ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਾਈਕੋਰਟ ਤੋਂ ਰਾਹਤ, ਹੇਠਲੀ ਅਦਾਲਤ ਦੀ ਕਾਰਵਾਈ ‘ਤੇ ਲਗਾਈ ਰੋਕ
ਚੰਡੀਗੜ੍ਹ 9 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਮਾਨਸਾ ਅਦਾਲਤ ਦੀ ਕਾਰਵਾਈ ‘ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਦੱਸ ਦਈਏ ਕਿ ਚਰਨਜੀਤ ਸਿੰਘ ਚੰਨੀ ਨੇ 12 ਜਨਵਰੀ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਹੋਣਾ ਸੀ।
ਮਾਨਸਾ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੰਮਨ ਜਾਰੀ ਕੀਤਾ ਸੀ। ਅਮਰੀਕਾ ਤੋਂ ਪਰਤਣ ਤੋਂ ਬਾਅਦ ਚੰਨੀ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਰਾਤ ਕੱਟੀ ਸੀ। ਇਸ ਤੋਂ ਬਾਅਦ ਜਦੋਂ ਉਹ ਉੱਥੇ ਪਹੁੰਚੇ ਤਾਂ ਪੁਲਿਸ ਨੇ ਉਹਨਾਂ ਨੂੰ ਸੰਮਨ ਦਿੱਤੇ ਸਨ। ਇਸ ਦੇ ਨਾਲ ਹੀ ਦੱਸ ਦਈਏ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਠ ਮਹੀਨੇ ਵਿਦੇਸ਼ ਰਹਿਣ ਤੋਂ ਬਾਅਦ ਪੰਜਾਬ ਪਰਤੇ ਹਨ।