ਸਾਬਕਾ ਉੱਪ ਮੁੱਖ ਮੰਤਰੀ ਓਪੀ ਸੋਨੀ ਨੂੰ ਗੈਂਗਸਟਰਾਂ ਵੱਲੋਂ ਮਿਲੀਆਂ ਧਮਕੀਆਂ;ਫਿਰੌਤੀ ਦੀ ਮੰਗ
ਪੁਲਿਸ ਵੱਲੋਂ ਮਾਮਲਾ ਦਰਜ
ਚੰਡੀਗੜ੍ਹ,22 ਜੂਨ(ਵਿਸ਼ਵ ਵਾਰਤਾ)- ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਸਾਬਕਾ ਸਿਹਤ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਗੈਂਗਸਟਰਾਂ ਵੱਲੋਂ ਧਮਕੀਆਂ ਦਿੱਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸੋਨੀ ਦੇ ਨਿੱਜੀ ਨੰਬਰ ‘ਤੇ ਕਾਲ ਕਰਕੇ ਪੈਸਿਆਂ ਦੀ ਮੰਗ ਕੀਤੀ ਗਈ। ਜਿਸ ਤੋਂ ਬਾਅਦ ਉਹਨਾਂ ਵੱਲੋਂ ਕੀਤੀ ਗਈ ਸ਼ਿਕਾਇਤ ’ਤੇ ਥਾਣਾ ਛਾਉਣੀ ਦੀ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇੱਥੇ ਦੱਸਣਾ ਬਣਦਾ ਹੈ ਕਿ ਕੁਝ ਦਿਨ ਪਹਿਲਾਂ ਅਜਨਾਲਾ ਦੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਨੂੰ ਵੀ ਗੈਂਗਸਟਰਾਂ ਵੱਲੋਂ ਧਮਕੀਆਂ ਦਿੱਤੀਆਂ ਗਈਆਂ ਸਨ।ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਨੇ ਛਾਉਣੀ ਥਾਣੇ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਲਿਖਿਆ ਹੈ ਕਿ ਉਨ੍ਹਾਂ ਦੇ ਨਿੱਜੀ ਨੰਬਰ ਕਈ ਵਟਸਐਪ ਮੈਸੇਜ ਅਤੇ ਕਾਲਾਂ ਆਈਆਂ ਹਨ। ਜਿਸ ‘ਤੇ ਉਨ੍ਹਾਂ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਧਮਕੀਆਂ ਦਿੱਤੀਆਂ ਗਈਆਂ ਅਤੇ ਫਿਰੌਤੀ ਦੀ ਵੀ ਮੰਗ ਕੀਤੀ ਗਈ। ਪਰ ਉਹਨਾਂ ਨੇਕਿਸੇ ਨੂੰ ਕੋਈ ਪੈਸਾ ਨਹੀਂ ਦਿੱਤਾ।ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਉਹ 35 ਸਾਲਾਂ ਤੋਂ ਰਾਜਨੀਤੀ ਵਿੱਚ ਹਨ ਅਤੇ ਡਿਪਟੀ ਸੀਐਮ ਵੀ ਰਹਿ ਚੁੱਕੇ ਹਨ।ਇਸ ਲਈ ਉਹਨਾਂ ਆਪਣੇ ਅਤੇ ਆਪਣੇ ਪਰਿਵਾਰ ਲਈ ਸੁਰੱਖਿਆ ਦੀ ਵੀ ਮੰਗ ਕੀਤੀ ਹੈ।