ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ, ਕਿਸਾਨਾਂ ਖਿਲਾਫ ਦਰਜ ਕੇਸ ਰੱਦ ਹੋਣ ਤੱਕ ਅੰਦੋਲਨ ਨਹੀਂ ਹੋਵੇਗਾ ਖ਼ਤਮ
ਖੇਤੀਬਾੜੀ ਸਕੱਤਰ ਨੂੰ ਭੇਜੀ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੀ ਸੂਚੀ
ਸਰਕਾਰ ਨਾਲ ਗੱਲਬਾਤ ਲਈ ਸੰਯੁਕਤ ਕਿਸਾਨ ਮੋਰਚੇ ਨੇ ਬਣਾਈ 5 ਮੈਂਬਰੀ ਕਮੇਟੀ
ਪੜ੍ਹੋ, ਕਿਹੜੇ ਆਗੂ ਹਨ ਇਸ ਕਮੇਟੀ ਵਿੱਚ ਸ਼ਾਮਲ
ਚੰਡੀਗੜ੍ਹ, 4 ਦਸੰਬਰ(ਵਿਸ਼ਵ ਵਾਰਤਾ)- ਸੰਯੁਕਤ ਕਿਸਾਨ ਮੋਰਚੇ ਦੀ ਅੱਜ ਹੋਈ ਅਹਿਮ ਮੀਟਿੰਗ ਵਿੱਚ ਘੱਟੋ-ਘੱਟ ਸਮਰਥਨ ਮੁੱਲ, ਕਿਸਾਨਾਂ ਦੇ ਕੇਸਾਂ ਦੀ ਵਾਪਸੀ ਵਰਗੇ ਮੁੱਦਿਆਂ ਤੇ ਵਿਚਾਰ-ਚਰਚਾ ਹੋਈ ਅਤੇ ਸੰਯੁਕਤ ਕਿਸਾਨ ਮੋਰਚੇ ਨੇ ਸਰਕਾਰ ਨਾਲ ਗੱਲਬਾਤ ਕਰਨ ਲਈ 5 ਮੈਂਬਰਾਂ ਦੀ ਕਮੇਟੀ ਬਣਾਈ ਹੈ। ਇਸ ਪੰਜ ਮੈਂਬਰੀ ਕਮੇਟੀ ਵਿੱਚ ਬਲਬੀਰ ਰਾਜੇਵਾਲ, ਗੁਰਨਾਮ ਚੜੂਨੀ, ਸ਼ਿਵ ਕੁਮਾਰ ਕੱਕਾ, ਯੁੱਧਵੀਰ ਸਿੰਘ, ਅਸ਼ੋਕ ਧਾਵਲੇ ਦੇ ਨਾਂ ਸ਼ਾਮਲ ਹਨ। ਮੋਰਚੇ ਨੇ ਐਲਾਨ ਕੀਤਾ ਹੈ ਕਿ ਕਿਸਾਨਾਂ ਖ਼ਿਲਾਫ਼ ਦਰਜ ਕੇਸ ਰੱਦ ਹੋਣ ਤੱਕ ਕਿਸਾਨ ਅੰਦੋਲਨ ਖ਼ਤਮ ਨਹੀਂ ਹੋਵੇਗਾ। ਕਿਸਾਨਾਂ ਨੇ ਅੰਦੋਲਨ ਦੌਰਾਨ ਆਪਣੀ ਜਾਨ ਗਵਾਉਣ ਵਾਲੇ 702 ਕਿਸਾਨਾਂ ਦੀ ਸੂਚੀ ਸੰਯੁਕਤ ਖੇਤੀਬਾੜੀ ਸਕੱਤਰ ਨੂੰ ਭੇਜ ਦਿੱਤੀ ਹੈ। ਇਸ ਦੇ ਬਦਲੇ ਕੇਂਦਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸੰਸਦ ਵਿੱਚ ਕਿਹਾ ਸੀ ਕਿ ਉਨ੍ਹਾਂ ਨੂੰ ਅੰਦੋਲਨ ਵਿੱਚ ਮਰਨ ਵਾਲੇ ਲੋਕਾਂ ਬਾਰੇ ਜਾਣਕਾਰੀ ਨਹੀਂ ਹੈ। ਕਿਸਾਨ ਮੋਰਚੇ ਦੀ ਅਗਲੀ ਮੀਟਿੰਗ ਹੁਣ 7 ਦਸੰਬਰ ਨੂੰ ਹੋਵੇਗੀ। ਸੰਯੁਕਤ ਕਿਸਾਨ ਮੋਰਚਾ ਦੇ ਆਗੂ ਯੋਗਿੰਦਰ ਯਾਦਵ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਦਾ ਮਕਸਦ ਸਿਰਫ਼ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਨਾਲ ਗੱਲਬਾਤ ਕਰਨਾ ਹੈ। ਜਦੋਂ ਤੱਕ ਕਿਸਾਨਾਂ ਤੇ ਦਰਜ ਕੇਸ ਵਾਪਿਸ ਨਹੀਂ ਲਏ ਜਾਂਦੇ ਅਤੇ ਮੁਆਵਜ਼ਾ ਨਹੀਂ ਮਿਲਦਾ, ਉਦੋਂ ਤੱਕ ਅੰਦੋਲਨ ਜਾਰੀ ਰਹੇਗਾ।