ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਸਕਿੱਲ ਤੇ ਵੋਕੇਸ਼ਨਲ ਯੂਨੀਵਰਸਿਟੀ ਸਥਾਪਤ ਕਰਨ ਦੇ ਐਲਾਨ ਤੋਂ ਬਾਅਦ ਸਥਾਨਕ ਸਰਕਾਰਾਂ ਵਿਭਾਗ ਨੇ ਇਸ ਵੱਕਾਰੀ ਤੇ ਅਹਿਮ ਪ੍ਰਾਜੈਕਟ ਲਈ ਨਗਰ ਪੰਚਾਇਤ ਚਮਕੌਰ ਸਾਹਿਬ ਦੀ 100 ਏਕੜ ਜਗ੍ਹਾਂ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖੁਲਾਸਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।
ਸ. ਸਿੱਧੂ ਨੇ ਕਿਹਾ ਕਿ ਸੂਬੇ ਦੀ ਨੌਜਵਾਨੀ ਨੂੰ ਨਵੀਂ ਦਿਸ਼ਾ ਦੇਣ ਲਈ ਕਿੱਤਾਮੁਖੀ ਤੇ ਹੁਨਰਮੰਦ ਸਿੱਖਿਆ ਦੇਣ ਲਈ ਸ੍ਰੀ ਚਮਕੌਰ ਸਾਹਿਬ ਦੀ ਇਤਿਹਾਸਕ ਧਰਤੀ ‘ਤੇ ਬਣਾਈ ਜਾਣ ਵਾਲੀ ਸਕਿੱਲ ਤੇ ਵੋਕੇਸ਼ਨਲ ਯੂਨੀਵਰਸਿਟੀ ਵੱਡੇ ਸ਼ਾਹਿਬਜ਼ਾਦਿਆਂ ਤੇ ਸਿੰਘਾਂ ਦੀ ਸ਼ਹਾਦਤ ਨੂੰ ਨਿਮਾਣੀ ਜਿਹੀ ਭੇਂਟ ਹੋਵੇਗੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸੂਬੇ ਦੇ ਨੌਜਵਾਨਾਂ ਨੂੰ ਮਿਆਰੀ ਤੇ ਕਿੱਤਮੁਖੀ ਸਿੱਖਿਆ ਦੇਣ ਲਈ ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਇਸ ਯੂਨੀਵਰਸਿਟੀ ਬਣਾਉਣ ਦੀ ਮੰਗ ਰੱਖੀ ਗਈ ਸੀ ਜਿਸ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੌਕੇ ‘ਤੇ ਹੀ ਪ੍ਰਵਾਨ ਕਰਦਿਆਂ ਸ੍ਰੀ ਚਮਕੌਰ ਸਾਹਿਬ ਵਿਖੇ ਸਕਿੱਲ ਤੇ ਵੋਕੇਸ਼ਨਲ ਯੂਨੀਵਰਸਿਟੀ ਸਥਾਪਤ ਕਰਨ ਦਾ ਐਲਾਨ ਕੀਤਾ ਸੀ।
ਸ. ਸਿੱਧੂ ਨੇ ਦੱਸਿਆ ਕਿ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ ਇਸ ਯੂਨੀਵਰਸਿਟੀ ਲਈ ਜਗ੍ਹਾਂ ਦੀ ਮੰਗ ‘ਤੇ ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਵੱਲੋਂ ਮਤਾ ਪਾਇਆ ਗਿਆ ਜਿਸ ਨੂੰ ਉਨ੍ਹਾਂ ਦੇ ਵਿਭਾਗ ਨੇ ਅੱਜ ਮਨਜ਼ੂਰੀ ਦੇ ਕੇ ਇਸ ਯੂਨੀਵਰਸਿਟੀ ਲਈ 100 ਏਕੜ ਜਗ੍ਹਾਂ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਵੱਲ ਉਕਾ ਵੀ ਧਿਆਨ ਨਹੀਂ ਦਿੱਤਾ ਗਿਆ ਜਿਸ ਕਾਰਨ ਬੇਰੁਜ਼ਗਾਰੀ ਵਿੱਚ ਅਥਾਹ ਵਾਧਾ ਹੋਇਆ ਅਤੇ ਨੌਜਵਾਨ ਡਿਗਰੀਆਂ ਹਾਸਲ ਕਰਨ ਦੇ ਬਾਵਜੂਦ ਘਰ ਬੈਠੇ ਹਨ ਜਾਂ ਵਿਦੇਸ਼ਾਂ ਨੂੰ ਜਾ ਰਹੇ ਹਨ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਜਿੱਥੇ ‘ਘਰ ਘਰ ਰੋਜ਼ਗਾਰ ਮੁਹਿੰਮ’ ਆਰੰਭੀ ਗਈ ਹੈ ਉਥੇ ਨੌਜਵਾਨਾਂ ਨੂੰ ਸਨਅਤਾਂ ਦੀ ਮੰਗ ਅਨੁਸਾਰ ਹੁਨਰਮੰਦ ਅਤੇ ਕਿੱਤਾਮੁਖੀ ਸਿਖਲਾਈ ਦੇਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਯੂਨੀਵਰਸਿਟੀ ਦੀ ਸਥਾਪਨਾ ਨਾਲ ਇਥੋਂ ਸਿੱਖਿਆ ਹਾਸਲ ਕਰਨ ਉਪਰੰਤ ਹੀ ਵਿਦਿਆਰਥੀ ਰੋਜ਼ਗਾਰ ਦੇ ਕਾਬਲ ਹੋਣਗੇ।
Breaking News: ਨਗਰ ਸੁਧਾਰ ਟਰੱਸਟ ਚ ਬੇਨਿਯਮੀਆਂ ਤੇ ਪਲਾਟ ਦੀ ਘਪਲੇਬਾਜ਼ੀ ਕਾਰਨ ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਸਹਾਇਕ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ
Breaking News: ਨਗਰ ਸੁਧਾਰ ਟਰੱਸਟ ਚ ਬੇਨਿਯਮੀਆਂ ਤੇ ਪਲਾਟ ਦੀ ਘਪਲੇਬਾਜ਼ੀ ਕਾਰਨ ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਸਹਾਇਕ ਵਿਰੁੱਧ ਭ੍ਰਿਸ਼ਟਾਚਾਰ ਦਾ...