ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਐਸਆਈਟੀ ਨੇ ਕੀਤਾ ਤਲਬ;ਪੇਸ਼ੀ ਅੱਜ
ਚੰਡੀਗੜ੍ਹ,3 ਅਗਸਤ(ਵਿਸ਼ਵ ਵਾਰਤਾ)- 2015 ਦੇ ਕੋਟਕਪੁੂਰਾ ਗੋਲੀਕਾਂਡ ਮਾਮਲੇ ਵਿੱਚ ਅੱਜ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਕੋਲੋਂ ਵਿਸ਼ੇਸ਼ ਜਾਂਚ ਟੀਮ(ਐਸਆਈਟੀ) ਵੱਲੋਂ ਪੁੱਛਗਿੱਛ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਸਾਬਕਾ ਡੀਜੀਪੀ ਸੁਮੇਧ ਸੈਣੀ ਅੱਜ ਚੰਡੀਗੜ੍ਹ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਸਾਹਮਣੇ ਪੇਸ਼ ਹੋ ਸਕਦੇ ਹਨ। ਇਹ ਗੋਲੀਬਾਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਹੈ। ਜਿੱਥੇ ਬੇਅਦਬੀ ਦਾ ਵਿਰੋਧ ਕਰ ਰਹੀ ਸਿੱਖ ਸੰਗਤ ‘ਤੇ ਪੁਲਿਸ ਨੇ ਗੋਲੀਆਂ ਚਲਾ ਦਿੱਤੀਆਂ ਸਨ। ਸੈਣੀ ਉਸ ਸਮੇਂ ਪੰਜਾਬ ਦੇ ਡੀਜੀਪੀ ਸਨ। ਜਾਣਕਾਰੀ ਲਈ ਦੱਸ ਦਈਏ ਕਿ ਸੁਮੇਧ ਸੈਣੀ ਅਤੇ ਹੋਰ ਮੁਲਜ਼ਮਾਂ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿੱਚ ਇਸ ਕੇਸ ਨੂੰ ਕੇਂਦਰੀ ਏਜੰਸੀ ਕੋਲ ਤਬਦੀਲ ਕਰਨ ਦੀ ਮੰਗ ਕੀਤੀ ਗਈ ਸੀ। ਹਾਲਾਂਕਿ ਹਾਈ ਕੋਰਟ ਨੇ ਇਸ ਨੂੰ ਰੱਦ ਕਰ ਦਿੱਤਾ ਸੀ। ਜਿਸ ਤੋਂ ਬਾਅਦ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ ਸੈਣੀ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ ਸੀ। ਇਸ ਦੇ ਨਾਲ ਹੀ ਹਾਈ ਕੋਰਟ ਨੇ ਸੈਣੀ ਦੀ ਪਟੀਸ਼ਨ ਨੂੰ ਖਾਰਜ ਕਰਦਿਆਂ ਪੰਜਾਬ ਪੁਲਿਸ ਨੂੰ 2015 ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਸੀ। ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਏ.ਡੀ.ਜੀ.ਪੀ. ਐਲਕੇ ਯਾਦਵ ਅਤੇ ਆਈਜੀ ਨੌਨਿਹਾਲ ਸਿੰਘ ਦੀ ਅਗਵਾਈ ਵਾਲੀ ਟੀਮ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਹੈ।