ਪੜ੍ਹੋ, ਕਿਸ ਦਿਨ ਜੁਆਇਨ ਕਰ ਸਕਦੇ ਹਨ ਭਾਜਪਾ ਅਤੇ ਕੈਪਟਨ ਦੀ ਪਾਰਟੀ ਦਾ ਕਦੋਂ ਹੋਵੇਗਾ ਭਾਜਪਾ ਵਿੱਚ ਰਲੇਵਾਂ!
ਚੰਡੀਗੜ੍ਹ,15 ਸਤੰਬਰ(ਵਿਸ਼ਵ ਵਾਰਤਾ)- ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਤੋਂ ਵੱਡਾ ਧਮਾਕਾ ਹੋਣ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 19 ਸਤੰਬਰ ਨੂੰ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਉਹਨਾਂ ਦੇ ਨਾਲ ਪੰਜਾਬ ਦੇ ਕਰੀਬ 5-6 ਸਾਬਕਾ ਮੰਤਰੀ ਵੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਵੀ ਭਾਜਪਾ ਵਿੱਚ ਰਲੇਵਾਂ ਹੋਣਾ ਸੰਭਵ ਮੰਨਿਆ ਜਾ ਰਿਹਾ ਹੈ। ਦੱਸ ਦਈਏ ਕਿ 19 ਸਤੰਬਰ ਨੂੰ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਵੀ ਹੈ।
ਪੰਜਾਬ ਵਿੱਚ ਭਾਜਪਾ ਦੀ ਗੱਲ ਕਰੀਏ ਤਾਂ ਇਸ ਸਮੇਂ ਭਾਜਪਾ ਕੋਲ ਸਿਰਫ਼ ਦੋ ਸੀਟਾਂ ਹਨ। ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਭਾਜਪਾ ਵਿੱਚ ਰਲੇਵੇਂ ਸਬੰਧੀ ਚਰਚਾਵਾਂ ਨੇ ਉਸ ਵੇਲੇ ਜ਼ੋਰ ਫੜ ਲਿਆ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਵਿੱਚ ਕਰੀਬ ਪੌਣੇ ਘੰਟੇ ਤੱਕ ਮੀਟਿੰਗ ਕੀਤੀ।ਹਾਲਾਂਕਿ ਮੀਟਿੰਗ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਲੋਕ ਕਾਂਗਰਸ (ਪੀਐਲਸੀ) ਦੇ ਭਾਜਪਾ ਵਿੱਚ ਰਲੇਵੇਂ ਦੇ ਸਵਾਲ ਨੂੰ ਮਹਿਜ਼ ਅਟਕਲਾਂ ਦੱਸਿਆ ਸੀ। ਇਸ ਤੋਂ ਪਹਿਲਾਂ ਅਮਰਿੰਦਰ ਸਿੰਘ ਨੇ ਆਪਣੇ ਬੇਟੇ ਰਣਇੰਦਰ ਸਿੰਘ ਨੂੰ ਨਾਲ ਲੈ ਕੇ 30 ਅਗਸਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਵੀ ਕੀਤੀ ਸੀ।
ਇਸ ਸਭ ਤੋਂ ਇਲਾਵਾ ਇਹ ਵੀ ਦੱਸਣਾ ਲਾਜ਼ਮੀ ਬਣਦਾ ਹੈ ਕਿ ਭਾਜਪਾ ਪੰਜਾਬ ‘ਚ ਪਾਰਟੀ ਦਾ ਪੁਨਰਗਠਨ ਕਰਨ ਦੀ ਤਿਆਰੀ ਕਰ ਰਹੀ ਹੈ, ਕਿਉਂਕਿ ਭਾਜਪਾ ਦੇ ਮੌਜੂਦਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਾਰਜਕਾਲ ਖਤਮ ਹੋਣ ਵਾਲਾ ਹੈ। ਅਜਿਹੇ ‘ਚ ਪੰਜਾਬ ਲੋਕ ਕਾਂਗਰਸ ਦੇ ਭਾਜਪਾ ‘ਚ ਰਲੇਵੇਂ ਤੋਂ ਬਾਅਦ ਪਾਰਟੀ ਕੈਪਟਨ ਅਮਰਿੰਦਰ ਸਿੰਘ ਸਮੇਤ ਉਹਨਾਂ ਦੇ ਕਰੀਬੀਆਂ ਨੂੰ ਵੀ ਪੰਜਾਬ ‘ਚ ਅਹਿਮ ਜ਼ਿੰਮੇਵਾਰੀਆਂ ਸੌਂਪ ਸਕਦੀ ਹੈ।























