ਸਬ-ਕੈਬਨਿਟ ਕਮੇਟੀ ਦੀ ਪਹਿਲੀ ਮੀਟਿੰਗ ਅੱਜ ; ਜੀ-20 ਸੰਮੇਲਨ ਦੀਆਂ ਤਿਆਰੀਆਂ ਦਾ ਲਵੇਗੀ ਜਾਇਜ਼ਾ
ਚੰਡੀਗੜ੍ਹ, 7ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਵਿਖੇ ਹੋਣ ਵਾਲੇ ਜੀ-20 ਸੰਮੇਲਨ ਨੂੰ ਸਫ਼ਲ ਬਣਾਉਣ ਲਈ ਅਤੇ ਸੰਮੇਲਨ ਦੀਆਂ ਤਿਆਰੀਆਂ ਦੀ ਨਿਗਰਾਨੀ ਲਈ ਗਠਿਤ ਕੀਤੀ ਗਈ ਸਬ-ਕੈਬਨਿਟ ਕਮੇਟੀ ਦੀ ਪਹਿਲੀ ਮੀਟਿੰਗ ਅੱਜ 7ਨਵੰਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਜ਼ਿਕਰਯੋਗ ਹੈ ਕਿ ਇਸ ਸਬ-ਕੈਬਨਿਟ ਕਮੇਟੀ ਦਾ ਗਠਨ ਜੀ-20ਸੰਮੇਲਨ ਦੀ ਮਹੱਤਤਾ ਨੂੰ ਵੇਖਦਿਆਂ ਕੀਤਾ ਗਿਆ ਹੈ, ਤਾਂ ਜੋ ਇਸ ਮੌਕੇ ਤੇ ਪੰਜਾਬ ਨੂੰ ਦੁਨੀਆਂ ਭਰ ਦੇ ਨਕਸ਼ੇ ਤੇ ਸੈਰ-ਸਪਾਟੇ ਦੇ ਕੇਂਦਰ ਵਜੋਂ ਪੇਸ਼ ਕੀਤਾ ਜਾ ਸਕੇ।
ਦੱਸ ਦੱਈਏ ਕਿ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਦੀ ਪ੍ਰਧਾਨਗੀ ਹੇਠ ਇਕ ਸਬ-ਕੈਬਨਿਟ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਸ਼ਾਮਲ ਹਨ। ਇਹ ਪੰਜਾਬ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਇਹ ਜੀ-20 ਸੰਮੇਲਨ ਅੰਮ੍ਰਿਤਸਰ ਵਿਖੇ ਹੋਵੇਗਾ, ਜਿਸ ਵਿਚ ਵਿਸ਼ਵ ਭਰ ਦੇ ਪ੍ਰਮੁੱਖ ਦੇਸ਼ਾਂ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਸ਼ਾਮਲ ਹੋਣਗੇ, ਸਿੱਖਿਆ, ਕਿਰਤ ਅਤੇ ਹੋਰ ਅਹਿਮ ਮੁੱਦਿਆਂ ‘ਤੇ ਚਰਚਾ ਕਰਨਗੇ। ਇਸਦਾ ਪੰਜਾਬ ਦੇ ਲੋਕਾਂ ਨੂੰ ਲਾਭ ਹੋਵੇਗਾ। ਜੀ-20 ਸੰਮੇਲਨ ਦੀ ਤਿਆਰੀ ਲਈ ਅੰਮ੍ਰਿਤਸਰ ਦਾ ਸੁੰਦਰੀਕਰਨ ਕਰਨ ਲਈ ਵਿਕਾਸ ਕਾਰਜ ਕੀਤੇ ਜਾਣਗੇ, ਜੋ ਕਿ ਅੱਵਲ ਦਰਜੇ ਦੇ ਹੋਣਗੇ।