ਸ਼ੰਭੂ ‘ਚ ਰੇਲਵੇ ਟ੍ਰੈਕਾਂ ‘ਤੇ ਬੈਠੇ ਕਿਸਾਨਾਂ ਦਾ ਧਰਨਾ ਜਾਰੀ- ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ
ਚੰਡੀਗੜ੍ਹ, 18ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ-ਹਰਿਆਣਾ ਦੇ ਸ਼ੰਭੂ ਸਰਹੱਦ ‘ਤੇ ਅੰਦੋਲਨ ਕਰ ਰਹੇ ਕਿਸਾਨ ਬੁੱਧਵਾਰ ਤੋਂ ਸ਼ੰਭੂ ਰੇਲਵੇ ਸਟੇਸ਼ਨ ਰੇਲਵੇ ਟਰੈਕ ‘ਤੇ ਬੈਠੇ ਹਨ ਅਤੇ ਕਿਸਾਨਾਂ ਦਾ ਧਰਨਾ ਅੱਜ ਵੀ ਜਾਰੀ ਹੈ। ਟ੍ਰੈਕ ਜਾਮ ਕਾਰਨ 30 ਤੋਂ ਵੱਧ ਟਰੇਨਾਂ ਪ੍ਰਭਾਵਿਤ ਹੋਈਆਂ ਹਨ। ਕਈ ਟਰੇਨਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਹੈ, ਜਦੋਂ ਕਿ ਕਈ ਟਰੇਨਾਂ ਦੇ ਰੂਟ ਮੋੜ ਦਿੱਤੇ ਗਏ ਹਨ ਅਤੇ ਕੁਝ ਦੇ ਰੂਟ ਛੋਟੇ ਕਰ ਦਿੱਤੇ ਗਏ ਹਨ। ਜਿਸ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸਣਯੋਗ ਹੈ ਕਿ ਕਿਸਾਨ ਸਰਕਾਰ ਤੋਂ ਨੌਜਵਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ 3 ਕਿਸਾਨਾਂ ਨੂੰ ਰਿਹਾਅ ਕਰਨ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਪਹਿਲਾਂ ਉਨ੍ਹਾਂ ਦੀ ਹਰਿਆਣਾ ਅਤੇ ਪੰਜਾਬ ਸਰਕਾਰਾਂ ਨਾਲ ਮੀਟਿੰਗ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਰਿਹਾਈ ਦਾ ਭਰੋਸਾ ਦਿੱਤਾ ਗਿਆ ਸੀ ਅਤੇ ਕਿਸਾਨਾਂ ਨੇ ਸਰਕਾਰ ਨੂੰ 16 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਸੀ, ਪਰ ਜਦੋਂ ਸਰਕਾਰ ਨੇ ਉਨ੍ਹਾਂ ਨੂੰ ਰਿਹਾਅ ਨਾ ਕੀਤਾ ਤਾਂ ਕਿਸਾਨ ਰੇਲਵੇ ਲਾਈਨਾਂ ਤੇ ਉਤਰ ਆਏ।