ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ‘ਤੇ ED ਦੀ ਵੱਡੀ ਕਾਰਵਾਈ
ਕਰੋੜਾਂ ਦੀ ਜਾਇਦਾਦ ਕੀਤੀ ਜ਼ਬਤ
ਚੰਡੀਗੜ੍ਹ,15ਮਾਰਚ(ਵਿਸ਼ਵ ਵਾਰਤਾ)ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਈਡੀ ਵੱਲੋਂਵੱਡੀ ਕਾਰਵਾਈ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਨ੍ਹਾਂ ਦੇ ਪੁੱਤਰ ਦੀ 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਇਹ ਕਾਰਵਾਈ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਕੀਤੀ ਹੈ। ਦੱਸ ਦੇਈਏ ਕਿ ਸਾਧੂ ਸਿੰਘ ਧਰਮਸੋਤ ਕਾਂਗਰਸ ਸਰਕਾਰ ਦੌਰਾਨ ਕੈਬਨਿਟ ਮੰਤਰੀ ਸਨ। ਈਡੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਕਰ ਰਹੀ ਹੈ। ਧਰਮਸੋਤ 1 ਮਾਰਚ 2016 ਤੋਂ 31 ਮਾਰਚ 2022 ਤੱਕ ਪੰਜਾਬ ਦੇ ਜੰਗਲਾਤ ਮੰਤਰੀ ਰਹੇ ਹਨ। ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਈਡੀ ਦੀ ਜਾਂਚ ਵਿੱਚ ਪਾਇਆ ਗਿਆ ਕਿ ਸਾਬਕਾ ਮੰਤਰੀ ਧਰਮਸੋਤ ਨੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਇਕੱਠੀ ਕੀਤੀ। ਈਡੀ ਨੇ ਕਿਹਾ- ਉਨ੍ਹਾਂ ਅਤੇ ਉਨ੍ਹਾਂ ਦੇ ਪੁੱਤਰਾਂ ਦੀ ਆਮਦਨ ਦੱਸੇ ਗਏ ਸਰੋਤਾਂ ਨਾਲ ਮੇਲ ਨਹੀਂ ਖਾਂਦੀ ਹੈ। ਜਿਸ ਕਾਰਨ ਇਹ ਕਾਰਵਾਈ ਕੀਤੀ ਗਈ।
ਦੱਸ ਦੇਈਏ ਕਿ ਵਿਜੀਲੈਂਸ ਨੇ 7 ਜੂਨ 2022 ਨੂੰ ਧਰਮਸੋਤ ਨੂੰ ਉਸਦੇ ਦੋ ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਸੀ। ਇਸ ਦੌਰਾਨ ਉਨ੍ਹਾਂ ‘ਤੇ ਖੈਰ ਦੇ ਦਰੱਖਤ ਕੱਟਣ ਲਈ ਪਰਮਿਟ ਜਾਰੀ ਕਰਨ, ਖਰੀਦਦਾਰੀ ਕਰਨ ਅਤੇ ਗੈਰ-ਕਾਨੂੰਨੀ ਸਰਟੀਫਿਕੇਟ ਜਾਰੀ ਕਰਨ ਅਤੇ ਸਰਕਾਰੀ ਅਧਿਕਾਰੀਆਂ ਦੇ ਤਬਾਦਲੇ ਕਰਨ ਸਬੰਧੀ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸਨ। ਇਹ ਸਾਰਾ ਮਾਮਲਾ ਮੁਹਾਲੀ ਤੋਂ ਗ੍ਰਿਫ਼ਤਾਰ ਕੀਤੇ ਗਏ ਡੀਐਫਓ ਗੁਰਮਨਪ੍ਰੀਤ ਸਿੰਘ ਅਤੇ ਠੇਕੇਦਾਰ ਹਰਮੋਹਿੰਦਰ ਸਿੰਘ ਵੱਲੋਂ ਖੁਲਾਸੇ ਤੋਂ ਬਾਅਦ ਦਰਜ ਕੀਤਾ ਗਿਆ ਹੈ।























