ਸਾਬਕਾ ਸੰਸਦ ਮੈਂਬਰ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ
ਚੰਡੀਗੜ੍ਹ 16ਨਵੰਬਰ(ਵਿਸ਼ਵ ਵਾਰਤਾ)-ਪੰਜਾਬ ਦੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਪਟੀਸ਼ਨ ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਦੱਸ ਦਈਏ ਕਿ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵਿਰੁੱਧ 8 ਅਗਸਤ 2020 ਨੂੰ ਚੰਡੀਗੜ੍ਹ ਵਿੱਚ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਲਈ ਇੱਕ ਐਫਆਈਆਰ ਦਰਜ ਕੀਤੀ ਗਈ ਸੀ। ਚੰਦੂਮਾਜਰਾ ਨੇ ਲੌਕਡਾਊਨ ਦੌਰਾਨ ਦਰਜ ਐਫਆਈਆਰ ਨੂੰ ਰੱਦ ਕਰਨ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।
ਜਸਟਿਸ ਰਾਜਮੋਹਨ ਸਿੰਘ ਨੇ ਚੰਦੂਮਾਜਰਾ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ 23 ਨਵੰਬਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਵਰਣਨਯੋਗ ਹੈ ਕਿ 8 ਅਗਸਤ, 2020 ਨੂੰ ਜ਼ਿਲ੍ਹਾ ਮੈਜਿਸਟਰੇਟ ਨੇ ਸ਼ਹਿਰ ਵਿਚ ਧਾਰਾ-144 ਲਾਗੂ ਕਰ ਦਿੱਤੀ ਸੀ ਅਤੇ 5 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾ ਦਿੱਤੀ ਸੀ।
ਇਸੇ ਦਿਨ ਕਈ ਅਕਾਲੀ ਆਗੂਆਂ ਨੇ ਗੋਲਫ ਕਲੱਬ ਨੇੜੇ ਧਰਨਾ ਦਿੱਤਾ ਸੀ। ਇਸ ਕਾਰਨ ਚੰਦੂਮਾਜਰਾ ਅਤੇ ਹੋਰ ਕਈ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ-188 ਤਹਿਤ ਕੇਸ ਦਰਜ ਕੀਤਾ ਗਿਆ ਸੀ।