣਗੇ ਨਾਜ਼ਾਇਜ਼ ਕਬਜ਼ੇ
ਚੰਡੀਗੜ੍ਹ 29 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਸ਼ਾਮਲਾਟ ਜ਼ਮੀਨਾਂ ਦੇ ਮਾਲਕੀ ਹੱਕ ਨੂੰ ਲੈ ਕੇ ਹੁਣ ਇੱਕ ਹੋਰ ਵੱਡਾ ਫੈਸਲਾ ਲਿਆ ਹੈ ਅਤ ਇਸ ਸੰਬੰਧ ਵਿੱਚ ਸਰਕਾਰ ਦੇ ਮਾਲ ਅਤੇ ਮੁੜ ਵਸੇਬਾ ਵਿਭਾਗ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਵੀ ਜਾਰੀ ਕੀਤਾ ਗਿਆ ਹੈ। ਇਸ ਪੱਤਰ ਵਿੱਚ ਇਹ ਹੁਕਮ ਦਿੱਤੇ ਗਏ ਹਨ ਕਿ ਉਨ੍ਹਾਂ ਸ਼ਾਮਲਾਟ ਤੇ ਜੁਮਲਾ ਮੁਸ਼ਤਰਕਾ ਮਾਲਕਨ ਜ਼ਮੀਨਾਂ ਦੇ ਇੰਤਕਾਲ ਫੌਰੀ ਗ੍ਰਾਮ ਪੰਚਾਇਤਾਂ ਦੇ ਨਾਂ ਕੀਤੇ ਜਾਣ ਜਿਨ੍ਹਾਂ ਦੀ ਗ਼ੈਰ-ਕਾਨੂੰਨੀ ਢੰਗ ਨਾਲ ਹਿੱਸੇਦਾਰਾਂ ‘ਚ ਵੰਡ ਕਰ ਕੇ ਮਾਲਕੀ ਦੇ ਹੱਕ ਦਿੱਤੇ ਗਏ ਹਨ। ਪੱਤਰ ‘ਚ ਕਿਹਾ ਗਿਆ ਹੈ ਕਿ ਚੱਕਬੰਦੀ ਵਿਭਾਗ ਵੱਲੋਂ ਸਾਜ਼ਿਸ਼ਨ ਢੰਗ ਨਾਲ ਇਨ੍ਹਾਂ ਜ਼ਮੀਨਾਂ ਦੀ ਮਾਲਕੀ ਤਬਦੀਲ ਕੀਤੀ ਗਈ। ਸਰਕਾਰ ਦੇ ਇਸ ਫੈਸਲੇ ਨਾਲ ਉਹਨਾਂ ਰਸੂਖ਼ਦਾਰਾਂ ਨੂੰ ਵੱਡਾ ਝਟਕਾ ਲੱਗ ਸਕਦਾ ਹੈ ਜਿਹਨਾਂ ਨੇ ਨਾਜ਼ਾਇਜ਼ ਢੰਗ ਨਾਲ ਸ਼ਾਮਲਾਟ ਜ਼ਮੀਨਾਂ ਤੇ ਕਬਜੇ ਕਰਕੇ ਆਪਣੇ ਫਾਰਮ ਹਾਊਸ ਬਣਾਏ ਹੋਏ ਹਨ। ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਦੱਸਿਆ ਹੈ ਕਿ ਸਭ ਤੋਂ ਵੱਧ ਨਾਜਾਇਜ਼ ਕਬਜੇ ਮੁਹਾਲੀ ਅਤੇ ਖਰੜ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਕੀਤੇ ਗਏ ਹਨ।