ਸਿਵਲ ਸਰਜਨ ਵਲੋਂ ਖਰੜ ਹਸਪਤਾਲ ’ਚ ਨਵੀਂ ਐਮ.ਸੀ.ਐਚ. ਬਿਲਡਿੰਗ ਦਾ ਨਿਰੀਖਣ
ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ ਅਤੇ ਦਿੱਤੀਆਂ ਹਦਾਇਤਾਂ
ਮੋਹਾਲੀ, 14 ਫ਼ਰਵਰੀ(ਵਿਸ਼ਵ ਵਾਰਤਾ) ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਅੱਜ ਖਰੜ ਦੇ ਸਬ-ਡਵੀਜ਼ਨਲ ਹਸਪਤਾਲ ਵਿਚ ਜੱਚਾ-ਬੱਚਾ ਸਿਹਤ ਸੰਭਾਲ (ਐਮ.ਸੀ.ਐਚ.) ਲਈ ਵਿਸ਼ੇਸ਼ ਤੌਰ ’ਤੇ ਬਣਾਈ ਗਈ ਨਵੀਂ ਇਮਾਰਤ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਬਿਲਡਿੰਗ ਦੇ ਵੱਖ-ਵੱਖ ਕਮਰਿਆਂ ਵਿਚ ਜਾ ਕੇ ਦਿਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਦਾ ਨਿਰੀਖਣ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਖਰੜ ਦੇ ਸਰਕਾਰੀ ਹਸਪਤਾਲ ਵਿਚ ਲੋਕਾਂ ਦੀ ਭੀੜ ਨੂੰ ਵੇਖਦਿਆਂ ਗਰਭਵਤੀ ਔਰਤਾਂ ਅਤੇ ਨਵਜਨਮੇ ਬੱਚਿਆਂ ਦੀ ਜਾਂਚ, ਇਲਾਜ ਅਤੇ ਸਿਹਤ ਸੰਭਾਲ ਲਈ ਵੱਖਰੀ ਇਮਾਰਤ ਬਣਾਈ ਗਈ ਹੈ ਤਾਕਿ ਉਨ੍ਹਾਂ ਨੂੰ ਅਲੱਗ ਤੌਰ ’ਤੇ ਰੱਖ ਕੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਗਰਭ ਤੋਂ ਪਹਿਲਾਂ, ਗਰਭ ਦੌਰਾਨ ਅਤੇ ਜਣੇਪੇ ਮਗਰੋਂ ਔਰਤ ਅਤੇ ਨਵਜਨਮੇ ਬੱਚੇ ਨੂੰ ਵਿਸ਼ੇਸ਼ ਡਾਕਟਰੀ ਦੇਖਭਾਲ ਅਤੇ ਸੁਖਾਵੇਂ ਮਾਹੌਲ ਦੀ ਲੋੜ ਹੁੰਦੀ ਹੈ, ਜਿਸ ਨੂੰ ਵੇਖਦਿਆਂ ਇਹ ਇਮਾਰਤ ਤਿਆਰ ਕੀਤੀ ਗਈ ਹੈ। ਇਸ ਇਮਾਰਤ ਵਿਚ ਵਿਸ਼ੇਸ਼ ਤੌਰ ’ਤੇ ਜੱਚਾ-ਬੱਚਾ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦਾ ਕੰਮ ਜਲਦ ਹੀ ਸ਼ੁਰੂ ਕਰ ਦਿਤਾ ਜਾਵੇਗਾ।
ਸਿਵਲ ਸਰਜਨ ਨੇ ਸਮੁੱਚੇ ਹਸਪਤਾਲ ਦਾ ਦੌਰਾ ਕਰਦਿਆਂ ਵੱਖ-ਵੱਖ ਵਾਰਡਾਂ ਵਿਚ ਫੇਰੀ ਪਾਈ ਅਤੇ ਵਿਸ਼ੇਸ਼ ਤੌਰ ’ਤੇ ਸਾਫ਼-ਸਫ਼ਾਈ ਦਾ ਮੁਆਇਨਾ ਕੀਤਾ। ਉਨ੍ਹਾਂ ਹਸਪਤਾਲ ਦੇ ਸਮੁੱਚੇ ਪ੍ਰਬੰਧਾਂ ਅਤੇ ਦਿਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ’ਤੇ ਤਸੱਲੀ ਪ੍ਰਗਟ ਕੀਤੀ। ਉਨ੍ਹਾਂ ਸਟਾਫ਼ ਦਾ ਹਾਜ਼ਰੀ ਰਜਿਸਟਰ ਵੀ ਚੈੱਕ ਕੀਤਾ ਅਤੇ ਸਟਾਫ਼ ਨੂੰ ਸਮੇਂ ਸਿਰ ਡਿਊਟੀ ’ਤੇ ਹਾਜ਼ਰ ਹੋਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਡਿਊਟੀ ਤੋਂ ਅਣਗਹਿਲੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਸਮੇਤ ਸਮੁੱਚੇ ਸਟਾਫ਼ ਨੂੰ ਕਿਹਾ ਕਿ ਉਹ ਮਰੀਜ਼ਾਂ ਅਤੇ ਉਨ੍ਹਾਂ ਨਾਲ ਆਉਣ ਵਾਲੇ ਸਾਕ-ਸਬੰਧੀਆਂ ਨਾਲ ਹਮਦਰਦੀ ਅਤੇ ਪਿਆਰ ਭਰਿਆ ਵਿਹਾਰ ਕਰਨ।
ਸਿਵਲ ਸਰਜਨ ਨੇ ਹਦਾਇਤ ਕੀਤੀ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਲੋਕਾਂ ਨੂੰ ਉੱਚ ਪਾਏ ਦੀਆਂ ਸਿਹਤ ਸਹੂਲਤਾਂ ਮੁਹਈਆ ਕਰਾਈਆਂ ਜਾਣ ਤੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਹੋਣੀ ਚਾਹੀਦੀ। ਮਰੀਜ਼ਾਂ ਨੂੰ ਬਾਹਰੋਂ ਦਵਾਈਆਂ ਲਿਆਉਣ ਲਈ ਕਹਿਣ ਦੀ ਬਜਾਏ ਹਸਪਤਾਲ ਵਿਚ ਹੀ ਉਪਲਭਧ ਦਵਾਈਆਂ ਦਿਤੀਆਂ ਜਾਣ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਸਹੂਲਤਾਂ ਦੇਣ ਵਿਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਦੁਆਰਾ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਪੂਰਾ ਲਾਭ ਲੋਕਾਂ ਨੂੰ ਮਿਲਣਾ ਚਾਹੀਦਾ ਹੈ। ਇਸ ਮੌਕੇ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਸ.ਐਸ. ਦਿਉਲ ਵੀ ਮੌਜੂਦ ਸਨ।
ਫ਼ੋਟੋ : ਨਵੀਂ ਇਮਾਰਤ ਦਾ ਜਾਇਜ਼ਾ ਲੈਂਦੇ ਹੋਏ ਅਤੇ ਹਸਪਤਾਲ ਦੀ ਫੇਰੀ ਦੌਰਾਨ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਤੇ ਹੋਰ ਅਧਿਕਾਰੀ।