ਅਕਾਲੀ ਦਲ ਦੇ ਦੋਹਰੇ ਸੰਵਿਧਾਨ ਦਾ ਮਾਮਲਾ
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹੁਸ਼ਿਆਰਪੁਰ ਅਦਾਲਤ ਵੱਲੋਂ ਸੰਮਨ ਜਾਰੀ,ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ
ਚੰਡੀਗੜ੍ਹ,29 ਅਕਤੂਬਰ(ਵਿਸ਼ਵ ਵਾਰਤਾ)- ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹੁਸ਼ਿਆਰਪੁਰ ਦੀ ਅਦਾਲਤ ਵੱਲੋਂ 28 ਨਵੰਬਰ ਤੱਕ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ। ਗੌਰਤਲਬ ਹੈ ਕਿ ਸ.ਬਾਦਲ ਨੂੰ ਬਲਵੰਤ ਸਿੰਘ ਖੇੜਾ ਨਾਮਕ ਵਿਅਕਤੀ ਵੱਲੋਂ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਨੂੰ ਲੈ ਕੇ ਕੀਤੀ ਗਈ ਸ਼ਿਕਾਇਤ ਦੇ ਮਾਮਲੇ ਵਿੱਚ ਤਲਬ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਬਲਵੰਤ ਸਿੰਘ ਖੇੜਾ ਦੁਆਰਾ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ਼ ਕਥਿਤ ਤੌਰ ਤੇ ਦੋਹਰਾ ਸੰਵਿਧਾਨ ਬਣਾਉਣ ਦੇ ਲਈ ਇੱਕ ਅਪਰਾਧਿਕ ਸ਼ਿਕਾਇਤ ਦਾਇਰ ਕੀਤੀ ਗਈ ਸੀ। 2009 ਵਿਚ ਇਹ ਆਈਪੀਸੀ ਦੀ ਧਾਰਾ 420, 465, 466, 467, 468, 471 ਅਤੇ 120-ਬੀ ਦੇ ਤਹਿਤ ਅਪਰਾਧਿਕ ਸ਼ਿਕਾਇਤ ਦਰਜ ਹੈ। ਇਸ ਮਾਮਲੇ ਵਿੱਚ ਕੁੱਝ ਦਿਨ ਪਹਿਲਾਂ ਹੀ ਸੁਖਬੀਰ ਬਾਦਲ ਅਤੇ ਦਲਜੀਤ ਚੀਮਾ ਵੀ ਅਦਾਲਤ ਸਾਹਮਣੇ ਪੇਸ਼ ਹੋ ਚੁੱਕੇ ਹਨ, ਪਰ ਅਦਾਲਤ ਵੱਲੋਂ ਪ੍ਰਕਾਸ਼ ਸਿੰਘ ਬਾਦਲ ਨੂੰ ਉਹਨਾਂ ਦੀ ਉਮਰ ਦੇਖਦੇ ਹੋਏ ਪੇਸ਼ੀ ਤੋਂ ਛੋਟ ਦਿੱਤੀ ਗਈ ਸੀ
ਖੇੜ ਦਾ ਦੋਸ਼ ਅਕਾਲੀ ਦਲ ਧਰਮ ਨਿਰਪੱਖ ਪਾਰਟੀ ਨਹੀਂ
ਖੇੜਾ ਨੇ ਕਿਹਾ ਸੀ ਕਿ ਇਸ ਮਾਮਲੇ ਵਿਚ ਉਨ੍ਹਾਂ ਦਾ ਇੱਕੋ ਇੱਕ ਮੁੱਦਾ ਇਹ ਹੈ ਕਿ ਸ਼੍ਰੋਮਣੀ ਅਕਾਲੀ ਦਲ ਭਾਰਤ ਦੇ ਸੰਵਿਧਾਨ ਅਨੁਸਾਰ ਇੱਕ ਧਰਮ ਨਿਰਪੱਖ ਪਾਰਟੀ ਨਹੀਂ ਹੈ ਕਿਉਂਕਿ ਇਸ ਦੇ ਦੋ ਵੱਖਰੇ ਸੰਵਿਧਾਨ ਹਨ ਜੋ ਕਿ ਇੱਕ ਜਾਅਲਸਾਜ਼ੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਆਪ ਨੂੰ ਚੋਣ ਕਮਿਸ਼ਨ ਕੋਲ ਧਰਮ ਨਿਰਪੱਖ ਪਾਰਟੀ ਵਜੋਂ ਰਜਿਸਟਰਡ ਕਰਵਾਇਆ ਹੈ, ਪਰ ਇਹ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀਆਂ ਚੋਣਾਂ ਵਿਚ ਹਿੱਸਾ ਲੈਂਦੀ ਰਹੀ ਹੈ।