ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਹਿਮ ਮੀਟਿੰਗ ਅੱਜ
ਚੰਡੀਗੜ੍ਹ, 30ਨਵੰਬਰ(ਵਿਸ਼ਵ ਵਾਰਤਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਅੱਜ ਵੀਰਵਾਰ ਨੂੰ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਸੱਦ ਲਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਪੱਤਰ ਤੋਂ ਇੱਕ ਦਿਨ ਬਾਅਦ ਸੱਦੀ ਹੈ। ਸੰਭਾਵਨਾ ਹੈ ਕਿ ਇਸ ਮੀਟਿੰਗ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਗੌਰਤਲਬ ਹੈ ਕਿ ਗਿਆਨੀ ਰਘਬੀਰ ਸਿੰਘ ਨੇ ਮੰਗਲਵਾਰ ਨੂੰ ਐਸਜੀਪੀਸੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਪੀਸੀ) ਨੂੰ ਪੱਤਰ ਲਿਖ ਕੇ ਬੰਦੀ ਸਿੱਖਾਂ ਦੀ ਰਿਹਾਈ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਸਨ। ਇਸ ਦੇ ਨਾਲ ਹੀ ਦੋਵਾਂ ਕਮੇਟੀਆਂ ਨੂੰ ਆਪਣੇ ਵੱਲੋਂ ਕੀਤੇ ਗਏ ਯਤਨਾਂ ਦੀ ਰਿਪੋਰਟ ਦੋ ਦਿਨਾਂ ਅੰਦਰ ਦਾਖ਼ਲ ਕਰਨ ਲਈ ਵੀ ਕਿਹਾ ਗਿਆ ਹੈ, ਜਿਸ ਦਾ ਸਮਾਂ ਕੱਲ੍ਹ ਸ਼ੁੱਕਰਵਾਰ ਨੂੰ ਖ਼ਤਮ ਹੋ ਰਿਹਾ ਹੈ।