ਸਰਕਾਰ ਦੇੇ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਮੁਲਤਵੀ ਕੀਤਾ ਹਾਈਵੇਅ ਜਾਮ ਕਰਨ ਦਾ ਪ੍ਰੋਗਰਾਮ
ਚੰਡੀਗੜ੍ਹ,25 ਅਗਸਤ(ਵਿਸ਼ਵ ਵਾਰਤਾ)-ਪੰਜਾਬ ਵਿੱਚ ਅੱਜ ਫਗਵਾੜਾ ਸ਼ੂਗਰ ਮਿੱਲ ਦੇ ਸਾਹਮਣੇ ਕਿਸਾਨਾਂ ਵੱਲੋਂ ਵੱਡਾ ਇਕੱਠ ਕਰਕੇ ਹਾਈਵੇਅ ਬੰਦ ਕੀਤੇ ਜਾਣ ਦੀ ਸੰਭਾਵਨਾ ਸੀ ਪਰ ਕਿਸਾਨਾਂ ਨੇ ਸਰਕਾਰ ਦੇ ਭਰੋਸੇ ਤੋਂ ਬਾਅਦ ਵੱਡਾ ਇਕੱਠ 30 ਅਗਸਤ ਤੱਕ ਮੁਲਤਵੀ ਕਰ ਦਿੱਤਾ ਹੈ। ਜਿਸ ਤੋਂ ਬਾਅਦ ਅੱਜ ਫਗਵਾੜਾ ਵਿੱਚ ਪੰਜਾਬ ਦੀਆਂ 31 ਕਿਸਾਨ ਜੱਥੇਬੰਦੀਆਂ ਦੀ ਮੀਟਿੰਗ ਹੋਵੇਗੀ, ਜਿਸ ਵਿੱਚ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।
ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਦੱਸਿਆ ਕਿ ਕਿਸਾਨ ਆਗੂਆਂ ਦੀ ਹਾਲ ਹੀ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੀਟਿੰਗ ਹੋਈ ਸੀ, ਜਿਸ ਵਿੱਚ ਸਰਕਾਰ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ ਕਿਸਾਨਾਂ ਦੇ ਗੰਨੇ ਦੇ ਬਕਾਏ 30 ਅਗਸਤ ਤੱਕ ਉਨ੍ਹਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਫਗਵਾੜਾ ਸ਼ੂਗਰ ਮਿੱਲ ਅੱਗੇ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਿਸਾਨਾਂ ਦੇ ਖਾਤੇ ਵਿੱਚ ਪੈਸੇ ਨਹੀਂ ਜਮ੍ਹਾਂ ਕਰਵਾਏ ਜਾਂਦੇ ਪਰ ਅੱਜ ਹੋਣ ਵਾਲੇ ਕਿਸਾਨਾਂ ਦੇ ਵੱਡੇ ਇਕੱਠ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।