ਸਿਹਤ ਵਿਭਾਗ ਨੇ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ
– ਜ਼ਿਲ੍ਹੇ ਵਿਚ ਹੁਣ ਤੱਕ ਯੋਗ ਵਿਅਕਤੀਆਂ ਨੇ ਲਈਆਂ 23 ਹਜ਼ਾਰ ਤੋਂ ਵੱਧ ਡੋਜਾਂ
– 45 ਸਾਲ ਤੋਂ ਵੱਧ ਉਮਰ ਦਾ ਹਰ ਵਿਅਕਤੀ ਵੈਕਸੀਨ ਲਗਵਾਉਣ ਲਈ ਯੋਗ : ਡਾ. ਗੁਰਦੀਪ ਸਿੰਘ ਕਪੂਰ
ਨਵਾਂਸ਼ਹਿਰ, 3 ਅਪ੍ਰੈਲ 2021 (ਵਿਸ਼ਵ ਵਾਰਤਾ)- ਮਾਣਯੋਗ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਰਗੇ ਮਾਰੂ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜ ਦਿੱਤੀ ਹੈ। ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਉਣ ਲਈ ਜ਼ਿਲ੍ਹੇ ਵਿੱਚ ਹੁਣ ਹਫਤੇ ਦੇ ਸਾਰੇ ਦਿਨ ਯੋਗ ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਅੱਜ ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ 1956 ਟੀਕੇ ਲਗਾਏ ਗਏ। ਇਸ ਤਰ੍ਹਾਂ ਹੁਣ ਤੱਕ ਯੋਗ ਵਿਅਕਤੀਆਂ ਨੇ 23420 ਡੋਜਾਂ ਲੈ ਲਈਆਂ ਹਨ, ਜਿਨ੍ਹਾਂ ਵਿਚ ਪਹਿਲੀ ਖੁਰਾਕ ਅਤੇ ਦੂਜੀ ਖੁਰਾਕ ਸ਼ਾਮਲ ਹੈ।
ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਕਿਹਾ ਕਿ 45 ਸਾਲ ਤੋਂ ਵੱਧ ਉਮਰ ਦਾ ਹਰ ਵਿਅਕਤੀ ਵੈਕਸੀਨ ਲਗਵਾਉਣ ਲਈ ਯੋਗ ਹੈ। ਉਨਾਂ ਸਾਰਿਆਂ ਯੋਗ ਵਿਅਕਤੀਆਂ ਨੂੰ ਜਲਦੀ ਤੋਂ ਜਲਦੀ ਟੀਕਾ ਲਗਵਾਉਣ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੀਮਤੀ ਮਨੁੱਖੀ ਜਾਨਾਂ ਨੂੰ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਉਣ ਲਈ ਜ਼ਿਲ੍ਹੇ ਵਿੱਚ ਹੁਣ ਹਫਤੇ ਦੇ ਸਾਰੇ ਦਿਨਾਂ ਵਿੱਚ ਟੀਕਾ ਮੁਹਿੰਮ ਚਲਾਈ ਜਾ ਰਹੀ ਹੈ।
ਸੂਬਾ ਸਰਕਾਰ ਨੇ ਸਾਰੇ ਯੋਗ ਵਿਅਕਤੀਆਂ ਲਈ ਨਿਰਵਿਘਨ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਦੇ ਤੰਦਰੁਸਤ ਪੰਜਾਬ ਹੈਲਥ ਵੈਲਨੈਸ ਸੈਂਟਰਾਂ ਅਤੇ ਉੱਪ-ਕੇਂਦਰਾਂ ਦੇ ਪੱਧਰ ਉੱਤੇ ਵੀ ਕੋਵਿਡ ਟੀਕਾਕਰਨ ਸ਼ੁਰੂ ਕਰ ਦਿੱਤਾ ਹੈ। ਲੋਕ ਕਿਸੇ ਵੀ ਪਛਾਣ ਪੱਤਰ ਰਾਹੀਂ ਮੌਕੇ ਉੱਤੇ ਹੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਜੋ ਕਿਸੇ ਵੀ ਯੋਗ ਵਿਅਕਤੀ ਲਈ ਟੀਕਾ ਲਾਉਣ ਲਈ ਇਹ ਇਕ ਉਚਿਤ ਦਸਤਾਵੇਜ਼ ਮੰਨਿਆ ਜਾਵੇਗਾ। ਟੀਕੇ ਦੀ ਪਹਿਲੀ ਅਤੇ ਦੂਜੀ ਖੁਰਾਕ ਲਈ ਮੌਕੇ ’ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ। www.co-iwn.govi.n ਰਾਹੀਂ ਸਵੈ ਰਜਿਸਟ੍ਰੇਸਨ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਯੋਗ ਵਿਅਕਤੀ ਆਪਣੇ ਨੇੜਲੇ ਕੇਂਦਰਾਂ ਉੱਤੇ ਟੀਕਾ ਲਗਵਾ ਸਕਦੇ ਹਨ ਅਤੇ ਇਹ ਟੀਕਾ ਪੂਰੀ ਤਰਾਂ ਸੁਰੱਖਿਅਤ ਹੈ।
ਡਾ. ਕਪੂਰ ਨੇ ਅੱਗੇ ਕਿਹਾ ਕਿ “ਆਓ ਆਪਾਂ ਸਾਰੇ ਇਹ ਯਕੀਨੀ ਬਣਾਈਏ ਕਿ ਹਰੇਕ ਯੋਗ ਵਿਅਕਤੀ ਇਹ ਟੀਕਾ ਲਗਵਾਏ।” ਕੋਵਿਡ ਦੇ ਫੈਲਾਅ ਨੂੰ ਰੋਕਣ ਅਤੇ ਸਿਹਤਮੰਦ ਤੇ ਸੁਰੱਖਿਅਤ ਭਵਿੱਖ ਸਿਰਜਣ ਲਈ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ ਅਤੇ ਸਿਹਤ ਵਿਭਾਗ ਦੀਆਂ ਇਨ੍ਹਾਂ ਕੋਸ਼ਿਸ਼ਾਂ ਵਿੱਚ ਲੋਕਾਂ ਨੂੰ ਵੀ ਆਪਣਾ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ।