ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ ਅੱਜ ਸ਼ਾਮ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਕਰੇਗਾ ਮੁਲਾਕਾਤ
ਚੰਡੀਗੜ੍ਹ,2ਮਾਰਚ (ਵਿਸ਼ਵ ਵਾਰਤਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦਾ ਇੱਕ ਵਫ਼ਦ ਅੱਜ ਸ਼ਾਮ 5 ਵਜੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਸ ਦੌਰਾਨ ਉਹ ਕਿਸਾਨੀ ਮਸਲਿਆਂ ਦੇ ਜਲਦੀ ਹੱਲ, ਬੰਦੀ ਸਿੱਖਾਂ ਦੀ ਰਿਹਾਈ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਨੂੰ ਫਾਂਸੀ ਤੋਂ ਉਮਰ ਕੈਦ ਵਿੱਚ ਬਦਲਣ ਦੀ ਮੰਗ ਕਰਨਗੇ। ਇਸ ਦੇ ਨਾਲ ਹੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਮੁੱਦਾ ਵੀ ਉਠਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕਿਹਾ ਕਿ 5 ਮੈਂਬਰੀ ਕਮੇਟੀ ਪਹਿਲਾਂ ਹੀ ਰਾਜੋਆਣਾ ਦੀ ਸਜ਼ਾ ਮੁਆਫ਼ ਕਰਵਾਉਣ ਲਈ ਸੰਘਰਸ਼ ਕਰ ਰਹੀ ਹੈ। ਐਸਜੀਪੀਸੀ ਕੇਂਦਰ ਸਰਕਾਰ ਤੋਂ ਇਸ ਗੱਲੋਂ ਨਾਰਾਜ਼ ਹੈ ਕਿ 2019 ਵਿੱਚ ਉਨ੍ਹਾਂ ਨੇ ਹੀ ਸਿੱਖਾਂ ਦੀ ਰਿਹਾਈ ਅਤੇ ਸਜ਼ਾ ਮੁਆਫ਼ ਕਰਨ ਦੀ ਗੱਲ ਕੀਤੀ ਸੀ। ਸ਼੍ਰੋਮਣੀ ਕਮੇਟੀ ਵੱਲੋਂ 5 ਸਾਲ ਬੀਤ ਜਾਣ ਅਤੇ ਦੋ ਸਾਲ ਲਗਾਤਾਰ ਸੰਘਰਸ਼ ਕਰਨ ਦੇ ਬਾਵਜੂਦ ਵੀ ਬੰਦੀ ਸਿੱਖਾਂ ਲਈ ਕੋਈ ਕਦਮ ਨਹੀਂ ਚੁੱਕਿਆ ਗਿਆ।