ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਦੁਪਹਿਰ 1 ਵਜੇ
ਜੱਦੀ ਪਿੰਡ ਬਾਦਲ ‘ਚ ਹੀ ਕੀਤਾ ਜਾਵੇਗਾ ਅੰਤਿਮ ਸੰਸਕਾਰ, ਟਰੈਕਟਰ ‘ਤੇ ਹੋਵੇਗੀ ਅੰਤਿਮ ਵਿਦਾਈ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ,ਐਸਜੀਪੀਸੀ ਪ੍ਰਧਾਨ ਅਤੇ ਸ਼ਰਦ ਪਵਾਰ ਵੀ ਪਹੁੰਚੇ ਹਨ ਅੰਤਿਮ ਦਰਸ਼ਨਾਂ ਲਈ
ਬਠਿੰਡਾ, 27 ਅਪ੍ਰੈਲ( ਵਿਸ਼ਵ ਵਾਰਤਾ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਕੀਤਾ ਜਾਵੇਗਾ।ਪਿੰਡ ਦੇ ਸ਼ਮਸ਼ਾਨਘਾਟ ਵਿੱਚ ਥਾਂ ਦੀ ਘਾਟ ਕਾਰਨ ਉਨ੍ਹਾਂ ਦਾ ਸਸਕਾਰ ਉਨ੍ਹਾਂ ਦੇ ਖੇਤਾਂ ਵਿੱਚ ਹੀ ਕੀਤਾ ਜਾਵੇਗਾ। ਦੁਪਹਿਰ 1 ਵਜੇ ਦੇ ਕਰੀਬ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਦੁਪਹਿਰ 12 ਵਜੇ ਤੱਕ ਅੰਤਿਮ ਦਰਸ਼ਨਾਂ ਲਈ ਘਰ ਰੱਖਿਆ ਗਿਆ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕੇਂਦਰੀ ਮੰਤਰੀ ਹਰਦੀਪ ਪੁਰੀ ਵੀ ਬਾਦਲ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਉਨ੍ਹਾਂ ਦੇ ਘਰ ਪਹੁੰਚਣਗੇ। ਅੰਤਿਮ ਸੰਸਕਾਰ ਮੌਕੇ ਵੱਡੇ ਸਿਆਸੀ ਆਗੂਆਂ ਦੇ ਪਹੁੰਚਣ ਦੀ ਸੰਭਾਵਨਾ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੇ ਨਾਲ ਹੀ ਸੁਖਬੀਰ ਬਾਦਲ ਦੇ ਨਾਲ ਐਨਸੀਪੀ ਮੁਖੀ ਸ਼ਰਦ ਪਵਾਰ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
95 ਸਾਲਾ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਮੁਹਾਲੀ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਸਾਹ ਦੀ ਤਕਲੀਫ਼ ਤੋਂ ਬਾਅਦ ਉਨ੍ਹਾਂ ਨੂੰ ਇੱਥੇ ਦਾਖ਼ਲ ਕਰਵਾਇਆ ਗਿਆ ਸੀ।























