ਕਾਂਗਰਸ ਪਾਰਟੀ ਦੇ ਸੂਬਾਈ ਸਕੱਤਰ ਤੇ ਮਾਰਕਿਟ ਕਮੇਟੀ ਖਰੜ ਦੇ ਚੇਅਰਮੈਨ ਵੱਲੋਂ
ਕਿਸਾਨਾਂ ਨੂੰ ਅਪੀਲ
24 ਜੁਲਾਈ ਤੱਕ ਦਿੱਤੀਆਂ ਜਾ ਸਕਦੀਆਂ ਨੇ ਅਰਜ਼ੀਆਂ
ਪੰਜਾਬ ਸਰਕਾਰ ਹਰ ਮੁਸ਼ਕਲ ਹਾਲਾਤ ਵਿੱਚ ਕਿਸਾਨਾਂ ਦੇ ਨਾਲ
ਕੋਰੋਨਾ ਤੋਂ ਬਚਾਅ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਨਾਉਣ ਦੀ ਅਪੀਲ
ਐਸ.ਏ.ਐਸ ਨਗਰ (ਮੋਹਾਲੀ), 20 ਜੁਲਾਈ (ਵਿਸ਼ਵ ਵਾਰਤਾ)-ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਾਲ 2020-21 ਲਈ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ
ਯੋਜਨਾ ਤਹਿਤ ਸਿਹਤ ਬੀਮੇ ਦਾ ਲਾਭ ਲੈਣ ਲਈ 24 ਜੁਲਾਈ, 2020 ਤੱਕ ਅਰਜ਼ੀਆਂ ਦੇਣ ਦੀ
ਅਪੀਲ ਕੀਤੀ ਹੈ, ਜਿਸ ਨਾਲ ਹਰੇਕ ਲਾਭਪਾਤਰੀ ਪਰਿਵਾਰ ਨੂੰ ਪੰਜ ਲੱਖ ਰੁਪਏ ਤੱਕ ਦਾ
ਨਗਦੀ ਰਹਿਤ ਇਲਾਜ ਮੁਹੱਈਆ ਹੋਵੇਗਾ। ਇਹ ਜਾਣਕਾਰੀ ਦਿੰਦਿਆਂ ਕਾਂਗਰਸ ਦੇ ਸੂਬਾਈ ਸਕੱਤਰ
ਤੇ ਮਾਰਕਿਟ ਕਮੇਟੀ ਖਰੜ ਦੇ ਚੇਅਰਮੈਨ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ ਨੇ
ਦੱਸਿਆ ਕਿ ‘ਜੇ ‘ ਫਾਰਮ ਅਤੇ ‘ਗੰਨਾ ਤੇਲ ਪਰਚੀ’ ਵਾਲੇ ਸਾਰੇ ਕਿਸਾਨ ਇਸ ਸਕੀਮ ਦਾ ਲਾਭ
ਲੈਣ ਲਈ ਯੋਗ ਹਨ, ਜਿਨ੍ਹਾਂ ਨੂੰ 24 ਜੁਲਾਈ ਤੱਕ ਘੋਸ਼ਣਾ ਪੱਤਰ ਲੋੜੀਂਦੇ ਦਸਤਾਵੇਜ਼ਾਂ
ਸਮੇਤ ਮਾਰਕਿਟ ਕਮੇਟੀ ਦਫ਼ਤਰ ਜਾਂ ਆਪਣੇ ਆੜ੍ਹਤੀਏ ਕੋਲ ਜਮ੍ਹਾਂ ਕਰਵਾਉਣੇ ਹੋਣਗੇ।
ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਕਿਸਾਨਾਂ ਦੇ ਬੀਮੇ ਦਾ ਸਮੁੱਚਾ
ਪ੍ਰੀਮੀਅਮ ਅਦਾ ਕੀਤਾ ਜਾਵੇਗਾ, ਜਿਸ ਕਰ ਕੇ ਕਿਸਾਨਾਂ ਨੂੰ ਇਸ ਲਈ ਕੋਈ ਫੀਸ ਵੀ ਨਹੀਂ
ਦੇਣੀ ਪਵੇਗੀ।
ਸ਼੍ਰੀ ਮੱਛਲੀਕਲਾਂ ਨੇ ਦੱਸਿਆ ਕਿ ਇਸ ਸਿਹਤ ਬੀਮਾ ਸਕੀਮ ਤਹਿਤ ਲਾਭਪਾਤਰੀ ਦਿਲ ਦੇ
ਅਪ੍ਰੇਸ਼ਨ, ਕੈਂਸਰ ਦੇ ਇਲਾਜ, ਜੋੜ ਬਦਲਾਉਣ ਅਤੇ ਐਕਸੀਡੈਂਟ ਦੇ ਕੇਸਾਂ ਵਰਗੇ ਵੱਡੇ
ਅਪ੍ਰੇਸ਼ਨਾਂ ਦੇ ਇਲਾਜ ਸਮੇਤ 1396 ਬਿਮਾਰੀਆਂ ਲਈ 546 ਸੂਚੀਬੱਧ ਹਸਪਤਾਲਾਂ ਅਤੇ 208
ਸਰਕਾਰੀ ਹਸਪਤਾਲਾਂ ਵਿੱਚ ਪੰਜ ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਨੇ ਯੋਗ ਕਿਸਾਨਾਂ ਪਾਸੋਂ ਅਰਜ਼ੀਆਂ ਦੀ ਮੰਗ ਕੀਤੀ ਹੈ
ਤਾਂ ਕਿ ਹਰੇਕ ਕਿਸਾਨ ਨੂੰ ਇਸ ਸਕੀਮ ਦਾ ਲਾਭ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ
ਸਕੇ। ਇਛੁੱਕ ਕਿਸਾਨਾਂ ਵੱਲੋਂ ਸਵੈ ਘੋਸ਼ਣਾ ਪੱਤਰ ਵਾਲਾ ਫਾਰਮ ਮਾਰਕਿਟ ਕਮੇਟੀ ਦਫ਼ਤਰ
ਜਾਂ ਆੜ੍ਹਤੀਆਂ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ ਜਾਂ ਫਿਰ ਮੰਡੀ ਬੋਰਡ ਦੀ ਵੈੱਬਸਾਈਟ
www.mandiboard.nic.in
ਤੋਂ ਵੀ ਡਾਊਨਲੋਡ ਕੀਤਾ ਜਾ ਸਕਦਾ ਹੈ।
ਮੰਡੀ ਬੋਰਡ ਵੱਲੋਂ ਕਿਸਾਨਾਂ ਪਾਸੋਂ ਅਰਜ਼ੀਆਂ ਪ੍ਰਾਪਤ ਹੋਣ ਤੋਂ ਬਾਅਦ ਵਿਸ਼ੇਸ਼ ਤੌਰ ‘ਤੇ
ਬਣਾਏ ਪੋਰਟਲ ‘ਤੇ ਅਪਲੋਡ ਕਰ ਦਿੱਤਾ ਜਾਵੇਗਾ, ਜਿਸ ਤੋਂ ਬਾਅਦ ਯੋਗ ਕਿਸਾਨਾਂ ਨੂੰ ‘
ਸਿਹਤ ਬੀਮਾ ਕਾਰਡ ‘ ਜਾਰੀ ਹੋ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਨਗਦੀ ਰਹਿਤ ਸਕੀਮ
ਨਾਲ ਸਾਰੀਆਂ ਬਿਮਾਰੀਆਂ, ਜਿਨ੍ਹਾਂ ਸਬੰਧੀ 24 ਘੰਟੇ ਤੋਂ ਵੱਧ ਸਮੇਂ ਲਈ ਹਸਪਤਾਲ ਵਿੱਚ
ਦਾਖਲ ਹੋਣ ਦੀ ਲੋੜ ਹੁੰਦੀ ਹੈ ਜਾਂ ਦਿਨ ਦੀ ਦੇਖਭਾਲ ਦੇ ਇਲਾਜ ਬਾਰੇ ਸਕੀਮ ਹੇਠ
ਸੁਚੀਬੱਧ ਹਨ, ਦਾ ਇਲਾਜ ਹੋਵੇਗਾ।
ਮਾਰਕਿਟ ਕਮੇਟੀ ਦੇ ਚੇਅਰਮੈਨ ਨੇ ਦੱਸਿਆ ਕਿ ਇਸ ਬੀਮਾ ਯੋਜਨਾ ਤਹਿਤ ਕਿਸਾਨ ਪਰਿਵਾਰ
ਵਿੱਚ ਘਰ ਦੇ ਮੁਖੀ ਤੋਂ ਇਲਾਵਾ ਪਤੀ/ਪਤਨੀ/ਮਾਤਾ/ਪਿਤਾ/ਅਣਵਿਆਹੇ ਬੱਚੇ, ਤਲਾਕਸ਼ੁਦਾ ਧੀ
ਅਤੇ ਉਸ ਦੇ ਨਾਬਾਲਗ ਬੱਚੇ, ਵਿਧਵਾ ਨੂੰਹ ਅਤੇ ਉਸ ਦੇ ਨਾਬਾਲਗ ਬੱਚੇ ਲਾਭ ਦੇ ਹੱਕਦਾਰ
ਮੰਨੇ ਜਾਣਗੇ। ਉਨ੍ਹਾਂ ਹੋਰ ਦੱਸਿਆ ਕਿ ਇਸ ਸਬੰਧੀ ਕੋਈ ਵੀ ਹੋਰ ਜਾਣਕਾਰੀ ਹਾਸਲ ਕਰਨ
ਲਈ ਟੋਲ ਫਰੀ ਨੰ: 104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਸ੍ਰੀ ਮੱਛਲੀਕਲਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਮੁਸ਼ਕਲ ਹਾਲਾਤ ਵਿੱਚ ਸੂਬੇ ਦੇ
ਕਿਸਾਨਾਂ ਨਾਲ ਖੜ੍ਹੀ ਹੈ ਤੇ ਕਿਸਾਨਾਂ ਨੂੰ ਦਰਪੇਸ਼ ਹਰ ਮੁਸ਼ਕਲ ਹੱਲ ਕੀਤੀ ਜਾ ਰਹੀ
ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਕੋਰੋਨਾ ਤੋਂ ਬਚਾਅ ਸਬੰਧੀ ਪੰਜਾਬ ਸਰਕਾਰ ਦੀਆਂ
ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।