ਸਿੱਧੂ ਦੇ ਪ੍ਰਧਾਨਗੀ ਸਮਾਰੋਹ ਵਿੱਚ ਉਡਾਈਆਂ ਗਈਆਂ ਕੋਰੋਨਾ ਨਿਯਮਾਂ ਦੀਆਂ ਧੱਜੀਆਂ
ਚੰਡੀਗੜ੍ਹ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਕੀਤਾ ਪਰਚਾ ਦਰਜ

ਚੰਡੀਗੜ੍ਹ,24 ਜੁਲਾਈ(ਵਿਸ਼ਵ ਵਾਰਤਾ) ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਆਹੁਦਾ ਸੰਭਾਲਣ ਦੇ ਸਮਾਗਮ ਦੌਰਾਨ ਚੰਡੀਗੜ੍ਹ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ COVID-19 ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਐਫਆਈਆਰ ਦਰਜ ਕੀਤੀ ਹੈ।
ਪੁਲਿਸ ਨੇ ਸ਼ਨੀਵਾਰ ਨੂੰ ਦੱਸਿਆ ਕਿ ਭਾਰਤੀ ਦੰਡਾਵਲੀ ਅਤੇ ਆਪਦਾ ਪ੍ਰਬੰਧਨ ਐਕਟ ਦੀ ਧਾਰਾ 188 (ਸਰਕਾਰੀ ਨੌਕਰ ਦੁਆਰਾ ਨਿਯਮਿਤ ਤੌਰ ‘ਤੇ ਜਾਰੀ ਆਗਿਆ ਦੀ ਉਲੰਘਣਾ ਕਰਨ ) ਅਧੀਨ ਕੇਸ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਇਹ ਕੇਸ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਆਏ ਅਤੇ ਪੰਜਾਬ ਕਾਂਗਰਸ ਭਵਨ ਵਿਖੇ ਇੱਕਠੇ ਹੋਏ ਵਿਅਕਤੀਆਂ ਖਿਲਾਫ ਦਰਜ ਕੀਤਾ ਗਿਆ ਹੈ। ਪੁਲਿਸ ਨੇ ਕਿਹਾ ਕਿ ਉਹਨਾਂ ਨੇ ਨਾ ਤਾਂ ਸਮਾਜਿਕ ਦੂਰੀਆਂ ਦੇ ਨਿਯਮਾਂ ਨੂੰ ਬਰਕਰਾਰ ਰੱਖਿਆ ਅਤੇ ਨਾ ਹੀ ਮਾਸਕ ਪਹਿਨੇ ਹੋਏ ਸਨ।ਉਨ੍ਹਾਂ ਦੱਸਿਆ ਕਿ ਇਹ ਕੇਸ ਸੈਕਟਰ-11 ਪੁਲਿਸ ਸਟੇਸ਼ਨ ਵਿੱਚ ਦਰਜ ਕੀਤਾ ਗਿਆ ਹੈ।
ਗੌਰਤਲਬ ਹੈ ਕਿ ਸਿੱਧੂ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਆਹੁਦਾ ਸੰਭਾਲ ਸਮਾਰੋਹ ਲਈ ਸ਼ੁੱਕਰਵਾਰ ਨੂੰ ਸੈਂਕੜੇ ਸਮਰਥਕ ਪੰਜਾਬ ਕਾਂਗਰਸ ਭਵਨ ਵਿਖੇ ਇਕੱਠੇ ਹੋਏ ਸਨ।






















