ਸਕੂਲ-ਕਾਲਜ ਬੰਦ ਕਰਨ ਦੀ ਡੀ.ਟੀ.ਐਂਫ ਵੱਲੋਂ ਸਖ਼ਤ ਨਿਖੇਧੀ
ਚੰਨੀ ਸਰਕਾਰ ਲਈ ‘ਸਿਆਸੀ ਰੈਲੀਆਂ ਕੋਰੋਨਾ ਮੁਕਤ, ਪਰ ਸਕੂਲ-ਕਾਲਜ ਕਰੋਨਾ ਯੁਕਤ’: ਡੀ.ਟੀ.ਐੱਫ.
ਸੰਗਰੂਰ/ਪਟਿਆਲਾ, 4 ਜਨਵਰੀ(ਵਿਸ਼ਵ ਵਾਰਤਾ)-ਡੈਮੋਕਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਨੇ ਪੰਜਾਬ ਸਰਕਾਰ ਵੱਲੋਂ ਕੋਰੋਨਾ ਲਾਗ ਬਹਾਨੇ 15 ਜਨਵਰੀ ਤੱਕ ਸਕੂਲ-ਕਾਲਜ ਬੰਦ ਕਰਨ ਦੇ ਫ਼ੈਸਲੇ ਦਾ ਡਟਵਾਂ ਵਿਰੋਧ ਕੀਤਾ ਹੈ ਅਤੇ ਇਸ ਨੂੰ ਵਿਦਿਆਰਥੀਆਂ ਦੀ ਸਿੱਖਿਆ ਲਈ ਤਬਾਹਕੁਨ ਕਦਮ ਕਰਾਰ ਦਿੱਤਾ ਹੈ।
ਡੈਮੋਕਰੈਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਸਿਆਸੀ ਪਾਰਟੀਆਂ ਵੱਲੋਂ ਧੜਾਧੜ ਕੀਤੀਆਂ ਜਾ ਰਹੀਆਂ ਰੈਲੀਆਂ ਵਿੱਚਲੇ ਲੱਖਾਂ ਦੇ ਇਕੱਠ ਨੂੰ ਕਰੋਨਾ ਮੁਕਤ ਸਮਝਣ ਵਾਲੀ, ਪਰ ਸਕੂਲਾਂ-ਕਾਲਜਾਂ ਨੂੰ ਕਰੋਨਾ ਯੁਕਤ ਮੰਨਣ ਵਾਲੀ, ਪੰਜਾਬ ਸਰਕਾਰ ਵੱਲੋਂ ਇੱਕ ਵਾਰ ਫਿਰ ਤੋਂ ਸਕੂਲ-ਕਾਲਜ ਮੁਕੰਮਲ ਬੰਦ ਕਰਕੇ ਸਿੱਖਣ ਸਿਖਾਉਣ ਦੀ ਪ੍ਰਕਿਰਿਆ ਨੂੰ ਤਬਾਹੀ ਵੱਲ ਧੱਕਣ ਵਾਲਾ ਕਦਮ ਚੁੱਕਿਆ ਹੈ। ਸਕੂਲਾਂ-ਕਾਲਜਾਂ ਵਿੱਚ ਮਿਲਣ ਵਾਲੀ ਹਕੀਕੀ ਸਿੱਖਿਆ ਦੀ ਥਾਂ, ਵਿਤਕਰੇ ਭਰਪੂਰ ਤੇ ਨਿੱਜੀਕਰਨ ਪੱਖੀ ਆਨਲਾਈਨ ਸਿੱਖਿਆ ਨੂੰ ਲੋਕਾਂ ‘ਤੇ ਥੋਪਣਾ ਕਿਸੇ ਵੀ ਪੱਖੋਂ ਵਾਜਬ ਫ਼ੈਸਲਾ ਨਹੀਂ ਹੈ।
ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਮੀਤ ਪ੍ਰਧਾਨ ਗੁਰਮੀਤ ਸੁਖਪੁਰ, ਮੀਤ ਪ੍ਰਧਾਨ ਗੁਰਪਿਆਰ ਕੋਟਲੀ, ਮੀਤ ਪ੍ਰਧਾਨ ਰਾਜੀਵ ਕੁਮਾਰ ਬਰਨਾਲਾ, ਮੀਤ ਪ੍ਰਧਾਨ ਜਗਪਾਲ ਬੰਗੀ, ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਮੀਤ ਪ੍ਰਧਾਨ ਜਸਵਿੰਦਰ ਔਜਲਾ, ਸੰਯੁਕਤ ਸਕੱਤਰ ਹਰਜਿੰਦਰ ਸਿੰਘ ਵਡਾਲਾ ਬਾਂਗਰ, ਸੰਯੁਕਤ ਸਕੱਤਰ ਦਲਜੀਤ ਸਫੀਪੁਰ, ਕੁਲਵਿੰਦਰ ਸਿੰਘ ਜੋਸ਼ਨ, ਪ੍ਰੈੱਸ ਸਕੱਤਰ ਪਵਨ ਕੁਮਾਰ, ਜੱਥੇਬੰਦਕ ਸਕੱਤਰ ਨਛੱਤਰ ਸਿੰਘ ਤਰਨਤਾਰਨ, ਜੱਥੇਬੰਦਕ ਸਕੱਤਰ ਰੁਪਿੰਦਰ ਪਾਲ ਗਿੱਲ, ਤਜਿੰਦਰ ਸਿੰਘ ਸਹਾਇਕ ਵਿੱਤ ਸਕੱਤਰ, ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ ਨੇ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨੂੰ, ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਪੜ੍ਹਦੇ ਲੱਖਾਂ ਸਾਧਨਹੀਣ ਲੋਕਾਂ ਦੇ ਬੱਚਿਆਂ ਤੋਂ, ਹਕੀਕੀ ਸਿੱਖਿਆ ਗ੍ਰਹਿਣ ਦਾ ਅਧਿਕਾਰ ਖੋਹਣ ਵਾਲਾ ਫ਼ੈਸਲਾ ਕਰਾਰ ਦਿੱਤਾ ਹੈ। ਡੀਟੀਐੱਫ ਨੇ ਸਮੂਹ ਚੇਤੰਨ ਲੋਕਾਂ ਨੂੰ ਕੇਂਦਰ ਅਤੇ ਸੂਬਾ ਸਰਕਾਰਾਂ ਦੇ ਅਜਿਹੇ ਫੈਸਲਿਆਂ ਨੂੰ ਮਿਲ ਕੇ ਨੱਥ ਪਾਉਣ ਦਾ ਸੱਦਾ ਵੀ ਦਿੱਤਾ।