ਚੰਡੀਗੜ, 2 ਦਸੰਬਰ (ਵਿਸ਼ਵ ਵਾਰਤਾ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਦੇ ਅੰਕ ਵੇਰਵਾ ਸਰਟੀਫਿਕੇਟਾਂ (ਡੀਐਮਸੀਜ਼) ਉੱਤੇ ਨਿੱਜੀ ਵੇਰਵੇ ਪੰਜਾਬੀ ਤੋਂ ਪਹਿਲਾਂ ਅੰਗਰੇਜ਼ੀ ਵਿਚ ਥਿਲਖਣ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਪੰਜਾਬੀ ਭਾਸ਼ਾ ਦੇ ਵਿਕਾਸ ਨੂੰ ਲੈ ਕੇ ਰੱਤੀ ਭਰ ਵੀ ਗੰਭੀਰ ਨਹੀਂ ਹੈ। ਇਸ ਦੇ ਨਾਲ ਹੀ ਪਾਰਟੀ ਨੇ ਕਾਂਗਰਸ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਉਸ ਦਾ ਪੰਜਾਬੀ-ਭਾਸ਼ਾ ਵਿਰੋਧੀ ਵਤੀਰਾ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰ ਰਿਹਾ ਹੈ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜਾਬ, ਪੰਜਾਬੀ ਅਤੇ ਪੰਜਾਬੀਆਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰਨਾ ਆਪਣਾ ਸੁਭਾਅ ਹੀ ਬਣਾ ਲਿਆ ਹੈ। ਇਸ ਦੀ ਤਾਜ਼ਾ ਝਲਕ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਏ ਗਏ ਇੱਕ ਪੰਜਾਬੀ-ਭਾਸ਼ਾ ਵਿਰੋਧੀ ਫੈਸਲੇ ਵਿਚੋਂ ਮਿਲਦੀ ਹੈ। ਉਹਨਾਂ ਕਿਹਾ ਕਿ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਨੂੰ ਪ੍ਰੀਖਿਆ ਮਗਰੋਂ ਦਿੱਤੇ ਜਾਣ ਵਾਲੇ ਅੰਕ ਵੇਰਵਾ ਸਰਟੀਫਿਕੇਟਾਂ (ਡੀਐਮਸੀ) ਵਿਚ ਜਰੂਰੀ ਵੇਰਵੇ (ਵਿਦਿਆਰਥੀ,ਮਾਤਾ-ਪਿਤਾ ਅਤੇ ਸਕੂਲ ਦਾ ਨਾਂ) ਪਹਿਲਾਂ ਅੰਗਰੇਜ਼ੀ ਭਾਸ਼ਾ ‘ਚ ਅਤੇ ਫਿਰ ਪੰਜਾਬੀ ਭਾਸ਼ਾ ਵਿਚ ਲਿਖਣ ਦਾ ਨਵਾਂ ਫੈਸਲਾ ਲਿਆ ਹੈ। ਉਹਨਾਂ ਕਿਹਾ ਕਿ ਪੰਜਾਬ ਅੰਦਰ ਪੰਜਾਬੀ ਦੀ ਇਸ ਤੋਂ ਵੱਡੀ ਬੇਕਦਰੀ ਕੀ ਹੋ ਸਕਦੀ ਹੈ ਕਿ ਸਕੂਲੀ ਵਿਦਿਆਰਥੀਆਂ ਦੇ ਸਰਟੀਫਿਕੇਟਾਂ ਉੱਤੇ ਵੀ ਪੰਜਾਬੀ ਨੂੰ ਅੰਗਰੇਜ਼ੀ ਦੇ ਪਿੱਛੇ ਧੱਕ ਦਿੱਤਾ ਜਾਵੇ।
ਸਿੱਖਿਆ ਬੋਰਡ ਦੇ ਡਾਇਰੈਕਟਰ ਅਕਾਦਮਿਕ ਦੀ ਅਗਵਾਈ ਵਿਚ ਇੱਕ 9 ਮੈਂਬਰੀ ਕਮੇਟੀ ਵੱਲੋਂ ਲਏ ਇਸ ਪੰਜਾਬੀ-ਵਿਰੋਧੀ ਫੈਸਲੇ ਦੀ ਨਿੰਦਾ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਕਮੇਟੀ ਵੱਲੋਂ ਸੀਬੀਐਸਈ, ਆਈਸੀਐਸਈ ਬੋਰਡਾਂ ਦੀ ਤਰਜ਼ ਉੱਤੇ ਕੀਤਾ ਗਿਆ ਅੰਕ ਵੇਰਵਾ ਸਰਟੀਫਿਕੇਟਾਂ ਦੇ ਪੈਟਰਨ ਨੂੰ ਬਦਲਣ ਦਾ ਫੈਸਲਾ ਪੂਰੀ ਤਰ•ਾਂ ਪੰਜਾਬ ਅਤੇ ਪੰਜਾਬੀ ਵਿਰੋਧੀ ਹੈ। ਉਹਨਾਂ ਕਿਹਾ ਕਿ ਪੰਜਾਬੀ ਇਸ ਸੂਬੇ ਦੀ ਸਰਕਾਰੀ ਭਾਸ਼ਾ ਹੈ। ਜੇਕਰ ਪੰਜਾਬ ਦੀਆਂ ਵਿੱਦਿਅਕ ਸੰਸਥਾਵਾਂ ਅਤੇ ਬੋਰਡਾਂ ਵੱਲੋਂ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਉਪਰਾਲੇ ਕਰਨ ਦੀ ਥਾਂ ਉਲਟਾ ਇਸ ਦੀ ਬੇਕਦਰੀ ਕੀਤੀ ਜਾਣ ਲੱਗੇ ਤਾਂ ਪੰਜਾਬੀ ਨੂੰ ਕੌਣ ਬਚਾਏਗਾ?
