ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਆਖਰੀ ਲੋਕ ਸਭਾ ਚੋਣਾਂ ਦੇ ਗੇੜ ਤੋਂ ਪਹਿਲਾਂ ਲੋਕਾਂ ਨੂੰ ਕੀਤੀ ਇਹ ਅਪੀਲ
ਚੰਡੀਗੜ੍ਹ, 31ਮਈ(ਵਿਸ਼ਵ ਵਾਰਤਾ)- ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੇ ਲੋਕ ਸਭਾ ਚੋਣਾਂ-2024 ਦੇ ਆਖਰੀ ਪੜਾਅ ‘ਚ ਪੰਜਾਬ ‘ਚ ਹੋਣ ਵਾਲੀ ਵੋਟਿੰਗ ਤੋਂ ਪਹਿਲਾਂ ਪੰਜਾਬ ਦੇ ਵੋਟਰਾਂ ਨੂੰ ਚਿੱਠੀ ਲਿਖੀ ਹੈ। ਇਸ ਵਿੱਚ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਭਾਜਪਾ ਦੀ ਸਰਕਾਰ ਨਾ ਬਣਾਉਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਰਤ ਦੀ ਅਰਥਵਿਵਸਥਾ ਨੂੰ ਹੋ ਰਹੇ ਨੁਕਸਾਨ ਬਾਰੇ ਆਪਣੀ ਰਾਏ ਦਿੱਤੀ। ਤਿੰਨ ਪੰਨਿਆਂ ਦੇ ਪੱਤਰ ਵਿੱਚ ਮਨਮੋਹਨ ਸਿੰਘ ਨੇ ਕਿਸਾਨ ਅੰਦੋਲਨ ਸਮੇਤ ਵੱਡੀਆਂ ਘਟਨਾਵਾਂ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਪੰਜਾਬ, ਪੰਜਾਬੀਆਂ ਅਤੇ ਪੰਜਾਬੀਅਤ ਨੂੰ ਬਦਨਾਮ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। 750 ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਉਡੀਕ ਕਰਦੇ ਹੋਏ ਸ਼ਹੀਦ ਹੋ ਗਏ। ਮੋਦੀ ਜੀ ਨੇ ਚੋਣਾਂ ਦੌਰਾਨ ਨਫਰਤ ਭਰੇ ਭਾਸ਼ਣ ਦਿੱਤੇ ਸਨ। ਉਹ ਪਹਿਲੇ ਪ੍ਰਧਾਨ ਮੰਤਰੀ ਹਨ ਜਿਨ੍ਹਾਂ ਨੇ ਅਹੁਦੇ ਦੀ ਸ਼ਾਨ ਨੂੰ ਘਟਾਇਆ ਹੈ। ਮੈਂ ਆਪਣੀ ਜ਼ਿੰਦਗੀ ਵਿੱਚ ਕਦੇ ਵੀ ਇੱਕ ਭਾਈਚਾਰੇ ਨੂੰ ਦੂਜੇ ਤੋਂ ਵੱਖ ਨਹੀਂ ਕੀਤਾ। ਅਜਿਹਾ ਕਰਨ ਦਾ ਕਾਪੀਰਾਈਟ ਸਿਰਫ਼ ਭਾਜਪਾ ਕੋਲ ਹੈ।
























