ਸਾਬਕਾ ਆਈਏਐਸ ਦਰਬਾਰਾ ਸਿੰਘ ਗੁਰੂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਖੀ ਅਲਵਿਦਾ
ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ,ਕਾਂਗਰਸ ਵਿੱਚ ਸ਼ਾਮਿਲ ਹੋਣ ਦੀਆਂ ਕਿਆਸਰਾਈਆਂ ਤੇਜ
ਚੰਡੀਗੜ੍ਹ,3 ਫਰਵਰੀ(ਵਿਸ਼ਵ ਵਾਰਤਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਆਈਏਐਸ ਅਧਿਕਾਰੀ ਦਰਬਾਰਾ ਸਿੰਘ ਗੁਰੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੰਬੋਧਿਤ ਇਕ ਲਾਈਨ ਦਾ ਅਸਤੀਫਾ ਪੱਤਰ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਲਿਖਿਆ ਕਿ ਮੈਂ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੰਦਾ ਹਾਂ। ਦਰਬਾਰਾ ਸਿੰਘ ਗੁਰੂ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਬਹੁਤ ਨੇੜੇ ਰਹੇ ਹਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਆਪਣਾ ਸਿਆਸੀ ਜੀਵਨ ਸ਼ੁਰੂ ਕੀਤਾ ਸੀ। ਪਾਰਟੀ ਛੱਡਣ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਉਹ ਸ਼ੁੱਕਰਵਾਰ ਨੂੰ ਭਦੌੜ ਵਿਧਾਨ ਸਭਾ ਹਲਕੇ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਵਿੱਚ ਸ਼ਾਮਲ ਹੋ ਜਾਣਗੇ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਸੈਟਿੰਗ ਨਹੀਂ ਹੋ ਰਹੀ ਸੀ।
