ਰਾਸ਼ਟਰੀ ਸ਼ਾਹਮਾਰਗਾਂ ਉੱਤੇ ਬਣੇ ਸਾਈਨ ਬੋਰਡਾਂ ਉੱਤੇ ਪੰਜਾਬੀ ਨੂੰ ਪ੍ਰਮੁੱਖਤਾ ਦਿਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਯਤਨਾਂ ਦਾ ਹਵਾਲਾ ਦਿੰਦਿਆਂ ਅਕਾਲੀ ਆਗੂ ਨੇ ਕਿਹਾ ਕਿ ਪਿਛਲੇ ਮਹੀਨੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਕੇਂਦਰੀ ਆਵਾਜਾਈ ਮੰਤਰੀ ਸ੍ਰੀ ਨਿਤਿਨ ਗਡਕਰੀ ਨੂੰ ਚਿੱਠੀ ਲਿਖ ਕੇ ਸ਼ਾਹਮਾਰਗਾਂ ਉੱਤੇ ਲੱਗੇ ਸਾਈਨਬੋਰਡਾਂ ਵਿਚ ਪੰਜਾਬੀ ਭਾਸ਼ਾ ਨੂੰ ਪਹਿਲਾ ਸਥਾਨ ਦਿਵਾਇਆ ਹੈ। ਜਿਸ ਤੋਂ ਬਾਅਦ ਪੀਡਬਲਿਊ ਮਹਿਕਮੇ ਨੇ ਸਾਇਨਬੋਰਡਾਂ ਉੱਤੇ ਕ੍ਰਮਵਾਰ ਸਭ ਤੋਂ ਉੱਪਰ ਪੰਜਾਬੀ, ਫਿਰ ਹਿੰਦੀ ਅਤੇ ਅੰਗਰੇਜ਼ੀ ਨੂੰ ਲਿਖਣਾ ਸ਼ੁਰੂ ਕੀਤਾ ਹੈ। ਉਹਨਾਂ ਕਿਹਾ ਕਿ ਇਸੇ ਤਰ•ਾਂ ਚੰਡੀਗੜ ਦੇ ਦਫਤਰਾਂ ਵਿਚ ਪੰਜਾਬੀ ਨੂੰ ਲਾਗੂ ਕਰਵਾਉਣ ਲਈ ਅਕਾਲੀ ਦਲ ਨੇ ਪੰਜਾਬ ਦੇ ਰਾਜਪਾਲ ਨੂੰ ਮੈਮੋਰੰਡਮ ਦਿੱਤਾ ਸੀ।
ਸਿੱਖਿਆ ਬੋਰਡ ਦੇ ਤਾਜ਼ਾ ਫੈਸਲੇ ਨੂੰ ਤੁਰੰਤ ਰੱਦ ਕਰਵਾਉਣ ਦੀ ਮੰਗ ਕਰਦਿਆਂ ਅਕਾਲੀ ਆਗੂ ਨੇ ਕਾਂਗਰਸ ਸਰਕਾਰ ਨੂੰ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਪੰਜਾਬੀ ਦਾ ਵਿਕਾਸ ਕਰਨ ਦੀ ਹੈ ਅਤੇ ਉਹ ਉਲਟਾ ਪੰਜਾਬੀ ਨੂੰ ਪਿੱਛੇ ਵੱਲ ਧੱਕ ਰਹੀ ਹੈ। ਉਹਨਾਂ ਕਿਹਾ ਕਿ ਸਿੱਖਿਆ ਬੋਰਡ ਦੇ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਜਾਣ ਅਤੇ ਇਸ ਫੈਸਲੇ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ ਕਾਰਵਾਈ ਕੀਤੀ ਜਾਵੇ।
Breaking News: ਨਗਰ ਸੁਧਾਰ ਟਰੱਸਟ ਚ ਬੇਨਿਯਮੀਆਂ ਤੇ ਪਲਾਟ ਦੀ ਘਪਲੇਬਾਜ਼ੀ ਕਾਰਨ ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਸਹਾਇਕ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ
Breaking News: ਨਗਰ ਸੁਧਾਰ ਟਰੱਸਟ ਚ ਬੇਨਿਯਮੀਆਂ ਤੇ ਪਲਾਟ ਦੀ ਘਪਲੇਬਾਜ਼ੀ ਕਾਰਨ ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਸਹਾਇਕ ਵਿਰੁੱਧ ਭ੍ਰਿਸ਼ਟਾਚਾਰ ਦਾ...