ਪੰਜਾਬ ਦੇ ਸਰਵਪੱਖੀ ਵਿਕਾਸ ਲਈ ਲਏ ਜਾ ਰਹੇ ਹਨ ਠੋਸ ਫੈਸਲੇ – ਵਿੱਤ ਮੰਤਰੀ
ਬਠਿੰਡਾ, 9 ਮਈ (ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ ਬਜਟ ਲਈ ਜੋ ਲੋਕਾਂ ਦੇ ਸੁਝਾਅ ਮੰਗੇ ਜਾ ਰਹੇ ਹਨ, ਇਹ ਫ਼ੈਸਲਾ ਇੱਕ ਇਤਿਹਾਸਕ ਤੇ ਮੀਲਪੱਥਰ ਸਾਬਤ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਵਿੱਤ, ਯੋਜਨਾ, ਯੋਜਨਾ ਲਾਗੂ ਕਰਨ, ਕਰ ਤੇ ਆਬਕਾਰੀ ਅਤੇ ਸਹਿਕਾਰਤਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਬੀਤੇ ਦਿਨ ਮਾਲਵੇ ਦੇ ਪੰਜ ਜ਼ਿਲ੍ਹਿਆਂ (ਬਠਿੰਡਾ, ਮਾਨਸਾ, ਸ਼੍ਰੀ ਮੁਕਤਸਰ ਸਾਹਿਬ, ਫ਼ਿਰੋਜ਼ਪੁਰ ਅਤੇ ਫਾਜ਼ਿਲਕਾ) ਦੇ ਵਿਧਾਇਕਾਂ, ਸਨਅਤਕਾਰਾਂ ਅਤੇ ਵਪਾਰੀ ਵਰਗ ਕੋਲੋਂ ਜਨਤਾ ਬਜਟ 2022-23 ਲਈ ਸੁਝਾਅ ਲੈਣ ਉਪਰੰਤ ਸੰਬੋਧਨ ਕਰਦਿਆਂ ਕੀਤਾ।
ਇੱਥੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਆਡੀਟੋਰੀਅਮ ਵਿਖੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਉਦਯੋਗਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕੇ, ਜਿਸ ਕਾਰਨ ਉਦਯੋਗਿਕ ਵਿਕਾਸ ਸਹੀ ਢੰਗ ਨਾਲ ਨਹੀਂ ਹੋਇਆ ਅਤੇ ਜੇਕਰ ਹੁਣ ਵੀ ਉਦਯੋਗਾਂ ਦੇ ਵਿਕਾਸ ਲਈ ਕੁਝ ਨਾ ਕੀਤਾ ਗਿਆ ਤਾਂ ਇਸ ਦੇ ਗੰਭੀਰ ਸਿੱਟੇ ਭੁਗਤਣੇ ਪੈ ਸਕਦੇ ਹਨ ਤੇ ਸੂਬਾ ਤਰੱਕੀ ਨਹੀਂ ਕਰ ਸਕੇਗਾ। ਇਸੇ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸਰਕਾਰ ਵੱਲੋਂ ਜਨਤਾ ਬਜਟ ਲਈ ਲੋਕਾਂ ਦੇ ਸੁਝਾਅ ਲੈ ਕੇ ਲੋਕ ਹਿੱਤ ਵਿੱਚ ਹਰ ਵਰਗ ਨਾਲ ਸਬੰਧਤ ਬਜਟ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਸੰਬੋਧਨ ਦੌਰਾਨ ਇਹ ਵੀ ਕਿਹਾ ਕਿ ਸਨਅਤਕਾਰਾਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦਾ ਹੱਲ ਕਰਨ ਨਾਲ ਹੀ ਪੰਜਾਬ ਮੁੜ ਤੋਂ ਵਿਕਾਸ ਦੀਆਂ ਲੀਹਾਂ ’ਤੇ ਲਿਆਂਦਾ ਜਾ ਸਕਦਾ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਜਦੋਂ ਲੋਕਾਂ ਤੋਂ ਸੁਝਾਅ ਲਏ ਜਾਣਗੇ ਤਾਂ ਲੋਕ ਆਪਣੀਆਂ ਮੁਸ਼ਕਲਾਂ ਵੀ ਦੱਸਣਗੇ ਅਤੇ ਉਸੇ ਅਨੁਸਾਰ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਵੀ ਕੀਤਾ ਜਾ ਸਕੇਗਾ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜਨਤਾ ਬਜਟ ਲਈ ਵੱਧ ਤੋਂ ਵੱਧ ਹਾਂ ਪੱਖੀ ਸੁਝਾਅ ਦਿੱਤੇ ਜਾਣ ਤਾਂ ਜੋ ਪੰਜਾਬ ਅੰਦਰ ਪਹਿਲੀ ਵਾਰ ਲੋਕਾਂ ਦੀ ਪਸੰਦ ਦਾ ਬਜਟ ਬਣਾਇਆ ਜਾ ਸਕੇ। ਸ. ਚੀਮਾ ਨੇ ਦੱਸਿਆ ਕਿ ਪੰਜਾਬ ਦੀਆਂ ਪੁਰਾਣੀਆਂ ਸਰਕਾਰਾਂ ਦੀਆਂ ਮਾਰੂ ਨੀਤੀਆਂ ਕਾਰਨ ਪਿਛਲੇ ਲੰਮੇਂ ਸਮੇਂ ਤੋਂ ਝਾਰਖੰਡ ਵਿੱਚ ਬੰਦ ਪਈ ਪੰਜਾਬ ਦੀ ਪਛਵਾੜਾ ਕੋਲਾ ਖਾਣ ਦਾ ਛੇਤੀ ਹੀ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵੱਲੋਂ ਉਦਘਾਟਨ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਚਾਲੂ ਹੋਣ ਨਾਲ ਬਿਜਲੀ ਦੀ ਸਮੱਸਿਆ ਪੂਰੀ ਤਰ੍ਹਾਂ ਹੱਲ ਹੋ ਜਾਵੇਗੀ।
ਵਿੱਤ ਮੰਤਰੀ ਸ. ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂਆਂ ਨੇ ਆਪਣੇ ਨਿੱਜੀ ਮੁਫਾਦਾਂ ਲਈ ਪੰਜਾਬ ਦੇ ਵਿਕਾਸ ਲਈ ਕੋਈ ਠੋਸ ਕਾਰਵਾਈ ਨਹੀਂ ਕੀਤੀ, ਜਿਸ ਕਾਰਨ ਪੰਜਾਬ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਗਈ। ਜਦੋਂ ਕਿ ਹੁਣ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਠੋਸ ਫੈਸਲੇ ਲਏ ਜਾ ਰਹੇ ਹਨ। ਉਹਨਾਂ ਨੇ ਕਿਹਾ ਕਿ ਸਾਡੀ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ 26454 ਸਰਕਾਰੀ ਨੌਕਰੀਆਂ ਦਾ ਇਸ਼ਤਿਹਾਰ ਦੇਣ ਸਮੇਤ ਹੋਰ ਵੀ ਕਈ ਇਤਿਹਾਸਕ ਫ਼ੈਸਲੇ ਲਏ ਹਨ। ਇੱਥੋਂ ਤੱਕ ਕਿ ਸਾਡੇ ਪਹਿਲੇ ਬਜਟ ਵਿੱਚ ਸਮਾਜ ਦੇ ਸਾਰੇ ਵਰਗਾਂ ਤੋਂ ਸੁਝਾਅ ਮੰਗਣਾ ਆਪਣੇ ਆਪ ਵਿੱਚ ਇੱਕ ਕ੍ਰਾਂਤੀਕਾਰੀ ਕਦਮ ਹੈ।”
ਵਿੱਤ ਮੰਤਰੀ ਸ. ਚੀਮਾ ਨੇ ਕਿਹਾ ਕਿ ਲੋਕਾਂ ਤੋਂ ਸੁਝਾਅ ਲੈਣ ਲਈ ਪੰਜਾਬ ਸਰਕਾਰ ਵੱਲੋਂ ਪਹਿਲਾਂ ਪੋਰਟਲ finance.punjab.gov.in ਤੇ ਹੁਣ ਈ ਮੇਲ ਆਈ.ਡੀ. [email protected] ਵੀ ਜਾਰੀ ਕੀਤੀ ਗਈ ਹੈ ਜਿਸ ’ਤੇ ਲੋਕ ਆਪਣੇ ਸੁਝਾਅ ਭੇਜ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਲੋਕ ਸਿੱਧੇ ਤੌਰ ’ਤੇ ਉਨ੍ਹਾਂ ਨੂੰ ਮਿਲ ਕੇ ਵੀ ਸੁਝਾਅ ਦੇ ਸਕਦੇ ਹਨ। ਵਿੱਤ ਮੰਤਰੀ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਾਰੇ ਵਿਧਾਇਕਾਂ ਨੂੰ ਵੀ ਆਦੇਸ਼ ਦਿੱਤੇ ਗਏ ਹਨ ਕਿ ਉਹ ਲੋਕਾਂ ਕੋਲ ਜਾ ਕੇ ਉਨ੍ਹਾਂ ਦੇ ਸੁਝਾਅ ਇਕੱਤਰ ਕਰਨ ਤਾਂ ਜੋ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਇਆ ਜਾ ਸਕੇ।





















