ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨਾਲ ਬੇਰੋਜ਼ਗਾਰ ਅਧਿਆਪਕਾਂ ਦੀ ਮੀਟਿੰਗ ਦਾ ਨਹੀਂ ਨਿਕਲਿਆ ਕੋਈ ਹੱਲ
ਅਧਿਆਪਕਾਂ ਨੇ ਸੰਘਰਸ਼ ਜਾਰੀ ਰੱਖਣ ਦਾ ਕੀਤਾ ਐਲਾਨ
ਚੰਡੀਗੜ੍ਹ, 3ਜੁਲਾਈ (ਵਿਸ਼ਵ ਵਾਰਤਾ)- ਬੀਤੇ ਦਿਨੀਂ ਬੇਰੋਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨਾਲ ਮੀਟਿੰਗ ਤਾਂ ਹੋਈ ਪਰ ਇਸ ਮੀਟਿੰਗ ਵਿੱਚ ਕੋਈ ਨਤੀਜਾ ਨਹੀਂ ਨਿਕਲਿਆ। ਇਹ ਮੀਟਿੰਗ ਲਗਭਗ 2 ਘੰਟੇ ਚੱਲੀ। ਇਸ ਵਿਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ। ਸਿੱਖਿਆ ਮੰਤਰੀ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਮੰਨਣ ਦਾ ਜ਼ੁਬਾਨੀ ਭਰੋਸਾ ਦਿੱਤਾ ਗਿਆ ਪਰ ਅਧਿਆਪਕ ਲਿਖਤੀ ਵਿਚ ਭਰੋਸਾ ਦੇਣ ਦੀ ਗੱਲ ਤੇ ਅੜੇ ਰਹੇ। ਬੇਰੋਜ਼ਗਾਰ ਅਧਿਆਪਕਾਂ ਦਾ ਕਹਿਣਾ ਹੈ ਕਿ ਈ.ਟੀ.ਟੀ. ਦੇ ਉਮੀਦਵਾਰਾਂ ਦਾ ਹੱਕ ਉਨ੍ਹਾਂ ਤੋਂ ਖੋਹਿਆ ਜਾ ਰਿਹਾ ਹੈ। ਸਰਕਾਰੀ ਸਕੂਲਾਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਅਸਾਮੀਆਂ ਖਾਲੀਆਂ ਪਈਆਂ ਹਨ। ਅਧਿਆਪਕਾਂ ਨੇ ਸਿੱਖਿਆ ਮੰਤਰੀ ਨੂੰ ਕਿਹਾ ਕਿ ਨਵੀਆਂ ਪੋਸਟਾਂ ਕੱਢੀਆਂ ਜਾਣ ਤਾਂ ਕਿ ਬੇਰੁਜ਼ਗਾਰ ਅਧਿਆਪਕਾਂ ਨੂੰ ਵੱਧ ਤੋਂ ਵੱਧ ਨੌਕਰੀ ਮਿਲ ਸਕੇ।
ਵਿਜੈ ਇੰਦਰ ਸਿੰਗਲਾ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਮੰਨਣ ਦਾ ਜ਼ੁਬਾਨੀ ਭਰੋਸਾ ਦਿੱਤਾ ਗਿਆ ਪਰ ਅਧਿਆਪਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਨੂੰ ਲਿਖਤੀ ਭਰੋਸਾ ਨਹੀਂ ਦਿੱਤਾ ਜਾਂਦਾ ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।