ਐਸ.ਏ.ਐਸ. ਨਗਰ, 24 ਦਸੰਬਰ (ਡਾ. ਦੀਪਕ ਸਿੰਗਲਾ, ਵਿਸ਼ਵ ਵਾਰਤਾ)- ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਮੁਹਾਲੀ ਦੇ ਪੱਤਰਕਾਰਾਂ ਨੂੰ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡੇ।
ਪੱਤਰਕਾਰਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਦੀ ਅਪੀਲ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਦੇ 46 ਲੱਖ ਪਰਿਵਾਰਾਂ ਨੂੰ ਇਸ ਸਕੀਮ ਦੇ ਘੇਰੇ ਵਿੱਚ ਲਿਆ ਕੇ ਕ੍ਰਾਂਤੀਕਾਰੀ ਕਦਮ ਚੁੱਕਿਆ ਹੈ ਅਤੇ ਪੱਤਰਕਾਰ ਭਾਈਚਾਰੇ ਨੂੰ ਵੀ ਇਸ ਦੇ ਘੇਰੇ ਵਿੱਚ ਲਿਆਂਦਾ ਗਿਆ ਹੈ। ਉਨਾਂ ਦੱਸਿਆ ਕਿ ਹੁਣ ਤੱਕ ਰਾਜ ਭਰ ਵਿੱਚ ਲੋਕ ਇਸ ਸਕੀਮ ਤਹਿਤ 100 ਕਰੋੜ ਰੁਪਏ ਤੱਕ ਦਾ ਇਲਾਜ ਕਰਵਾ ਚੁੱਕੇ ਹਨ ਅਤੇ 40 ਲੱਖ ਕਾਰਡ ਹੁਣ ਤੱਕ ਬਣ ਚੁੱਕੇ ਹਨ ਅਤੇ ਬਾਕੀ ਕਾਰਡਾਂ ਲਈ ਵੀ ਟੈਂਡਰ ਹੋ ਚੁੱਕਾ ਹੈ, ਜੋ ਜਲਦੀ ਬਣਾਏ ਜਾਣਗੇ।
ਸਿਹਤ ਮੰਤਰੀ ਨੇ ਕਿਹਾ ਕਿ ਇਸ ਸਕੀਮ ਦੇ ਘੇਰੇ ਵਿੱਚ ਛੋਟੇ ਕਿਸਾਨ, ਛੋਟੇ ਦੁਕਾਨਦਾਰ ਤੇ ਨੀਲੇ ਕਾਰਡ ਧਾਰਕ ਸ਼ਾਮਲ ਹਨ। ਪੰਜਾਬ ਸਰਕਾਰ ਦੀ ਸੋਚ ਹੈ ਕਿ ਰਾਜ ਦੇ ਸਾਰੇ ਪਰਿਵਾਰਾਂ ਨੂੰ ਇਸ ਸਕੀਮ ਦੇ ਘੇਰੇ ਵਿੱਚ ਲਿਆਂਦਾ ਜਾਵੇ ਤਾਂ ਕਿ ਉਨਾਂ ਨੂੰ ਵੀ ਪੰਜ ਲੱਖ ਰੁਪਏ ਤੱਕ ਦੀ ਇਲਾਜ ਸਹੂਲਤ ਮੁਫ਼ਤ ਮੁਹੱਈਆ ਕਰਵਾਈ ਜਾ ਸਕੇ। ਉਨਾਂ ਦੱਸਿਆ ਕਿ ਇਸ ਸਕੀਮ ਲਈ ਇਲਾਜ ਕਰਨ ਵਾਲੇ ਹਸਪਤਾਲਾਂ ਦੀ ਸੂਚੀ ਵਿੱਚ 400 ਦੇ ਕਰੀਬ ਪ੍ਰਾਈਵੇਟ ਹਸਪਤਾਲ ਸ਼ਾਮਲ ਹਨ।
ਇਸ ਮੌਕੇ ਪੱਤਰਕਾਰਾਂ ਵੱਲੋਂ ਰੱਖੀਆਂ ਮੰਗਾਂ ਨੂੰ ਸਿਹਤ ਮੰਤਰੀ ਨੇ ਛੇਤੀ ਪੂਰਾ ਕਰਨ ਦਾ ਭਰੋਸਾ ਦਿਵਾਇਆ। ਇਸ ਦੌਰਾਨ ਸੀਨੀਅਰ ਪੱਤਰਕਾਰ ਕੇਵਲ ਸਿੰਘ ਰਾਣਾ, ਦਰਸ਼ਨ ਸਿੰਘ ਸੋਢੀ, ਮੋਹਿੰਦਰਪਾਲ ਕੌਸ਼ਿਕ, ਰਾਜੀਵ ਜੈਨ, ਕੁਲਦੀਪ ਸਿੰਘ, ਸਤਵਿੰਦਰ ਧੜਾਕ, ਰਣਜੀਤ ਰਾਣਾ, ਜਸਬੀਰ ਸਿੰਘ ਜੱਸੀ, ਗੁਰਵਿੰਦਰ ਸਿੰਘ ਅਤੇ ਜ਼ਿਲਾ ਪ੍ਰੀਸ਼ਦ ਮੈਂਬਰ ਮੋਹਨ ਸਿੰਘ ਬਠਲਾਣਾ ਹਾਜ਼ਰ ਸਨ।
ਕੈਪਸ਼ਨ: ਪੱਤਰਕਾਰਾਂ ਨੂੰ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡਦੇ ਹੋਏ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ।





















